Friday, April 26, 2024
Google search engine
Homeਪੰਜਾਬਕਪੂਰਥਲਾ ਦੇ ਐਸ.ਡੀ.ਓ. ਤੇ ਫਿਟਰ ਹੈਲਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੀਤੇ...

ਕਪੂਰਥਲਾ ਦੇ ਐਸ.ਡੀ.ਓ. ਤੇ ਫਿਟਰ ਹੈਲਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ (Agamjot Singh SDO) ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments