Breaking News
Home / Punjab / ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਲੱਖਾਂ ਸ਼ਰਧਾਲੂ ਨਤਮਸਤਕ ਗੁ. ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮਹਾਨ ਨਗਰ ਕੀਰਤਨ ਅੱਜ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਲੱਖਾਂ ਸ਼ਰਧਾਲੂ ਨਤਮਸਤਕ ਗੁ. ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮਹਾਨ ਨਗਰ ਕੀਰਤਨ ਅੱਜ

ਫਤਹਿਗੜ੍ਹ ਸਾਹਿਬ 26 ਦਸੰਬਰ (ਚ.ਨ.ਸ.) :ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਤਿੰਨ ਰੋਜ਼ਾ ‘ਸ਼ਹੀਦੀ ਜੋੜ ਮੇਲ’ ‘ਤੇ ਦੂਜੇ ਦਿਨ ਲੱਖਾਂ ਦੀ ਤਾਦਾਦ ‘ਚ ਸੰਗਤ ਨਤਮਸਤਕ ਹੋਈ । ਅੱਜ ਜੋੜ ਮੇਲ ਦੇ ਦੂਸਰੇ ਦਿਨ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਕਾਨਫ਼ਰੰਸਾਂ ਕੀਤੀਆਂ ਗਈਆਂ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਟੋਡਰ ਮੱਲ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਦੇ ਕਥਾਕਾਰਾਂ, ਢਾਡੀਆਂ-ਕਵੀਸ਼ਰਾਂ ਅਤੇ ਪ੍ਰਚਾਰਕਾਂ ਨੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਦੀ ਦਾਸਤਾਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਚੱਲ ਰਹੀ ਲੜੀਵਾਰ ਕਥਾ ਵਿਚਾਰ ਦੁਆਰਾ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਇਤਿਹਾਸਿਕ ਪ੍ਰਸੰਗ ਨੂੰ ਪੇਸ਼ ਕਰਦਿਆਂ ਹੋਇਆਂ ਕਿਹਾ ਕਿ ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ। ਖਾਸ ਕਰਕੇ ਸਿੱਖ ਕੌਮ ਦਾ ਇਤਿਹਾਸ ਤਾਂ ਸ਼ਹੀਦੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੇ ਜੀਵਨ ਤੋਂ ਅਗਵਾਈ ਪ੍ਰਾਪਤ ਕਰ ਕੇ ਬਾਣੀ ਤੇ ਬਾਣੇ ਨਾਲ ਜੁੜਨ। ਇਸੇ ਦੌਰਾਨ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਵੇਰੇ 9:00 ਵਜੇ ਮਹਾਨ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਇਸ ਮਹਾਨ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ ਤੇ ਬੀਬੀ ਸੁਰਜੀਤ ਕੌਰ, ਸ. ਅਵਤਾਰ ਸਿੰਘ ਸਕੱਤਰ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ ਐਡੀ. ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਤੇ ਸ. ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਸ. ਨੱਥਾ ਸਿੰਘ ਮੈਨੇਜਰ ਆਦਿ ਹਾਜ਼ਰ ਸਨ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *