Home / Punjab / ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਨਾਲ ਮੀਟਿੰਗ ਸ਼ਹਿਰਾਂ ਦੀ ਸਫ਼ਾਈ ਨਾਲ ਕੋਈ ਸਮਝੌਤਾ ਨਹੀਂ: ਸਿੱਧੂ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਨਾਲ ਮੀਟਿੰਗ ਸ਼ਹਿਰਾਂ ਦੀ ਸਫ਼ਾਈ ਨਾਲ ਕੋਈ ਸਮਝੌਤਾ ਨਹੀਂ: ਸਿੱਧੂ

ਚੰਡੀਗੜ੍ਹ, 19 ਮਈ (ਪੱਤਰ ਪ੍ਰੇਰਕ) : ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ-ਸੁਥਰੀ ਦਿੱਖ ਦੇਣ ਅਤੇ ਸ਼ਹਿਰਾਂ ਦੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੀਆਂ 10 ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਸ੍ਰੀ ਸਿੱਧੂ ਨੇ ਕਲੱਸਟਰ ਅਨੁਸਾਰ ਸਾਰੀਆਂ ਸਥਾਨਕ ਸਰਕਾਰਾਂ ਇਕਾਈਆਂ ਵਿੱਚ ਚੱਲ ਰਹੇ ਠੋਸ ਰਹਿੰਦ-ਖੂੰਹਦ ਅਤੇ ਸਫਾਈ ਲਈ ਕੀਤੇ ਜਾਂਦੇ ਇੰਤਜ਼ਾਮਾਂ ਦੀ ਹਰ ਪੱਖੋਂ ਘੋਖ ਕਰਦੇ ਹੋਏ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਭਾਗ ਦੇ ਸਲਾਹਕਾਰ ਡਾ. ਅਮਰ ਸਿੰਘ, ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ, ਡਾਇਰੈਕਟਰ ਸ੍ਰੀ ਕੇ.ਕੇ.ਯਾਦਵ ਅਤੇ ਚੀਫ ਇੰਜੀਨੀਅਰ ਸ੍ਰੀ ਏ.ਐਸ.ਧਾਲੀਵਾਲ ਵੀ ਹਾਜ਼ਰ ਸਨ।
ਸ੍ਰੀ ਸਿੱਧੂ ਨੇ ਕਿਹਾ ਕਿ ਸ਼ਹਿਰਾਂ ਵਿੱਚ ਬਹੁਤ ਥਾਂਈ ਸੀਵਰੇਜ ਬਲਾਕ ਹੋਏ ਪਏ ਹਨ ਜਿਸ ਕਾਰਨ ਬਰਸਾਤਾਂ ਦੌਰਾਨ ਇਨ੍ਹਾਂ ਸ਼ਹਿਰਾਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਆਉਂਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਇਸ ਸਮੱਸਿਆ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ ਜਿਸ ਲਈ ਉਨ੍ਹਾਂ ਅਤਿ ਆਧੁਨਿਕ ਤਕਨਾਲੋਜੀ ਨਾਲ ਲੈਸ ਸੁਪਰ ਸੱਕਸ਼ਨ ਮਸ਼ੀਨਾਂ ਨੂੰ ਵਰਤੋਂ ਵਿੱਚ ਲਿਆਉਣ ਨੂੰ ਕਿਹਾ। ਇਸ ਸਬੰਧੀ ਉਨ੍ਹਾਂ ਇਹਨਾਂ ਮਸ਼ੀਨਾਂ ਦੀ ਵਰਤੋਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਵੀ ਦੇਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਜਿਨ੍ਹਾਂ ਵਿੱਚ ਸੂਬੇ ਦੀ 40 ਫੀਸਦੀ ਤੋਂ ਵੱਧ ਅਬਾਦੀ ਰਹਿੰਦੀ ਹੈ, ਵਿੱਚ ਪਹਿਲ ਦੇ ਅਧਾਰ ‘ਤੇ ਇਨ੍ਹਾਂ ਵੱਡੀਆਂ ਮਸ਼ੀਨਾਂ ਰਾਹੀਂ ਸੀਵਰੇਜ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਵੱਡੇ ਸ਼ਹਿਰਾਂ ਦੇ ਵਸਨੀਕਾਂ ਨੂੰ ਪਾਣੀ ਦੀ ਸਮੱਸਿਆ ਨਾਲ ਨਾ ਜੂਝਣਾ ਪਵੇ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸਿੱਧੂ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਸ਼ਹਿਰਾਂ ਦੀ ਸਾਫ-ਸਫਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਵੱਖ-ਵੱਖ ਕਲੱਸਟਰਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਚਲਾ ਰਹੀਆਂ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਚਾਹੁੰਦੇ ਹਨ ਕਿ ਇਸ ਖੇਤਰ ਵਿੱਚ ਕੰਪੀਟੀਸ਼ਨ ਹੋਵੇ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਮਿਲਣ। ਉਨ੍ਹਾਂ ਕਿਹਾ ਕਿ ਪਹਿਲਾਂ ਕੰਮ ਦਾ ਮੁਲਾਂਕਣ ਹੋਵੇਗਾ ਅਤੇ ਜੋ ਬਿਹਤਰ ਕੰਮ ਕਰੇਗਾ ਉਸ ਨੂੰ ਹੀ ਅੱਗੇ ਕੰਮ ਦਿੱਤਾ ਜਾਵੇਗਾ। ਕਿਸੇ ਵੀ ਸ਼ਹਿਰ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਫਾਈ ਪ੍ਰਬੰਧਾਂ ਵਿੱਚ ਅਣ-ਗਹਿਲੀ ਵਰਤਣ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੱਛ ਭਾਰਤ ਮਿਸ਼ਨ ਤਹਿਤ ਮਿਲਣ ਵਾਲੀ ਰਾਸ਼ੀ ਦਾ ਇੱਕ-ਇੱਕ ਪੈਸਾ ਸਿਰਫ ਸਫਾਈ ਉਪਰ ਹੀ ਖਰਚ ਕੀਤਾ ਜਾਵੇ।
ਸ੍ਰੀ ਸਿੱਧੂ ਨੇ ਮੀਟਿੰਗ ਦੌਰਾਨ ਹਰ ਕਲੱਸਟਰ ਦੇ ਪ੍ਰਾਜੈਕਟ ਦਾ ਪੂਰਾ ਜਾਇਜਾ ਲੈਂਦਿਆਂ ਸਫਲ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਬਾਰੇ ਕਿਹਾ ਅਤੇ ਜਿਨ੍ਹਾਂ ਪ੍ਰਾਜੈਕਟਾਂ ਵਿੱਚ ਕੋਈ ਦਿੱਕਤ ਆ ਰਹੀ ਹੈ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਬੰਧਤ ਕਮਿਸ਼ਨਰ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ। ਇਸ ਦੌਰਾਨ ਜਿਨ੍ਹਾਂ ਪ੍ਰਾਜੈਕਟਾਂ ਨੂੰ ਚਲਾਉਣ ਵਿੱਚ ਕੋਈ ਕੋਤਾਹੀ ਵਰਤੀ ਗਈ ਹੈ ਜਾਂ ਪ੍ਰਾਜੈਕਟ ਸ਼ੁਰੂ ਨਹੀਂ ਹੋਏ ਉਨ੍ਹਾਂ ਦੀਆਂ ਕੰਪਨੀਆਂ ਨਾਲ ਸਮਝੌਤਾ ਰੱਦ ਕਰਨ ਦੀ ਹਦਾਇਤ ਕੀਤੀ ਗਈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਾਜੈਕਟਾਂ ਨੂੰ ਸਫਲਤਾਪੂਰਵਕ ਚਲਾਉਣ ਲਈ ਕਲੱਸਟਰ ਅਨੁਸਾਰ ਵੱਖ-ਵੱਖ ਤਰੀਕਾਂ ਤੈਅ ਕਰਦਿਆਂ ਇਸ ਦੀ ਮੁਕੰਮਲ ਰਿਪੋਰਟ ਦੇਣ ਨੂੰ ਕਿਹਾ ਤਾਂ ਜੋ ਸਫਾਈ ਦੀ ਸਮੱਸਿਆਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਜਲਦ ਤੋਂ ਜਲਦ ਰਾਹਤ ਦਿੱਤੀ ਜਾ ਸਕੇ।
ਸ੍ਰੀ ਸਿੱਧੂ ਨੇ ਮੀਟਿੰਗ ਦੌਰਾਨ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਵੱਡੇ ਸ਼ਹਿਰਾਂ ਵਿੱਚ ਚੱਲ ਰਹੇ ਸਫਲ ਪ੍ਰਾਜੈਕਟਾਂ ਦਾ ਜਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਅੰਦਰ ਲਾਗੂ ਕੀਤਾ ਜਾਵੇ। ਕੂੜਾ ਇਕੱਠਾ ਕਰਨ ਤੋਂ ਲੈ ਕੇ ਪਲਾਂਟ ਵਿਖੇ ਪ੍ਰਾਸੈਸਿੰਗ ਕਰਨ ਤੱਕ ਹੁੰਦੀ ਪ੍ਰਕਿਰਿਆ ਬਾਰੇ ਵਿਸਥਾਰ ਵਿੱਚ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਕਿਧਰੇ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਪ੍ਰੰਤੂ ਉਹ ਇਸ ਪ੍ਰਾਜੈਕਟ ਵਿੱਚ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਸਫਾਈ ਸਭ ਤੋਂ ਅਹਿਮ ਹੈ ਅਤੇ ਇਸ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *