Home / Breaking News / ਦੇਸ਼ ਦੇ ਵਿਕਾਸ ਲਈ ਨਿੱਜੀ ਕੰਪਨੀਆਂ ਸਹਿਯੋਗ ਕਰਨ: ਅਰੁਣ ਜੇਤਲੀ

ਦੇਸ਼ ਦੇ ਵਿਕਾਸ ਲਈ ਨਿੱਜੀ ਕੰਪਨੀਆਂ ਸਹਿਯੋਗ ਕਰਨ: ਅਰੁਣ ਜੇਤਲੀ

ਕੇਂਦਰ ਸਰਕਾਰ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਵੇ : ਮਨਪ੍ਰੀਤ ਬਾਦਲ
ਲੁਧਿਆਣਾ, 15 ਜੁਲਾਈ  (ਜਸਵਿੰਦਰ ਚੀਮਾ)- ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਨਿੱਜੀ ਖੇਤਰ ਦੀਆਂ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਦੇਸ਼ ਦਾ ਮੁਹਾਂਦਰਾ ਸੰਵਾਰਨ ਅਤੇ ਦੇਸ਼ ਵਿੱਚ ਚੱਲ ਰਹੀ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਅੱਗੇ ਆਉਣ। ਦੇਸ਼ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਨਿਰਧਾਰਤ ਕੀਤੇ ਗਏ ਟੀਚਿਆਂ ਨੂੰ ਨਿੱਜੀ ਖੇਤਰ ਦੇ ਸਹਿਯੋਗ ਬਿਨ੍ਹਾ ਪ੍ਰਾਪਤ ਕਰਨਾ ਬਹੁਤ ਕਠਿਨ ਹੈ। ਅੱਜ ਸਥਾਨਕ ਸਤਪਾਲ ਮਿੱਤਲ ਸਕੂਲ ਵਿਖੇ ‘ਸੱਤਿਆ ਭਾਰਤੀ ਅਭਿਆਨ’ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਜੇਤਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ੁਰੂ ਕੀਤੇ ਪ੍ਰੋਗਰਾਮਾਂ ਦੇ ਚੱਲਦਿਆਂ ਭਾਰਤ ਵਿਸ਼ਵ ਦਾ ਉਹ ਦੇਸ਼ ਬਣ ਗਿਆ ਹੈ, ਜੋ ਕਿ ਸਭ ਤੋਂ ਵੱਧ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਉਸ ਵੇਲੇ ਤੱਕ ਵਿਕਸਤ ਨਹੀਂ ਹੋ ਸਕਦਾ, ਜਦੋਂ ਤੱਕ ਉਥੇ ਸਥਾਪਤ ਕੰਪਨੀਆਂ ਅਤੇ ਉਸ ਦੇਸ਼ ਦੇ ਲੋਕ ਬਣਦਾ ਸਹਿਯੋਗ ਨਹੀਂ ਪਾਉਂਦੇ। ਉਨ੍ਹਾਂ ਇਸ ਦਿਸ਼ਾ ਵਿੱਚ ਭਾਰਤੀ ਫਾਊਂਡੇਸ਼ਨ ਅਤੇ ਭਾਰਤੀ ਇੰਟਰਪ੍ਰਾਈਜਿਜ਼ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨਿੱਜੀ ਖੇਤਰ ਦੀਆਂ ਕੰਪਨੀਆਂ ਆਪਣੀ ਸਮਾਜਿਕ ਵਪਾਰਕ ਜ਼ਿੰਮੇਵਾਰੀ ਨੂੰ ਸਮਝਦਿਆਂ ਆਪਣੇ ਮੁਨਾਫ਼ੇ ਦਾ 2 ਫੀਸਦੀ ਹਿੱਸਾ ਦੇਸ਼ ਦੇ ਵਿਕਾਸ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀ ਹਰੇਕ ਕੰਪਨੀ ਇਮਾਨਦਾਰੀ ਨਾਲ ਆਪਣਾ 2 ਫੀਸਦੀ ਹਿੱਸਾ ਪਾਵੇ ਤਾਂ ਸਾਲਾਨਾ 14-15 ਹਜ਼ਾਰ ਕਰੋੜ ਰੁਪਏ ਦੇਸ਼ ਦੇ ਵਿਕਾਸ ‘ਤੇ ਲੱਗ ਸਕਦੇ ਹਨ। ਇਸ ਤੋਂ ਇਲਾਵਾ ਜਨਤਕ ਖੇਤਰ ਦੀਆਂ ਕੰਪਨੀਆਂ ਵੱਲੋਂ ਵੀ ਇਹ ਹਿੱਸਾ ਪਾਇਆ ਜਾ ਰਿਹਾ ਹੈ। ਦੋਵਾਂ ਦੇ ਮਿਲਾਪ ਨਾਲ ਦੇਸ਼ ਦੇ ਮੁਹਾਂਦਰੇ ਨੂੰ ਬੜੀ ਸਫ਼ਲਤਾ ਨਾਲ ਹੋਰ ਸੰਵਾਰਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੇ ਅਗਲੇ 5 ਸਾਲ ਦੇ ਟੀਚਿਆਂ ਬਾਰੇ ਵੀ ਚਾਨਣਾ ਪਾਇਆ। ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਜੇਤਲੀ ਨੇ ਕਿਹਾ ਕਿ ਦੇਸ਼ ਵਿੱਚ ਲਾਗੂ ਕੀਤਾ ਗਿਆ ਜੀ. ਐੱਸ. ਟੀ. ਵਪਾਰੀਆਂ, ਉੱਦਮੀ ਅਤੇ ਕਰ ਦਾਤਾਵਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਲਈ ਲਾਗੂ ਕੀਤਾ ਗਿਆ ਹੈ, ਜਿਸ ਦੇ ਭਵਿੱਖ ਵਿੱਚ ਬਹੁਤ ਵਧੀਆ ਨਤੀਜੇ ਮਿਲਣਗੇ ਅਤੇ ਦੇਸ਼ ਵਿਕਾਸ ਦੇ ਰਾਹ ‘ਤੇ ਚੱਲੇਗਾ। ਉਨ੍ਹਾਂ ਕਿਹਾ ਕਿ ਜੇਕਰ ਵਪਾਰੀ, ਉੱਦਮੀ ਅਤੇ ਕਰਦਾਤੇ ਇਸ ਪ੍ਰਣਾਲੀ ਤਹਿਤ ਇਮਾਨਦਾਰੀ ਨਾਲ ਕਰ ਅਦਾ ਕਰਨ ਤਾਂ ਯਕੀਨੀ ਤੌਰ ‘ਤੇ ਉਨ੍ਹਾਂ ਨੂੰ ਭਵਿੱਖ ਵਿੱਚ ਨਾ ਤਾਂ ਕਿਸੇ ਦਫ਼ਤਰ ਵਿੱਚ ਜਾਣਾ ਪਵੇਗਾ ਅਤੇ ਨਾ ਹੀ ਕੋਈ ਇੰਸਪੈਕਟਰ ਉਨ੍ਹਾਂ ਨੂੰ ਨਜਾਇਜ਼ ਤੰਗ
ਪ੍ਰੇਸ਼ਾਨ ਕਰੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਉਨ੍ਹਾਂ ਬਹਾਦਰ ਸ਼ੇਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਹਮੇਸ਼ਾਂ ਹਿੱਕਾਂ ਤਾਣ ਕੇ ਕ ੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜ੍ਹੇ ਦੁੱਖ ਦੀ ਗੱਲ ਹੈ ਕਿ ਅੱਜ ਦੇਸ਼ ਨੂੰ ਆਜ਼ਾਦ ਹੋਇਆਂ ਨੂੰ 70 ਸਾਲ ਹੋ ਗਏ ਹਨ ਪਰ ਲੋਕ ਹਾਲੇ ਵੀ ਆਪਣੀਆਂ ਬੁਨਿਆਦੀ ਲੋੜਾਂ ਤੋਂ ਸੱਖਣੇ ਹਨ। ਉਨ੍ਹਾਂ ਇਸ ਦਿਸ਼ਾ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਵਿੱਚੋਂ ਰੁਖ਼ਸਤ ਕਰ ਗਈਆਂ ਬਹਾਰਾਂ ਨੂੰ ਮੁੜ ਤੋਂ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਸੂਬੇ ਦੇ ਹੋਰ ਵਪਾਰਕ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਵਿੱਚ ਆਪਣਾ ਬਣਦਾ ਹਿੱਸਾ ਪਾਉਣ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ‘ਸਵੱਛ ਭਾਰਤ ਮਿਸ਼ਨ’ ਤਹਿਤ ਭਾਰਤੀ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਅਤੇ ਗਰੀਬ ਲੋਕਾਂ ਦੇ ਘਰਾਂ ਵਿੱਚ ਪਖ਼ਾਨਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਤੀ ਪਖ਼ਾਨਾ 15 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਕੈਪਟਨ ਸਰਕਾਰ ਵੱਲੋਂ ‘ਸਿਹਤਮੰਦ ਪੰਜਾਬ, ਸਾਫ਼ ਸੁਥਰਾ ਪੰਜਾਬ’ ਦੇ ਨਾਅਰੇ ਤਹਿਤ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ, ਚੰਗੀ ਸਿਹਤ ਅਤੇ ਸਿੱਖਿਆ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੋਇਆ ਹੈ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਵਿਸ਼ੇਸ਼ ਲੋੜ ਹੈ। ਇਸ ਮੌਕੇ ਭਾਰਤੀ ਫਾਊਂਡੇਸ਼ਨ, ਭਾਰਤੀ ਇੰਟਰਪ੍ਰਾਈਜ਼ਿਜ ਦੇ ਪ੍ਰਮੁੱਖ ਸ੍ਰੀ ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਨੇ ਆਪਣੀ ਵਪਾਰਕ ਸਮਾਜਿਕ ਜਿੰਮੇਵਾਰੀ ਨੂੰ ਸਮਝਦਿਆਂ ਸਾਲ 2014 ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਲੋੜਵੰਦ ਅਤੇ ਗਰੀਬ ਲੋਕਾਂ ਦੇ ਘਰਾਂ ਵਿੱਚ ਪਖ਼ਾਨੇ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ, ਜੋ ਕਿ ਅਕਤੂਬਰ 2016 ਵਿੱਚ ਮੁਕੰਮਲ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੇਂਡੂ ਖੇਤਰ ਦੇ 87 ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ 17600 ਤੋਂ ਵਧੇਰੇ ਪਖ਼ਾਨੇ ਬਣਾ ਕੇ ਦਿੱਤੇ ਹਨ। ਇਸ ਤੋਂ ਇਲਾਵਾ ਫਾਊਂਡੇਸ਼ਨ ਵੱਲੋਂ ਹੋਰ ਵੀ ਕਈ ਸਮਾਜਿਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਹੁਣ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ 55000 ਤੋਂ ਵਧੇਰੇ ਪਖ਼ਾਨੇ ਬਣਾ ਕੇ ਦੇਣਗੇ। ਜਿਸ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਉਨ੍ਹਾਂ ਸ੍ਰੀ ਜੇਤਲੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਕੰਪਨੀ ਦੇਸ਼ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਨਗਰ ਨਿਗਮ ਦੇ ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਕਮਿਸ਼ਨਰ ਸ੍ਰ. ਜਸਕਿਰਨ ਸਿੰਘ, ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਵਿਜੇ ਚੱਢਾ ਤੇ ਸ੍ਰੀਮਤੀ ਮਮਤਾ ਸਾਈਕੀ ਅਤੇ ਹੋਰ ਕਈ ਅਧਿਕਾਰੀ, ਯੋਜਨਾ ਦੇ ਲਾਭਪਾਤਰੀ ਅਤੇ ਹੋਰ ਲੋਕ ਹਾਜ਼ਰ ਸਨ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *