Home / Punjab / ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ : ਰਾਣਾ ਗੁਰਜੀਤ ਸਿੰਘ

ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ : ਰਾਣਾ ਗੁਰਜੀਤ ਸਿੰਘ

ਚੰਡੀਗੜ੍ਹ, 4 ਅਪ੍ਰੈਲ (ਪੱਤਰ ਪ੍ਰੇਰਕ) : ਪੰਜਾਬ ਦੇ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਸੂਬੇ ‘ਚ ਬਿਜਲੀ ਦਰਾਂ ਵਿਚ ਵਾਧੇ ਤੋਂ ਇਨਕਾਰ ਕਰਦੇ ਹੋਏ ਇਸ ਸਬੰਧੀ ਮੀਡੀਆ ਰਿਪੋਰਟਾਂ ਨੂੰ ਖਾਰਿਜ ਕਰਦਿਆਂ ਗੁਮਰਾਹਕੁੰਨ ਦਸਿਆ।
ਇਥੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸੂਬੇ ਵਿਚ ਕਿਫਾਇਤੀ ਬਿਜਲੀ ਮੁਹੱਈਆ ਕਰਵਾਉਣ ਦੇ ਕੀਤੇ ਚੋਣਾਵੀ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਸ ਸਬੰਧੀ ਮੀਡੀਆ ਵਿਚ ਉਨ੍ਹਾਂ ਦੀਆਂ ਟਿਪਣੀਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਵਰ ਰੈਗੂਲੇਟਰ ਬਾਬਤ ਉਨ੍ਹਾਂ ਦੀਆਂ ਟਿਪਣੀਆਂ ਬਿਜਲੀ ਦੀ ਕੀਮਤ ਸਬੰਧੀ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਸੰਦਰਭ ਵਿਚ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਨੇ ਕਿਸੇ ਵੀ ਸਮੇਂ ਬਿਜਲੀ ਦਰਾਂ ਵਿਚ ਵਾਧੇ ਦਾ ਸੁਝਾਅ ਨਹੀਂ ਦਿਤਾ। ਉਨ੍ਹਾਂ ਹੋਰ ਕਿਹਾ ਕਿ, ” ਪਾਵਰ ਰੈਗੂਲੇਟਰ ਦਾ ਕੰਮ ਵੱਖੋ ਵੱਖ ਹਿਸਿਆਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸਿਫਾਰਸ਼ਾਂ ਕਰਨਾ ਹੁੰਦਾ ਹੈ ਪਰ ਸਰਕਾਰ
ਵਲੋਂ ਕੋਈ ਵੀ ਫੈਸਲਾ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਅਤੇ ਲੋਕਾਂ ਦੇ ਹਿੱਤਾਂ ਨੂੰ ਕੇਂਦਰ ਵਿਚ ਰੱਖ ਕੇ ਹੀ ਕੀਤਾ ਜਾਵੇਗਾ। ”
ਉਨ੍ਹਾਂ ਹੋਰ ਵੇਰਵਾ ਦਿੰਦਿਆਂ ਹੋਇਆਂ ਦਸਿਆ ਕਿ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸਾਫ ਤੌਰ ਉੱਤੇ ਕਿਹਾ ਸੀ ਕਿ, ” ਅਸੀਂ ਕਾਂਗਰਸ ਦੇ ਮੈਨੀਫੈਸਟੋ ਵਿਚ ਕੀਤੇ ਵਾਅਦੇ ਅਨੁਸਾਰ ਘਰੇਲੂ ਅਤੇ ਵਪਾਰਕ ਉਪਭੋਗਤਾਵਾਂ ਨੂੰ ਕਿਫਾਇਤੀ ਦਰਾਂ ਉੱਤੇ ਬਿਜਲੀ ਮੁਹੱਈਆ ਕਰਵਾਉਣ ਲਈ ਕਦਮ ਪੁੱਟਾਂਗੇ।”
ਮੰਤਰੀ ਨੇ ਅਗਾਂਹ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਸਾਫ ਕਿਹਾ ਗਿਆ ਹੈ ਕਿ ਕਾਂਗਰਸ ਦੀ ਸਰਕਾਰ ਵਲੋਂ ਸੂਬੇ ਦੇ ਅਰਥਚਾਰੇ ਨਾਲ ਜੁੜੇ ਵੱਖੋ-ਵੱਖ ਖੇਤਰਾਂ ਜਿਨ੍ਹਾਂ ਵਿਚ ਘਰੇਲੂ ਉਪਭੋਗਤਾ, ਵਪਾਰ ਅਤੇ ਉਦਯੋਗ ਵੀ ਸ਼ਾਮਲ ਹਨ, ਨੂੰ ਕਿਫਾਇਤੀ ਦਰਾਂ ਉੱਤੇ 24*7 ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਮੈਨੀਫੈਸਟੋ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਦਯੋਗ ਜਗਤ ਲਈ ਬਿਜਲੀ ਦੀਆਂ ਦਰਾਂ 5 ਸਾਲ ਲਈ ਸਥਿਰ ਕੀਤੀਆਂ ਜਾਣਗੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਤੋਂ ਕਿਸੇ ਵੀ ਕੀਮਤ ਉੱਤੇ ਪਿਛੇ ਨਹੀਂ ਹਟਿਆ ਜਾਵੇਗਾ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦਸਿਆ ਕਿ ਸਰਕਾਰ ਵਲੋਂ ਇਸ ਸਮੇਂ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਉਣ ਦੀ ਉਦਯੋਗ ਜਗਤ ਦੀ ਮੰਗ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ, ” ਅਸੀਂ ਉਦਯੋਗਾਂ ਅਤੇ ਸੂਬੇ ਦੇ ਹੋਰ ਖੇਤਰਾਂ ਨੂੰ ਕਿਫਾਇਤੀ ਬਿਜਲੀ ਦੇਣ ਅਤੇ ਕਿਸਾਨਾਂ ਨੂੰ ਮੁਫਤ ਬਿਜਲੀ ਪ੍ਰਦਾਨ ਕਰਨਾ ਜਾਰੀ ਰੱਖਣ ਲਈ ਵਚਨਬੱਧ ਹਾਂ।”
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਦੇ ਇਕ ਹਿੱਸੇ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾਣਾ ਮੰਦਭਾਗਾ ਹੈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *