Breaking News
Home / Punjab / ਉਪ ਮੁੱਖ ਮੰਤਰੀ ਨੇ ਪ੍ਰਵਾਸੀ ਭਾਈਚਾਰੇ ਨੂੰ ਭਰੋਸਾ ਦੁਆਇਆ ਕਿ ਬਾਕੀ ਰਹਿੰਦੇ ਪੰਜਾਬੀਆਂ ਨੂੰ ਕਾਲੀ ਸੂਚੀ ਵਿਚੋ ਕੱਢਣ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾਵੇਗਾ।

ਉਪ ਮੁੱਖ ਮੰਤਰੀ ਨੇ ਪ੍ਰਵਾਸੀ ਭਾਈਚਾਰੇ ਨੂੰ ਭਰੋਸਾ ਦੁਆਇਆ ਕਿ ਬਾਕੀ ਰਹਿੰਦੇ ਪੰਜਾਬੀਆਂ ਨੂੰ ਕਾਲੀ ਸੂਚੀ ਵਿਚੋ ਕੱਢਣ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾਵੇਗਾ।

ਅਗਾਮੀ ਚੋਣਾਂ ‘ਚ ਪੰਜਾਬ ਹਿਤੈਸ਼ੀ ਤੇ ਵਿਰੋਧੀਆਂ
ਵਿਚਾਲੇ ਹੋਵੇਗੀ ਸਿੱਧੀ ਲੜਾਈ : ਬਾਦਲ

ਬਾਬਾ ਬਕਾਲਾ (ਅੰਮ੍ਰਿਤਸਰ), 18 ਅਗਸਤ, (ਗੁਰਦਿਆਲ ਸਿੰਘ) : ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਹਿਤੈਸ਼ੀ ਤੇ ਪੰਜਾਬ ਵਿਰੋਧੀਆਂ ਤਾਕਤਾਂ ਦਰਮਿਆਨ ਸਿੱਧੀ ਲੜਾਈ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇਨ੍ਹਾਂ ਦੋਖੀ ਤਾਕਤਾਂ ਨੂੰ ਕਰਾਰੀ ਹਾਰ ਦੇਣ ਲਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ।
ਅੱਜ ਇੱਥੇ ਰੱਖੜ ਪੁੰਨਿਆ ਮੌਕੇ ਸਿਆਸੀ ਕਾਨਫਰੰਸ ਦੌਰਾਨ ਇਕ ਲੱਖ ਤੋਂ ਵੱਧ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਸੂਬੇ ਦੇ ਭਵਿੱਖ ਨੂੰ ਤੈਅ ਕਰਨਗੀਆਂ ਕਿਉਂਕਿ ਇਸ ਨੂੰ ਸੂਬੇ ਦੇ ਹਿਤੈਸ਼ੀਆਂ ਅਤੇ ਦੁਸ਼ਮਣਾਂ ਵਿਚਾਲੇ ਨਿਰਣਾਇਕ ਲੜਾਈ ਵਜੋਂ ਵੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦਾ ਹਿਤੈਸ਼ੀ ਅਕਾਲੀ-ਭਾਜਪਾ ਗਠਜੋੜ ਮੁੜ ਸੱਤਾ ਵਿਚ ਆਉਂਦਾ ਹੈ ਤਾਂ ਪੰਜਾਬ ਬੇਮਿਸਾਲ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ ਪਰ ਜੇਕਰ ਆਪ ਅਤੇ ਕਾਂਗਰਸ ਦੇ ਰੂਪ ਵਿਚ ਪੰਜਾਬ ਵਿਰੋਧੀ ਤਾਕਤਾਂ ਸੱਤਾ ਵਿਚ ਆਉਂਦੀਆਂ ਹਨ ਤਾਂ ਪੰਜਾਬ ਬਰਬਾਦ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਵਾਰ ਵਧੇਰੇ ਸੁਚੇਤ ਰਹਿ ਕੇ ਆਪਣੇ ਅਤੇ ਆਪਣੀਆਂ ਆਉਣ ਵਾਲੀਆਂ
ਪੀੜ੍ਹੀਆਂ ਦੀ ਭਲਾਈ ਲਈ ਵੋਟ ਪਾਉਣੀ ਪਵੇਗੀ।
ਕਾਂਗਰਸ ਪਾਰਟੀ ਦੀਆਂ ਪੰਜਾਬ ਤੇ ਸਿੱਖ ਵਿਰੋਧੀ ਵਧੀਕੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਕੇਂਦਰ ਸਰਕਾਰਾਂ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੇ ਹੋਏ ਇਸ ਨੂੰ ਇਸ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕਿਆਂ ਅਤੇ ਇੱਥੋਂ ਤੱਕ ਕਿ ਪਾਣੀਆਂ ਦੇ ਬਣਦੇ ਹੱਕ ਤੋਂ ਵੀ ਵਾਂਝਾ ਰੱਖਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਆਰਥਿਕ, ਸਮਾਜਿਕ, ਰਾਜਸੀ ਅਤੇ ਇੱਥੋਂ ਤੱਕ ਕਿ ਧਾਰਮਿਕ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਸੱਚਾ ਪੰਜਾਬੀ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਮੁਆਫ਼ ਨਹੀਂ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਤੋਂ ਉਸ ਦਾ ਪਾਣੀ ਖੋਹਣ ਲਈ ਐਸ.ਵਾਈ.ਐਲ ਨਹਿਰ ਖੋਦਣ ਦੀ ਸਾਜ਼ਿਸ਼ ਰਚੀ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਕਾਂਗਰਸ ਦੀ ਸਰਕਾਰ ਨੇ ਇਸ ਨਹਿਰ ਨੂੰ ਖੋਦਣ ਦੀ ਸਾਜ਼ਿਸ਼ ਰਚੀ ਅਤੇ ਉਨ੍ਹਾਂ ਦੀ ਪ੍ਰਧਾਨ ਮੰਤਰੀ ਇਸ ਦਾ ਨੀਂਹ ਪੱਥਰ ਰੱਖਣ ਲਈ ਆਈ, ਉਸ ਦੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬਹਾਦਰ ਯੋਧਿਆਂ ਨੇ ਇਸ ਨਹਿਰ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇਸ ਨਹਿਰ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਉਣ ਵਾਲਾ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਨੀਂਹ ਪੱਥਰ ਰੱਖਣ ਆਈ ਇੰਦਰਾ ਗਾਂਧੀ ਦੇ ਸਵਾਗਤ ਲਈ ਵੱਧ ਚੜ੍ਹ ਕੇ ਜੁਟਿਆ ਹੋਇਆ ਸੀ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਗਪੌੜ ਸੰਖ’ ਵਾਂਗ ਹੈ ਜੋ ਗੱਲਾਂ ਤਾਂ ਬਹੁਤ ਵੱਡੀਆਂ-ਵੱਡੀਆਂ ਕਰਦੇ ਨੇ ਪਰ ਅਸਲ ਵਿਚ ਕੋਈ ਵੀ ਕੰਮ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅੱਜ ਸੱਤਾ ਦੀ ਲਾਲਸਾ ਵਿਚ ‘ਆਪ’ ਦੇ ਆਗੂ ਲੋਕਾਂ ਨੂੰ ਹੁਸੀਨ ਸੁਪਨੇ ਵਿਖਾ ਰਹੇ ਹਨ, ਪਰ ਅਸਲ ਵਿਚ ਉਹ ਇਨ੍ਹਾਂ ਵਿੱਚੋਂ ਕਿਸੇ ਇਕ ਨੂੰ ਵੀ ਪੂਰਾ ਨਹੀਂ ਕਰਨਗੇ। ਸ. ਬਾਦਲ ਨੇ ਕਿਹਾ ਕਿ ਆਪ ਦੇ ਆਗੂ ਢਿੱਡੋਂ ਪੰਜਾਬ ਦੇ ਵੈਰੀ ਹਨ ਅਤੇ ਲੋਕਾਂ ਨੂੰ ਉਨ੍ਹਾਂ ‘ਤੇ ਬਿਲਕੁਲ ਵੀ ਇਤਬਾਰ ਨਹੀਂ ਕਰਨਾ ਚਾਹੀਦਾ।
ਸੂਬਾ ਸਰਕਾਰ ਵੱਲੋਂ ਪੰਜਾਬ ਦੀ ਭਲਾਈ ਲਈ ਕੀਤੇ ਗਏ ਅਣਥੱਕ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੀ ਪੰਜਾਬ, ਅੱਜ ਦੇਸ਼ ਦਾ ਇਕੋ-ਇਕ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਤੋਂ ਵੱਧ ਸਮੇਂ ਦੌਰਾਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਸਾਨਾਂ ਨੂੰ ਸਾਲਾਨਾ 50000 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਸਪਲਾਈ ਕੀਤੀ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਅਹਿਮ ਫ਼ੈਸਲੇ ਵਿਚ ਪੰਜਾਬ ਦੇ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਰਾਹੀਂ 50 ਹਜ਼ਾਰ ਰੁਪਏ ਦਾ ਵਿਆਜ ਮੁਕਤ ਫ਼ਸਲੀ ਕਰਜ਼ਾ ਦੇਣ ਦਾ ਉਪਰਾਲਾ ਕੀਤਾ ਹੈ।
ਇਸੇ ਦਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਕ ਹੋਰ ਅਹਿਮ ਫੈਸਲਾ ਲੈਂਦਿਆਂ ਸੂਬਾ ਸਰਕਾਰ ਵੱਖ-ਵੱਖ ਮਹਿਕਮਿਆਂ ਵਿਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫ਼ੈਸਲਾ ਸਰਕਾਰ ਵੱਲੋਂ ਛੇਤੀ ਹੀ ਲਿਆ ਜਾਵੇਗਾ।
ਆਪਣੇ ਸੰਬੋਧਨ ਵਿਚ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਗਠਜੋੜ ਦੇ ਹੱਕ ਵਿਚ ਇਕ ਵੱਡੀ ਲਹਿਰ ਚੱਲ ਰਹੀ ਹੈ ਅਤੇ ਅਕਾਲੀ ਦਲ ਦੀ ਇਸ ਸੁਨਾਮੀ ਅੱਗੇ ਕਾਂਗਰਸ ਅਤੇ ‘ਆਪ’ ਕਿਤੇ ਵੀ ਟਿਕ ਨਹੀਂ ਪਾਏਗੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਕਾਨਫਰੰਸ ਵਿਚ ਲੋਕਾਂ ਦਾ ਭਾਰੀ ਇਕੱਠ ਇਹ ਸਾਬਤ ਕਰਦਾ ਹੈ ਕਿ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਾਲ ਅਕਾਲੀ-ਭਾਜਪਾ ਗਠਜੋੜ ਦੇ ਨਾਲ ਖੜ੍ਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਿਰਫ ਕੇਂਦਰ ਸਰਕਾਰ ਨਾਲ ਲੜਨ ਲਈ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਪੰਜਾਬ ‘ਚ ਸੱਤਾ ਵਿਚ ਆਉਂਦੀ ਹੈ ਤਾਂ ਇਹ ਸੂਬੇ ਲਈ ਬਹੁਤ ਮੰਦਭਾਗਾ ਹੋਵੇਗਾ ਕਿਉਂਕਿ ਇਸ ਨਾਲ ਕੇਂਦਰ ਤੇ ਸੂਬਾ ਸਰਕਾਰ ਵਿਚਾਲੇ ਟਕਰਾਅ ਵਧੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਲਾ ਤਾਂ ਹੀ ਹੋ ਸਕਦਾ ਹੈ ਜੇਕਰ ਸੂਬੇ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇ ਤਾਂ ਜੋ ਐਨ.ਡੀ.ਏ. ਸਰਕਾਰ ਪਾਸੋਂ ਸੂਬੇ ਲਈ ਵੱਧ ਤੋਂ ਵੱਧ ਫਾਇਦਾ ਲਿਆ ਜਾ ਸਕੇ।
ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦੇ ਹੋਏ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਲੋਕਾ ਸਭਾ ਮੈਂਬਰ ਗੱਠਜੋੜ ਨੂੰ ਮਿਲ ਰਹੇ ਲੋਕਾਂ ਦੇ ਭਰਵੇਂ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕੈਪਟਨ ਮੈਦਾਨ ਵਿੱਚੋਂ ਪਹਿਲਾਂ ਹੀ ਭੱਜ ਗਿਆ ਹੈ ਅਤੇ ਹੁਣ ਜੰਗ ਦੇ ਸਿਆਸੀ ਮੈਦਾਨ ਵਿੱਚੋਂ ਭੱਜਣ ਲਈ ਤਿਆਰ ਹੈ। ਸ. ਬਾਦਲ ਨੇ ਕਿਹਾ ਕਿ ਕੈਪਟਨ ਨੇ ਸੂਬੇ ਲਈ ਕੁਝ ਵੀ ਨਹੀਂ ਕੀਤਾ ਅਤੇ ਇਥੋਂ ਤੱਕ ਕਿ ਉਸ ਦੇ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਨੂੰ ਗਿਣਾਉਣ ਤੋਂ ਪੂਰੀ ਤਰ੍ਹਾਂ ਅਸਮਰੱਥ ਹਨ।
ਉਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਛੇਤੀ ਹੀ ਸੂਬਾ ਭਰ ਵਿਚ 2000 ਮੈਡੀਕਲ ਸਟੋਰ ਖੋਲ੍ਹੇਗੀ ਜਿੱਥੋਂ ਲੋਕਾਂ ਨੂੰ ਮੁਫਤ ਦਵਾਈਆਂ ਮੁਹੱਈਆ ਹੋਣਗੀਆਂ। ਇਸੇ ਤਰ੍ਹਾਂ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬੇ ਦੇ ਹਰੇਕ ਬਲਾਕ ਵਿਚ ਇਕ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਜਾਵੇਗਾ ਜੋ ਕਿ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਮੁਫ਼ਤ ਵਿਚ ਮੁਹੱਈਆ ਕਰਵਾਉਣਗੇ ਤਾਂ ਜੋ ਉਹ ਵਧੀਆ ਰੁਜ਼ਗਾਰ ਪ੍ਰਾਪਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉਤੇ ਬਿਨਾਂ ਕਿਸੇ ਅੜਚਣ ਤੋਂ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਦਿਹਾਤੀ ਸੇਵਾ ਕੇਂਦਰ ਲੋਕਾਂ ਨੂੰ ਛੇਤੀ ਹੀ ਸਮਰਪਤ ਕੀਤੇ ਜਾਣਗੇ।
ਉਪ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਵਿਲੱਖਣ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿਚ ਵਾਧੂ ਬਿਜਲੀ ਪੈਦਾ ਕਰਨ ਵਾਲਾ ਇੱਕੋ ਇੱਕ ਸੂਬਾ ਹੈ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਲਈ ਆਟਾ ਦਾਲ, ਪੈਨਸ਼ਨ, ਸ਼ਗਨ, ਮਾਈ ਭਾਗੋ ਵਿਦਿਆ ਸਕੀਮ ਅਤੇ ਅਨੇਕਾਂ ਹੋਰ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਕੋਸ਼ਿਸ਼ਾਂ ਵਜੋਂ ਸੜਕਾਂ ਦਾ ਵਧੀਆ ਜਾਲ ਵਿਛ ਚੁੱਕਾ ਹੈ ਅਤੇ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੇ ਰਾਹੀਂ ਸੂਬੇ ਨੂੰ ਵਿਸ਼ਵ ਦੇ ਹੋਰਨਾਂ ਹਿੱਸਿਆਂ ਨਾਲ ਜੋੜਿਆ ਗਿਆ ਹੈ।
ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਮਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਤੇ ਸਿੱਖ ਵਿਰੋਧੀ ਮਾਨਸਿਕਤਾ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਾਡੇ ਧਾਰਮਿਕ ਸਥਾਨਾਂ ਉਤੇ ਹਮਲੇ ਕਰਕੇ ਸਿੱਖ ਮਾਨਸਿਕਤਾ ਨੂੰ ਵਲੂੰਧਰਿਆ ਹੈ ਅਤੇ ਆਮ ਆਦਮੀ ਪਾਰਟੀ ਵੀ ਕਾਂਗਰਸ ਦੇ ਕਦਮਾਂ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਆਪਣੇ ਚੋਣ ਮੈਨੀਫੈਸਟੋ ਨਾਲ ਤੁਲਨਾ ਕਰਕੇ ਅਤੇ ਮੈਨੀਫੈਸਟੋ ਉਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਆਪਣਾ ਚੋਣ ਨਿਸ਼ਾਨ ਝਾੜੂ ਦਰਸਾ ਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਜਿਨ੍ਹਾਂ ਨੂੰ ਕਿ ਸਿੱਖ ਧਰਮ ਅਤੇ ਵਿਚਾਰਧਾਰਾ ਪ੍ਰਤੀ ਰੱਤੀ ਭਰ ਵੀ ਸਤਿਕਾਰ ਨਹੀਂ ਹੈ।
ਮਾਲ ਮੰਤਰੀ ਨੇ ਆਖਿਆ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੋਰਨ ਲਈ ਰਿਕਾਰਡਤੋੜ ਉਪਰਾਲੇ ਕੀਤੇ ਹਨ ਪਰ ਇਹ ਦੋਵੇਂ ਪਾਰਟੀਆਂ ਸੂਬੇ ਦੇ ਖਜ਼ਾਨੇ ਦੀ ਲੁੱਟ-ਖਸੁੱਟ ਕਰਨ ਲਈ ਸੱਤਾ ਹਾਸਲ ਕਰਨ ਵਾਸਤੇ ਤਿਲਮਲਾ ਰਹੀਆਂ ਹਨ। ਆਮ ਆਦਮੀ ਪਾਰਟੀ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਇਕ ਚਾਲਬਾਜ਼ ਵਿਅਕਤੀ ਹੈ ਜੋ ਝੂਠੇ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇਕ ਅਸਫਲ ਮੁੱਖ ਮੰਤਰੀ ਸਿੱਧ ਹੋਇਆ ਹੈ ਜਿਸ ਨੇ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਹਾਲੇ ਤੱਕ ਇਕ ਵੀ ਵਾਅਦਾ ਨਹੀਂ ਪੂਰਾ ਕੀਤਾ।
ਸ. ਮਜੀਠੀਆ ਨੇ ਆਖਿਆ ਕਿ ਰੈਲੀ ਵਿੱਚ ਨੌਜਵਾਨਾਂ ਦੇ ਭਰਵੇਂ ਹੁੰਗਾਰੇ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸਮੁੱਚੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਗੱਠਜੋੜ ਦੀ ਜਿੱਤ ਲਈ ਡਟ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਨੌਜਵਾਨਾਂ ਦੇ ਡਟਵੇਂ ਸਮਰਥਨ ਨਾਲ ਗੱਠਜੋੜ ਲਗਾਤਾਰ ਤੀਜੀ ਵਾਰ ਸਰਕਾਰ ਕਾਇਮ ਕਰੇਗਾ।
ਇਸ ਮੌਕੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਅਤੇ ਹੋਰਾਂ ਨੇ ਵੀ ਕਾਨਫਰੰਸ ਨੂੰ ਸੰਬੋਧਨ ਕੀਤਾ।
ਇਸ ਮੌਕੇ ਵਿਧਾਇਕ ਬੀਬੀ ਜਗੀਰ ਕੌਰ, ਸ. ਮਨਜੀਤ ਸਿੰਘ ਮੀਆਂਵਿੰਡ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸ੍ਰੀ ਦੇਸ ਰਾਜ ਧੁੱਗਾ, ਸ. ਬਲਜੀਤ ਸਿੰਘ ਜਲਾਲ ਉਸਮਾਂ ਅਤੇ ਸ. ਗੁਰਚਰਨ ਸਿੰਘ ਬੱਬੇਹਾਲੀ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਪਰਮਿੰਦਰ ਸਿੰਘ ਬਰਾੜ, ਸਾਬਕਾ ਵਿਧਾਇਕ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਸ. ਲਖਬੀਰ ਸਿੰਘ ਲੋਧੀਨੰਗਲ, ਪੰਜਾਬ ਰਾਜ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਚੇਅਰਮੈਨ ਸ. ਸਰਬਜੀਤ ਸਿੰਘ ਮੱਕੜ, ਰਾਜਮਹਿੰਦਰ ਸਿੰਘ ਮਜੀਠਾ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰਤਾਪ ਸਿੰਘ ਟਿੱਕਾ, ਤਲਬੀਰ ਸਿੰਘ ਗਿੱਲ, ਇਕਬਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਰੰਧਾਵਾ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਚੇਅਰਮੈਨ ਆਰ ਸੀ ਯਾਦਵ, ਲਾਲੀ ਰਣੀਕੇ, ਗਗਨਦੀਪ ਸਿੰਘ ਜੱਜ, ਭਾਈ ਮਨਜੀਤ ਸਿੰਘ, ਭਗਵੰਤ ਸਿੰਘ ਸਿਆਲਕਾ, ਰਾਣਾ ਲੋਪੋਕੇ, ਕਿਰਨਪ੍ਰੀਤ ਸਿੰਘ ਸੋਨੂੰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਡੀ.ਆਈ.ਜੀ. ਸ੍ਰੀ ਏ.ਕੇ. ਮਿੱਤਲ ਅਤੇ ਐਸ.ਐਸ.ਪੀ. ਸ੍ਰੀ ਹਰਕੰਵਲ ਸਿੰਘ ਖੱਖ ਹਾਜ਼ਰ ਸਨ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *