Home / Punjab / ਰੋਪੜ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ

ਰੋਪੜ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ

‘ਆਪ’ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਝਾੜੂ ਛਾਪਣਾ ਬੱਜਰ ਪਾਪ : ਬਾਦਲ

ਘਨੌਲੀ (ਰੋਪੜ),8 ਜੁਲਾਈ (ਚ.ਨ.ਸ.) : ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਨਾਲ ਆਪਣੇ ਚੋਣ ਨਿਸ਼ਾਨ ਝਾੜੂ ਨੂੰ ਦਰਸਾਉਣਾ ਇਕ ਘਿਨਾਉਣਾ ਜੁਰਮ ਹੈ ਜਿਸ ਨੇ ਨਾ ਸਿਰਫ ਸੂਬੇ ਦੇ ਸਗੋਂ ਦੁਨੀਆਂ ਭਰ ਦੇ ਸਮੁੱਚੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਲੂੰਧਰਿਆ ਹੈ।  ਰੋਪੜ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਿਰਫ ਕੀਤਾ ਗਿਆ ਜੁਰਮ ਆਮ ਜੁਰਮ ਨਹੀਂ ਹੈ ਸਗੋਂ ਇਹ ਇਕ ਘਿਨਾਉਣਾ ਅਪਰਾਧ ਹੈ ਜੋ ਕਿ ਮੁਆਫੀ ਦੇ ਯੋਗ ਨਹੀਂ ਹੈ। ਸ. ਬਾਦਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਿੱਖ ਧਰਮ ਪ੍ਰਤੀ ਨਿਰਾਦਰ ਵਾਲੀ ਮਾਨਸਿਕਤਾ ਨੂੰ ਦਰਸਾਉਂਦਾ ਹੈ ਅਤੇ ਇਹ ਪਾਪ ਬੇਅਦਬੀ ਦੇ ਤੁਲ ਹੈ। ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤੀ ਜਾ ਰਹੀ ਸੰਭਾਵਿਤ ਕਾਨੂੰਨੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨ ਆਪਣਾ ਰਾਹ ਆਪ ਅਖਤਿਆਰ ਕਰੇਗਾ ਅਤੇ ਸੂਬਾ ਸਰਕਾਰ ਨੇ ਪਹਿਲਾਂ ਹੀ ‘ਪੰਜਾਬ ਪੀਨਲ ਕੋਡ ਸੋਧ ਬਿੱਲ-2016’ ਬਣਾਇਆ ਹੋਇਆ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਦੀ ਵਿਵਸਥਾ ਧਾਰਾ 295-ਏ-ਏ ਜੋੜ ਕੇ ਕੀਤੀ ਗਈ ਹੈ। ਇਸੇ ਦੇ ਨਾਲ ਹੀ ਆਈ.ਪੀ.ਸੀ. ਦੀ ਧਾਰਾ 295 ਹੇਠ ਸਜ਼ਾ ਵਿੱਚ ਵਾਧਾ ਕੀਤਾ ਗਿਆ ਹੈ। ਕਿਸੇ ਵੀ ਧਰਮ ਦੀ ਬੇਅਦਬੀ ਕਰਨ ਜਾਂ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਲਈ ਸਜ਼ਾ 2 ਸਾਲ ਤੋਂ ਵਧਾ ਕੇ 10 ਸਾਲ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਪ ਵੱਲੋਂ ਕੀਤਾ ਗਿਆ ਇਹ ਅਣਮਨੁੱਖੀ ਕਾਰਾ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ, ਭਗਵਦ ਗੀਤਾ ਅਤੇ ਕੁਰਾਨ ਸ਼ਰੀਫ ਵਰਗੇ ਪਵਿੱਤਰ ਗ੍ਰੰਥਾਂ ਪ੍ਰਤੀ ਸੰਵੇਦਨਹੀਣਤਾ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੀ ਆਪ ਵਰਗੀ ਪਾਰਟੀ ਹੀ ਹੈ ਜਿਸ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਵਾਇਆ ਸੀ ਜੋ ਕਿ ਅਜੇ ਵੀ ਸਿੱਖ ਭਾਈਚਾਰੇ ਦੀ ਮਾਨਸਿਕਤਾ ਵਿੱਚ ਚੇਤੇ ਹੈ।
ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਨੀਲ ਜਾਖੜ ਵੱਲੋਂ ਐਸ.ਵਾਈ.ਐਲ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸੂਬੇ ਦੇ ਹੱਕ ਵਿੱਚ ਭਰੋਸਾ ਲੈਣ ਸਬੰਧੀ ਦਿੱਤੇ ਅਲਟੀਮੇਟਮ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਸ੍ਰੀ ਜਾਖੜ ਵਰਗੇ ਸੂਝਵਾਨ ਆਗੂ ਲਈ ਇਹ ਵਾਜਬ ਗੱਲ ਨਹੀਂ ਹੈ ਜੋ ਕਿ ਇਸ ਮੁੱਦੇ ਬਾਰੇ ਭਲੀਭਾਂਤ ਜਾਣੂੰ ਹਨ। ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਲੰਬਿਤ ਪਿਆ ਹੈ ਅਤੇ ਇਸ ਸਬੰਧੀ ਅੰਤਮ ਫੈਸਲਾ ਕਿਸੇ ਸਮੇਂ ਵੀ ਆ ਸਕਦਾ ਹੈ। ਉਨ੍ਹਾਂ ਕਿਹਾ ”ਪ੍ਰਧਾਨ ਮੰਤਰੀ ਇਸ ਮੌਕੇ ਇਸ ਮਾਮਲੇ ਵਿੱਚ ਕਿਸ ਤਰ੍ਹਾਂ  ਦਖ਼ਲ ਦੇ ਸਕਦੇ ਹਨ ਜਦੋਂਕਿਇਹ ਕੇਸ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹੈ?” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਜਾਖੜ ਵੋਟਾਂ ਦੀ ਸਿਆਸਤ ਲਈ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਭਲੀਭਾਂਤ ਇਸ ਗੱਲ ਤੋਂ ਜਾਣੂੰ ਹਨ ਕਿ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਉਸ ਸਮੇਂ ਦੇ ਪੰਜਾਬ ਦੇ ਮੁੱਖ ਮੰਤਰੀ ਨੂੰ ਐਸ.ਵਾਈ.ਐਲ ਨਹਿਰ ਪੁੱਟਣ ਦੇ ਹੁਕਮ ਦਿੱਤੇ ਸਨ ਅਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਸਣੇ ਸੂਬੇ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਇਸ ਨਹਿਰ ਦਾ ਨੀਂਹ ਪੱਥਰ ਰੱਖਿਆ ਸੀ। ਸ. ਬਾਦਲ ਨੇ ਕਿਹਾ ਕਿ ਐਸ.ਵਾਈ.ਐਲ. ਨਹਿਰ ਪੰਜਾਬ ਤੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਹੈ ਜਿਸ ਦੀ ਇਬਾਰਤ ਸਿਰਫ ਤੇ ਸਿਰਫ ਕਾਂਗਰਸ ਨੇ ਹੀ ਲਿਖੀ ਸੀ। ਉਨ੍ਹਾਂ ਨੇ ਸ੍ਰੀ ਜਾਖੜ ਨੂੰ ਇਸ ਮਾਮਲੇ ‘ਤੇ ਸਿਆਸਤ ਕਰਨ ਦੀ ਬਜਾਏ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਉਸਾਰੂ ਭੂਮਿਕਾ ਨਿਭਾਉਂਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਦਰਿਆਵਾਂ ਦੇ ਪਾਣੀ ਦੀ ਰਾਖੀ ਲਈ ਕਿਸੇ ਨੇ ਉਸਾਰੂ ਭੂਮਿਕਾ ਨਿਭਾਈ ਸੀ ਅਤੇ ਕਿਸ ਨੇ ਦਰਿਆਵਾਂ ਦੇ ਪਾਣੀਆਂ ‘ਤੇ ਡਾਕਾ ਪਵਾਉਣ ਦੀ ਕੋਸ਼ਿਸ਼ ਕੀਤੀ ਸੀ।
ਇਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਫਰ-ਏ-ਸ਼ਹਾਦਤ ਦਾ ਸਮੁੱਚਾ ਅਸਲ ਮਾਰਗ ਨੂੰ ਲੋਕ ਨਿਰਮਾਣ ਵਿਭਾਗ ਵੱਲੋਂ ਮਜ਼ਬੂਤ ਬਣਾਇਆ ਜਾਵੇਗਾ। ਰੋਪੜ ਜ਼ਿਲ੍ਹੇ ਦੇ ਕੁਮਾ ਮਾਸ਼ਕੀ ਤੋਂ ਫਤਹਿਗੜ੍ਹ ਸਾਹਿਬ ਵਾਇਆ ਮੋਰਿੰਡਾ ਸੜਕ ਨੂੰ ਮਜ਼ਬੂਤ ਬਣਾਉਣਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਮਹਾਨ ਸ਼ਰਧਾਂਜਲੀ ਹੋਵੇਗੀ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰੋਪੜ ਜ਼ਿਲ੍ਹੇ ਵਿੱਚ 17.52 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 10.12 ਕਿਲੋਮੀਟਰ ਸੜਕ ਦਾ ਨੀਂਹ ਪੱਥਰ ਰੱਖਿਆ ਹੋਇਆ ਹੈ।
ਅੰਬੁਜਾ ਸੀਮੈਂਟ ਪਲਾਂਟ ਨੇੜਲੇ ਪਿੰਡਾਂ ਵਿੱਚ ਜਲ ਤੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਇਕ ਉਚ ਪੱਧਰ ਕਮੇਟੀ ਬਣਾਉਣ ਦਾ ਐਲਾਨ ਕੀਤਾ ਜੋ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ, ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ, ਰੋਪੜ ਥਰਮਲ ਪਲਾਂਟ ਦੇ ਚੀਫ ਇੰਜਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਚੀਫ ਇੰਜਨੀਅਰ, ਡਰੇਨੇਜ਼ ਦੇ ਚੀਫ ਇੰਜਨੀਅਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜਨੀਅਰ ਅਤੇ ਰੋਪੜ ਦੇ ਡਿਪਟੀ ਕਮਿਸ਼ਨਰ ‘ਤੇ ਅਧਾਰਿਤ ਬਣਾਈ ਜਾਵੇਗੀ। ਇਹ ਕਮੇਟੀ ਇਸ ਮੁੱਦੇ ‘ਤੇ ਸਮੱਸਿਆ ਦੇ ਸਥਾਈ ਹੱਲ ਲਈ ਆਪਣੇ ਸੁਝਾਅ ਦੇਵੇਗੀ। ਸੰਗਤ ਦਰਸ਼ਨ ਦੌਰਾਨ ਹਾਸਲ ਹੋਈਆਂ ਬਹੁਤ ਸਾਰੀਆਂ ਸ਼ਿਕਾਇਤਾਂ ਦੇ ਕਾਰਨ ਮੁੱਖ ਮੰਤਰੀ ਨੇ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਕਮੇਟੀ ਦਾ ਫੈਸਲਾ ਕੀਤਾ।
ਸੰਗਤ ਦਰਸ਼ਨ ਦੀ ਅਹਿਮੀਅਤ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਇਹ ਇਕ ਵਿਲੱਖਣ ਪ੍ਰੋਗਰਾਮ ਹੈ ਜਿਸ ਦੇ ਨਾਲ ਸਥਾਨਕ ਜ਼ਰੂਰਤਾਂ ਦੇ ਅਨੁਸਾਰ ਵਿਕਾਸ ਨੂੰ ਯਕੀਨੀ ਬਣਾਇਆ ਜਾਂਦਾ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਚਾਵਲਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਐਸ. ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਰੋਪੜ ਸ੍ਰੀ ਕਰੁਣੇਸ਼ ਸ਼ਰਮਾ, ਜ਼ਿਲ੍ਹਾ ਪੁਲੀਸ ਮੁਖੀ ਰੋਪੜ ਸ੍ਰੀ ਵਰਿੰਦਰ ਸਿੰਘ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਚੀਫ ਇੰਜਨੀਅਰ ਸ੍ਰੀ ਦਲਜੀਤ ਸਿੰਘ ਚੀਮਾ ਹਾਜ਼ਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *