Home / Punjab / ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ‘ਚ ਸੰਗਤ ਦਰਸ਼ਨ ਅਮਨ-ਕਾਨੂੰਨ ਦੇ ਮੁੱਦੇ ‘ਤੇ ਅਕਾਲੀ-ਭਾਜਪਾ ਗੱਠਜੋੜ ‘ਚ ਕੋਈ ਮਤਭੇਦ ਨਹੀਂ : ਬਾਦਲ

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ‘ਚ ਸੰਗਤ ਦਰਸ਼ਨ ਅਮਨ-ਕਾਨੂੰਨ ਦੇ ਮੁੱਦੇ ‘ਤੇ ਅਕਾਲੀ-ਭਾਜਪਾ ਗੱਠਜੋੜ ‘ਚ ਕੋਈ ਮਤਭੇਦ ਨਹੀਂ : ਬਾਦਲ

ਹੁਸ਼ਿਆਰਪੁਰ, 10 ਅਗਸਤ (ਚ.ਨ.ਸ.) : ਅਮਨ ਤੇ ਕਾਨੂੰਨ ਵਿਵਸਥਾ ਮੁੱਦੇ ‘ਤੇ ਅਕਾਲੀ-ਭਾਜਪਾ ਗੱਠਜੋੜ ਦਰਮਿਆਨ ਕਿਸੇ ਵੀ ਤਰ੍ਹਾਂ ਦੇ ਮਤਭੇਦ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਗੱਠਜੋੜ ਸਰਕਾਰ ਸੂਬੇ ਵਿੱਚ ਅਮਨ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਸੰਕਲਪ ਹੈ ਜੋ ਸਰਕਾਰ ਦਾ ਪਵਿੱਤਰ ਫਰਜ਼ ਤੇ ਮੁੱਖ ਤਰਜੀਹ ਹੈ।  ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸ. ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਆਪਸੀ ਸਦੀਵੀ ਰਿਸ਼ਤਾ ਹੈ। ਉਨ੍ਹਾਂ ਦੁਹਰਾਇਆ ਕਿ ਦੋਵੇਂ ਸਹਿਯੋਗੀ ਪਾਰਟੀਆਂ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਮਤਭੇਦ ਨਹੀਂ ਹੈ ਅਤੇ ਦੋਵੇਂ ਭਾਈਵਾਲ ਪਾਰਟੀਆਂ ਰਾਜ ਵਿੱਚ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹਨ।  ਆਰ.ਐਸ.ਐਸ. ਆਗੂ ਬ੍ਰਿਗੇਡੀਅਰ (ਸੇਵਾ-ਮੁਕਤ) ਜਗਦੀਸ਼ ਗਗਨੇਜਾ ‘ਤੇ ਹੋਏ ਹਮਲੇ ਸਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਜ ਵਿਰੋਧੀ ਤੱਤਾਂ ਤੋਂ ਚੌਕਸ ਰਹਿਣਾ ਚਾਹੀਦਾ ਹੈ, ਜੋ ਅਜਿਹੇ ਘਿਨੌਣੇ ਅਤੇ ਸਾਜ਼ਿਸ਼ ਭਰੇ ਕਾਰਨਾਮਿਆਂ ਰਾਹੀਂ ਲੋਕਾਂ ਵਿੱਚ ਫਿਰਕੂ ਪਾੜਾ ਪਾਉਣ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਇਸ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਤਾਂ ਜੋ ਸਾਰੀ ਸਾਜ਼ਿਸ਼ ਨੂੰ ਬੇਨਕਾਬ ਕਰਕੇ ਅਸਲ ਤਸਵੀਰ ਲੋਕਾਂ ਸਾਹਮਣੇ ਲਿਆਂਦੀ ਜਾ ਸਕੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਭਵਿੱਖ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਸ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੁਪਨਿਆਂ ਦੇ ਸੰਸਾਰ ਵਿੱਚ ਰਹਿੰਦੇ ਹਨ ਜਦਕਿ ਵਿਕਾਸ ਅਤੇ ਸਾਰੇ ਵਰਗਾਂ ਦੀ ਭਲਾਈ ਦੇ ਮਾਮਲੇ ਵਿੱਚ ਸਾਡੀ ਲੋਕਪ੍ਰਿਅਤਾ ਦਾ ਦੂਰ-ਦੂਰ ਤੱਕ ਕੋਈ ਵੀ ਮੁਕਾਬਲਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰ੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਕੇਵਲ ਵਿਕਾਸ ਕਰਵਾਉਣ ਵਿੱਚ ਵਿਸਵਾਸ਼ ਰੱਖਦਾ ਹੈ ਜਦਕਿ ਦੋਵੇਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਵਿੱਚ ਰੁਚੀ ਰੱਖਦੀਆਂ ਹਨ।  ਸ. ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਮੁੱਖ ਮੰਤਰੀ ਬਣਨ ਦਾ ਦਾਅਵਾ ਕੀਤਾ ਸੀ ਜਦਕਿ ਉਨ੍ਹਾਂ ਨੂੰ ਧੂੜ ਚੱਟਣੀ ਪਈ ਸੀ। ਉਨ੍ਹਾਂ ਕਿਹਾ ਕਿ ਇਸ ਪਾਰਟੀ ਕੋਲ ਵਿਕਾਸ ਅਤੇ ਸੂਬੇ ਦੀ ਖੁਸ਼ਹਾਲੀ ਸਬੰਧੀ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਇਹ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਦੋਵੇਂ ਵਿਰੋਧੀ ਪਾਰਟੀਆਂ ਆਪ ਅਤੇ ਕਾਂਗਰਸ ਦਾ ਰਾਜ ਵਿੱਚੋਂ ਪੂਰੀ ਤਰ੍ਹਾਂ ਨਾਲ ਸਫਾਇਆ ਹੋ ਜਾਵੇਗਾ।  ਸੂਬੇ ਵਿੱਚ ਹੋਈ ਗੈਂਗਵਾਰ ਘਟਨਾ ਸਬੰਧੀ ਪੁੱਛੇ ਗਏ ਪ੍ਰਸ਼ਨ ਦੇ ਉੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਅਜਿਹੇ ਅਪਰਾਧਿਕ ਤੱਤਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਹਰ ਕੀਮਤ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਬਾਕੀ ਰਾਜਾਂ ਦੇ ਮੁਕਾਬਲੇ ਅਮਨ ਅਤੇ ਕਾਨੂੰਨੀ ਦੀ ਸਥਿਤੀ ਵਿੱਚ ਪੰਜਾਬ ਦੀ ਸਥਿਤੀ ਬੇਹੱਦ ਵਧੀਆ ਹੈ, ਕਿਉਂਕਿ ਇਥੇ ਬਾਕੀ ਰਾਜਾਂ ਦੇ ਮੁਕਾਬਲੇ ਅਪਰਾਧਕਿ ਦਰ ਬੇਹੱਦ ਘੱਟ ਹੈ।
ਇਸ ਦੌਰਾਨ ਸਥਾਨਕ ਨਿਵਾਸੀਆਂ ਦੁਆਰਾ ਗੈਰ ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਸ਼ਰਾਬ ਦੇ ਠੇਕਿਆਂ ਉਪਰ ਕਾਨੂੰਨੀ ਕਾਰਵਾਈ ਕਰਨ ਦੀ ਮੰਗ ‘ਤੇ ਮੁੱਖ ਮੰਤਰੀ ਨੇ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਅਣ-ਅਧਿਕਾਰਤ ਤੌਰ ‘ਤੇ ਠੇਕੇ ਚਲਾ ਰਹੇ ਠੇਕੇਦਾਰਾਂ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਅਤੇ ਇਨ੍ਹਾਂ ਦੇ ਲਾਇਸੰਸ ਰੱਦ ਕੀਤੇ ਜਾਣ। ਇਸ ਦੌਰਾਨ ਮੁੱਖ ਮੰਤਰੀ ਨੇ ਸੜਕਾਂ, ਵਾਟਰ ਸਪਲਾਈ, ਸੀਵਰੇਜ ਅਤੇ ਸਟਰੀਟ ਲਾਈਟਾਂ ਲਈ ਹੁਸ਼ਿਆਰਪੁਰ ਸ਼ਹਿਰ ਨੂੰ 49 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਘੋਸ਼ਣਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਰਾਜ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਇੱਕ ਅਹਿਮ ਉਪਰਾਲਾ ਹੈ ਜਿਸ ਦਾ ਇਕੋ ਇੱਕ ਮਕਸਦ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਕ ਤਾਂ ਸੰਗਤਾਂ ਦੇ ਦਰਸ਼ਨ ਹੋ ਜਾਂਦੇ ਹਨ ਅਤੇ ਦੂਜਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਕਾਰਗੁਜਾਰੀ ਦਾ ਵੀ ਪਤਾ ਲਗ ਜਾਂਦਾ ਹੈ।
ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸੰਯੁਕਤ ਵਿਸ਼ੇਸ਼ ਪ੍ਰਿੰਸੀਪਲ ਸੈਕਟਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਅਤੇ ਐਸ.ਐਸ.ਪੀ. ਕੇ. ਐਸ. ਚਾਹਲ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *