Home / Punjab / ਮੁੱਖ ਮੰਤਰੀ ਵੱਲੋਂ ਮਲੋਟ ਵਿਧਾਨ ਸਭਾ ਹਲਕੇ ‘ਚ ਸੰਗਤ ਦਰਸ਼ਨ

ਮੁੱਖ ਮੰਤਰੀ ਵੱਲੋਂ ਮਲੋਟ ਵਿਧਾਨ ਸਭਾ ਹਲਕੇ ‘ਚ ਸੰਗਤ ਦਰਸ਼ਨ

ਕਮਲਨਾਥ ਦਾ ਅਸਤੀਫ਼ਾ ’84 ਦੇ ਸਿੱਖ ਕਤਲੇਆਮ
‘ਚ ਕਾਂਗਰਸ ਦੀ ਸ਼ਮੂਲੀਅਤ ‘ਤੇ ਮੋਹਰ: ਬਾਦਲ
ਮਹਿਰਾਜਵਾਲਾ, (ਸ੍ਰੀ ਮੁਕਤਸਰ ਸਾਹਿਬ), 16 ਜੂਨ (ਆਰਤੀ ਕਮਲ) -ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸ੍ਰੀ ਕਮਲ ਨਾਥ ਦਾ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਵੱਜੋਂ ਪੰਜਾਬ ਦੇ ਇੰਚਾਰਜ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਸਟੈਂਡ ‘ਤੇ ਮੋਹਰ ਲਗਾ ਦਿੱਤੀ ਹੈ ਕਿ 1984 ਦਾ ਸਿੱਖ ਕਤਲੇਆਮ ਕਾਂਗਰਸ ਦੀ ਇਕ ਗੂੜੀ ਸਾਜਿਸ਼ ਦਾ ਹਿੱਸਾ ਸੀ। ਅੱਜ ਇੱਥੇ ਮਲੋਟ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕਮਲ ਨਾਥ ਇਸ ਅਹੁਦੇ ਨੂੰ ਲੈਣ ਲਈ ਟਾਲਮਟੋਲ ਕਰ ਰਹੇ ਸਨ ਕਿਉਂਕਿ ਉਨ੍ਹਾਂ ਦਾ ਜਮੀਰ ਇਹ ਜਾਣਦਾ ਹੈ ਕਿ ਉਹ ਸਿੱਖਾਂ ਦੇ ਇਸ ਬੇਰਹਿਮ ਹਤਿਆਕਾਂਡ ਦੀ ਸਾਜਿਸ਼ ਵਿਚ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਸ੍ਰੀ ਕਮਲ ਨਾਥ ਸੂਬੇ ਦੇ ਲੋਕਾਂ ਦੇ ਸਨਮੁੱਖ ਹੋਣ ਦੀ ਹਿੰਮਤ ਨਹੀਂ ਜੁਟਾ ਸਕੇ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਅਤੇ ਖਾਸ ਤੌਰ ਤੇ ਸਿੱਖ ਕਮਲ ਨਾਥ ਅਤੇ ਕਾਂਗਰਸ ਪਾਰਟੀ ਦੇ ਉਨ੍ਹਾਂ ਹੋਰ ਆਗੂਆਂ ਨੂੰ ਕਦੇ ਵੀ ਮਾਫ ਨਹੀਂ ਕਰਨਗੇ ਜਿੰਨ੍ਹਾਂ ਨੇ ਸਿੱਖ ਕਤਲੇਆਮ ਨੂੰ ਅਮਲੀ ਜਾਮਾ ਪਹਿਨਾਇਆ ਸੀ। ਕੌਮੀ ਹਵਾਬਾਜ਼ੀ ਨੀਤੀ 2016 ਨੂੰ ਸੂਬੇ ਲਈ ਇਕ ਵਰਦਾਨ ਦੱਸਦੇ ਹੋਏ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਜਲੰਧਰ ਨੇੜੇ ਆਦਮਪੁਰ ਵਿਚਲਾ ਹਵਾਈ ਅੱਡਾ ਛੇਤੀ ਹੀ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਨਾਲ ਇਸ ਮਸਲੇ ਨੂੰ ਲਗਾਤਾਰ ਚੁੱਕਦੀ ਰਹੀ ਹੈ ਅਤੇ ਹੁਣ ਐਨ.ਡੀ.ਏ. ਸਰਕਾਰ ਨੇ ਇਸ ‘ਤੇ ਮੋਹਰ ਲਗਾ ਕੇ ਪੰਜਾਬ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਹੈ ਜਦ ਸੂਬੇ ਦੇ ਦੁਆਬੇ ਦੇ ਵਿਚ ਇਹ ਹਵਾਈ ਅੱਡਾ ਚਾਲੂ ਹੋ ਜਾਵੇਗਾ ਜਿਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਬਹੁਤ ਲਾਭ ਹੋਵੇਗਾ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਖੇ ਪ੍ਰੈਸ ਕਾਨਫਰੰਸ ਕਰਨਾ ਕੈਪਟਨ ਅਮਰਿੰਦਰ ਦਾ ਆਪਣੇ ਦਰਬਾਰ ਲਗਾਉਣ ਦੇ ਐਲਾਨ  ਤੋਂ ਭੱਜਣ ਦਾ ਢੰਗ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪੰਜਾਬ ਦੀ ਗਰਮੀ ਨੂੰ ਬਰਦਾਸ਼ਤ
ਨਹੀਂ ਕਰ ਸਕਕੇ ਜਿਸ ਕਾਰਨ ਉਹ ਅਜਿਹੇ ਤਰੀਕੇ ਅਪਨਾ ਕੇ ਦਰਬਾਰ ਲਗਾਉਣ ਤੋਂ ਆਪਣੇ ਐਲਾਣਾ ਤੋਂ ਖਹਿੜਾ ਛੁੜਾਉਣਾ ਚਾਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਿਸੇ ਵੀ ਤਰਾਂ ਦੀ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਪੰਜਾਬ ਸਰਕਾਰ ਸੂਬੇ ਵਿਚ ਅਮਨ, ਕਾਨੂੰਨ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਦੇ ਕਦਾਈ ਹਿੰਸਾਂ ਦੀਆਂ ਘਟਨਾਵਾਂ ਆਲਮੀ ਵਰਤਾਰਾ ਹਨ ਤੇ ਅਮਰੀਕਾ ਵਰਗੇ ਅਗਾਂਹਵੱਧੂ ਦੇਸ਼ ਵੀ ਇਸ ਤੋਂ ਅਛੂਤੇ ਨਹੀਂ ਹਨ। ਪਰ ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਮੁੱਦਿਆਂ ਤੇ ਸਿਆਸਤ ਬਿਲਕੁੱਲ ਗਲਤ ਅਤੇ ਗੈਰ ਲੋਂੜੀਦੀ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਲਗਾਤਾਰ ਬਿਜਲੀ ਮੁਹਈਆ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਜਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਸੀਜਨ ਦੌਰਾਨ ਕਿਸਾਨਾਂ ਅਤੇ ਘਰੇਲੂ ਉਪਭੋਗਤਾਵਾਂ ਨੂੰ ਨਿਰਵਿਘਨ ਬਿਜਲੀ ਮੁਹਈਆ ਕਰਵਾਈ ਜਾ ਸਕੇ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਸਮਾਗਮਾਂ ਵਿਚ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਬਾ ਸਰਕਾਰ ਨੇ ਪੰਜਾਬ ਦੀ ਭਲਾਈ ਲਈ ਕਈ ਅਹਿਮ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਕਾਰਨ ਹੀ ਅੱਜ ਪੰਜਾਬ ਦੇਸ਼ ਦਾ ਇਕੋ ਇਕ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਇਕ ਗਰੀਬ ਅਤੇ ਲੋਕ ਪੱਖੀ ਫੈਸਲੇ ਤਹਿਤ ਸੂਬਾ ਸਰਕਾਰ ਨੇ ਪੰਜਾਬ ਵਿਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਪੈਨਸ਼ਨਾਂ ਨੂੰ ਦੁੱਗਣਾ ਕਰਨ ਦਾ ਅਹਿਮ ਫੈਸਲਾ ਲਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ 50 ਹਜਾਰ ਰੁਪਏ ਤੱਕ ਦੇ ਵਿਆਜ ਮੁਕਤ ਫਸਲੀ ਕਰਜ ਦੇਣ ਦਾ ਵੀ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹੁਣ 50 ਹਜਾਰ ਰੁਪਏ ਤੱਕ ਦਾ ਸਿਹਤ ਬੀਮਾ ਮੁਹਈਆ ਕਰਵਾਇਆ ਗਿਆ ਹੈ ਅਤੇ 5 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਕੀਤਾ ਗਿਆ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਭਾਰੀ ਸਫਲਤਾ ਤੇ ਸਤੁੰਸ਼ਟੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਇਹ ਇਕ ਨਵੇਕਲੀ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸ੍ਰੀ ਨਾਂਦੇੜ ਸਾਹਿਬ, ਵਾਰਾਣਸੀ, ਵੈਸ਼ਣੋ ਦੇਵੀ, ਅਜਮੇਰ ਸ਼ਰੀਫ ਅਤੇ ਸਾਲਾਸਾਰ ਧਾਮ ਦੀ ਯਾਤਰਾ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਟ੍ਰੇਨ, ਬੱਸ ਦਾ ਪ੍ਰਬੰਧ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਅੱਜ ਪਿੰਡ ਰੁਪਾਣਾ, ਮਹਿਰਾਜਵਾਲਾ, ਖਾਨੇ ਕੀ ਢਾਬ ਆਦਿ ਥਾਂਵਾਂ ਤੇ ਮਲੋਟ ਹਲਕੇ ਦੀਆਂ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦੇ ਐਲਾਣ ਵੀ ਕੀਤੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਲੋਕ ਸਭਾ ਮੈਂਬਰ ਸ: ਸ਼ੇਰ ਸਿੰਘ ਘੁਬਾਇਆ, ਚੇਅਰਮੈਨ ਸ: ਬਸੰਤ ਸਿੰਘ ਕੰਗ, ਜੱਥੇਦਾਰ ਨਵਤੇਜ ਸਿੰਘ ਕਾਉਣੀ, ਸੋਈ ਮਾਲਵਾ ਜੋਨ ਇਕ ਦੇ ਪ੍ਰਧਾਨ ਸ: ਰੌਬਿਨ ਬਰਾੜ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਸੁਮੀਤ ਜਾਰੰਗਲ, ਏ.ਡੀ.ਸੀ. ਵਿਕਾਸ ਸ: ਕੁਲਵੰਤ ਸਿੰਘ, ਐਸ.ਐਸ.ਪੀ. ਸ: ਗਰਪ੍ਰੀਤ ਸਿੰਘ ਗਿੱਲ ਆਦਿ ਵੀ ਹਾਜਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *