Home / Breaking News / ਪੰਜਾਬ ਸਰਕਾਰ ਵੱਲੋਂ ਗੈਸਟ ਹਾਊਸਾਂ ਨੂੰ ਪਬਲਿਕ-ਪ੍ਰਾਈਵੇਟ ਪ੍ਰੋਜੈਕਟ ਤਹਿਤ ਚਲਾਉਣ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਗੈਸਟ ਹਾਊਸਾਂ ਨੂੰ ਪਬਲਿਕ-ਪ੍ਰਾਈਵੇਟ ਪ੍ਰੋਜੈਕਟ ਤਹਿਤ ਚਲਾਉਣ ਦਾ ਫ਼ੈਸਲਾ

ਮੋਹਾਲੀ, 5 ਜੁਲਾਈ : ਕੈਪਟਨ ਹਕੂਮਤ ਵੀ ਹੁਣ ਵਿਰਾਸਤੀ ਭੱਲ ਵਾਲੇ ਮਹਿਮਾਨ ਘਰਾਂ ਨੂੰ ਪ੍ਰਾਈਵੇਟ ਫ਼ਰਮਾਂ ਦੀ ਝੋਲੀ ‘ਚ ਪਾਏਗੀ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਲਾਲ ਕਿੱਲੇ’ ਤੋਂ ਮੁੱਢ ਬੰਨ੍ਹਿਆ ਹੈ। ਦੇਰ ਸਵੇਰ ਬਿੱਲੀ ਥੈਲਿਓਂ ਬਾਹਰ ਆਉਣ ਵਾਲੀ ਹੈ ਅਤੇ ਤਾਹੀਓਂ ਉੱਚ ਅਫ਼ਸਰਾਂ ਨੇ ਤਿਆਰੀ ਖਿੱਚ ਰੱਖੀ ਹੈ। ਮੁੱਢਲੇ ਪੜਾਅ ‘ਤੇ ਪੰਜਾਬ ਭਰ ‘ਚੋਂ ਆਰਾਮ ਘਰਾਂ ਅਤੇ ਮਹਿਮਾਨ ਘਰਾਂ ਦੇ ਵੇਰਵੇ ਇਕੱਠੇ ਕੀਤੇ ਗਏ ਸਨ। ਉਸ ਮਗਰੋਂ ਇਨ੍ਹਾਂ ‘ਚੋਂ ਉਨ੍ਹਾਂ ਮਹਿਮਾਨ ਘਰਾਂ ਦੀ ਸ਼ਨਾਖ਼ਤ ਕੀਤੀ ਹੈ ਜੋ ਵਿਰਾਸਤੀ ਮੁੱਲ ਰੱਖਦੇ ਹਨ। ਆਮ ਰਾਜ ਪ੍ਰਬੰਧ ਵਿਭਾਗ ਤਰਫ਼ੋਂ ਹੁਣ ਇਸ ਤਰ੍ਹਾਂ ਦੇ 29 ਮਹਿਮਾਨ ਘਰਾਂ (ਗੈਸਟ ਹਾਊਸਾਂ) ਦੀ ਸ਼ਨਾਖ਼ਤ ਕੀਤੇ ਹਨ ਜੋ ਵਿਰਾਸਤੀ ਮਹੱਤਤਾ ਰੱਖਦੇ ਹਨ ਜਿਨ੍ਹਾਂ ‘ਚ ਪੰਜਾਬ ਤੋਂ ਇਲਾਵਾ ਯੂ.ਪੀ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਦੇ ਮਹਿਮਾਨ ਵੀ ਸ਼ਾਮਿਲ ਹਨ। ਆਮ ਰਾਜ ਪ੍ਰਬੰਧ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਰਾਸਤੀ ਮਹੱਤਤਾ ਰੱਖਣ ਵਾਲੇ 29 ਮਹਿਮਾਨ ਘਰਾਂ ਨੂੰ ਪਬਲਿਕ ਪ੍ਰਾਈਵੇਟ ਪ੍ਰੋਜੈਕਟ ਤਹਿਤ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਹੁਣ ਇਨ੍ਹਾਂ ਪ੍ਰੋਜੈਕਟਾਂ ਦੀ ਆਖ਼ਰੀ ਪ੍ਰਵਾਨਗੀ ਲਈ ਫਾਈਲ ਮੁੱਖ ਮੰਤਰੀ ਪੰਜਾਬ ਕੋਲ ਪੇਸ਼ ਕੀਤੀ ਜਾਣੀ ਹੈ। ਖੇਤੀ ਮਹਿਕਮੇ ਦੀ ਸ੍ਰੀ ਅਨੰਦਪੁਰ ਸਾਹਿਬ, ਤਰਨਤਾਰਨ ਅਤੇ ਪਟਿਆਲਾ ਵਿੱਚ ਜੋ ਕਿਸਾਨ ਹਵੇਲੀ ਹੈ, ਉਸ ਨੂੰ ਚਲਾਉਣ ਲਈ ਪ੍ਰਾਈਵੇਟ ਫ਼ਰਮ ਹਵਾਲੇ ਕੀਤਾ ਜਾਣਾ ਹੈ। ਲੋਕ ਨਿਰਮਾਣ ਵਿਭਾਗ ਦੇ ਜੋ ਨਵੀਂ ਦਿੱਲੀ ਵਿਚ ਕਪੂਰਥਲਾ ਹਾਊਸ, ਨਾਭਾ ਹਾਊਸ ਹਨ, ਤੋਂ ਇਲਾਵਾ ਯੂ.ਪੀ ਦੇ ਵਰਿੰਦਾਵਣ ਅਤੇ ਲੁਧਿਆਣਾ ਦੇ ਮੁੱਲਾਂਪੁਰ ਗੈੱਸਟ ਹਾਊਸ ਨੂੰ ਵੀ ਪ੍ਰਾਈਵੇਟ ਹੱਥਾਂ ‘ਚ ਦੇਣ ਦੀ ਤਿਆਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਪਾਵਰਕੌਮ ਦੇ ਬਠਿੰਡਾ ਥਰਮਲ ਕਲੋਨੀ ਵਿਚਲੇ ਪੁਰਾਣੇ ਮਹਿਮਾਨ ਘਰ ਅਤੇ ਹਾਲ ਹੀ ਵਿਚ 7,25 ਕਰੋੜ ਦੀ ਲਾਗਤ ਨਾਲ ਰੈਨੋਵੇਟ ਕੀਤੇ ਲੇਕਵਿਊ ਮਹਿਮਾਨ ਘਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚਲੇ ਜੋਗਿੰਦਰ ਨਗਰ ਅਤੇ ਸਨਨ ਮਹਿਮਾਨ ਘਰ ਨੂੰ ਵੀ ਇਸ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ। ਜਦੋਂ ਬਠਿੰਡਾ ਵਿਚ ਨਵਾਂ ਥਰਮਲ ਬਣਿਆ ਸੀ ਤਾਂ ਉਸ ਮਗਰੋਂ ਹੀ ਬਠਿੰਡਾ ਥਰਮਲ ਕਲੋਨੀ ਵਿਚਲਾ ਮਹਿਮਾਨ ਘਰ ਉੱਸਰਿਆ ਸੀ।
ਬਠਿੰਡਾ ਥਰਮਲ ਨੂੰ ਤਾਲਾ ਲਾ ਦਿੱਤਾ ਗਿਆ ਹੈ ਅਤੇ ਹੁਣ ਮਹਿਮਾਨ ਘਰ ਨੂੰ ਪ੍ਰਾਈਵੇਟ ਕੰਪਨੀ ਦੇ ਹਵਾਲੇ ਕੀਤਾ ਜਾਣਾ ਹੈ। ਸੈਰ ਸਪਾਟਾ ਵਿਭਾਗ ਦੇ ਪਿਕਾਸੀਆ ਰੋਪੜ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਤਰਨਤਾਰਨ ਅਤੇ ਪਟਿਆਲਾ ਵਿਚਲੇ ਮਹਿਮਾਨ ਘਰਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦਿੱਤਾ ਜਾਣਾ ਹੈ। ਸਿੰਚਾਈ ਮਹਿਕਮੇ ਦੇ ਬਹੁਤ ਪੁਰਾਣੇ ਵਿਰਾਸਤੀ ਦਿੱਖ ਵਾਲੇ ਆਰਾਮ ਘਰ ਹਨ, ਉਨ੍ਹਾਂ ਚੋਂ ਰੋਪੜ, ਹਰੀਕੇਵਾਲਾ, ਤਲਵਾੜਾ, ਸ਼ਾਹਪੁਰ ਕੰਡੀ, ਮਾਣਾਵਾਲਾ, ਹੈਡਵਰਕਸ ਲੁਧਿਆਣਾ ਦੇ ਮਹਿਮਾਨ ਘਰਾਂ ਦੀ ਵੀ ਸ਼ਨਾਖ਼ਤ ਕੀਤੀ ਗਈ ਹੈ। ਜੰਗਲਾਤ ਮਹਿਕਮੇ ਦੇ ਸਿਉਂਕ, ਮੋਹਾਲੀ, ਪਲਣਪੁਰ, ਮਿਰਜ਼ਾਪੁਰ, ਮਾਣੇਵਾਲਾ, ਮਾਜਰੀ, ਗੜ੍ਹੀ, ਹੁਸ਼ਿਆਰਪੁਰ ਅਤੇ ਛੱਤਬੀੜ ਚਿੜੀਆ ਘਰ ਦੇ ਮਹਿਮਾਨ ਘਰ ਵੀ ਪ੍ਰਾਈਵੇਟ ਫ਼ਰਮਾਂ ਨੂੰ ਦੇਣ ਦੀ ਤਿਆਰੀ ਕੀਤੀ ਗਈ ਹੈ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *