Breaking News
Home / India / ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਪੰਜਾਬ ਤੋਂ ਸਜਾਏ ਨਗਰ ਕੀਰਤਨ ਦਾ ਤਖ਼ਤ ਸ੍ਰੀ ਪਟਨਾ ਸਾਹਿਬ ਪੁੱਜਣ ‘ਤੇ ਜੈਕਾਰਿਆਂ ਦੀ ਗੂੰਜ ਨਾਲ ਨਿੱਘਾ ਸਵਾਗਤ
ਸਿੰਘ ਸਾਹਿਬ ਗਿ. ਇਕਬਾਲ ਸਿੰਘ ਤੇ ਜਥੇ. ਅਵਤਾਰ ਸਿੰਘ ਨੇ ਨਗਰ ਕੀਰਤਨ ‘ਚ ਸ਼ਾਮਲ ਸੰਗਤ ਨੂੰ ਜੀ ਆਇਆਂ ਕਿਹਾ

ਪਟਨਾ ਸਾਹਿਬ, 1 ਜਨਵਰੀ (ਚ.ਨ.ਸ.): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਆਖਰੀ ਦਿਨ ਗੁਰਦੁਆਰਾ ਚਾਚਾ ਫਗੂਮਲ ਜੀ, ਸਾਸਾਰਾਮ (ਬਿਹਾਰ) ਤੋਂ ਰਵਾਨਾ ਹੋ ਕੇ ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਦੀ ਧਰਤੀ ‘ਤੇ ਸੰਪੰਨ ਹੋਇਆ। ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਰਦਾਸ ਕਰਨ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਪਟਨਾ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਖਆਸਨ ਸਾਹਿਬ ਤੇ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦਾ ਸਵਾਗਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ   ਸਿੰਘ, ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਬਾਬਾ ਗੁਰਨਾਮ ਸਿੰਘ ਗੋਇੰਦਵਾਲ, ਬਾਬਾ ਹਰੀ ਸਿੰਘ ਤੇ ਬਾਬਾ ਅਵਤਾਰ ਸਿੰਘ ਬਿਧੀਚੰਦੀਏ, ਗੁਰਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਕੀਤਾ। ਉਨ੍ਹਾਂ ਨਗਰ-ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਪਟਨਾ ਸਾਹਿਬ ਨੇ ਕਿਹਾ ਕਿ ਪਟਨਾ ਸਾਹਿਬ ਦੀ ਧਰਤੀ ਬਹੁਤ ਹੀ ਭਾਗਾਂ ਵਾਲੀ ਹੈ ਜਿੱਥੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਗੁਜਰੀ ਜੀ ਦੀ ਕੁੱਖੋਂ ਜਨਮ  ਲਿਆ। ਅੱਜ ਅਸੀਂ ਉਸ ਰੂਪ ਇਲਾਹੀ ਦਾ 350ਸਾਲਾ ਜਨਮ ਦਿਹਾੜਾ ਮਨਾਉਣ ਜਾ ਰਹੇ ਹਾਂ ਜਿਸ ਨੇ ਸਮੁੱਚੀ ਲੋਕਾਈ ਨੂੰ ਬਚਾਉਣ ਲਈ ਆਪਣਾ ਸਰਬੰਸ ਵਾਰ ਦਿੱਤਾ। ਉਨ੍ਹਾਂ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੂੰ ਜੀ ਆਇਆਂ ਆਖਿਆ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਮੈਂ ਦੇਸ਼-ਵਿਦੇਸ਼ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦੇਂਦਾ ਹੋਇਆ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀ ਆਇਆਂ ਕਹਿੰਦਾ ਹਾਂ। ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਲਗਭਗ 300 ਕਰੋੜ ਰੁਪਏ ਦੀ ਲਾਗਤ ਨਾਲ ਦਸਮੇਸ਼ ਪਿਤਾ ਦੇ ਜਨਮ ਦਿਨ ਮਨਾਉਣ ਆਈਆਂ ਸੰਗਤਾਂ ਦੇ ਲਈ ਚੰਗੇਰੇ ਪ੍ਰਬੰਧਾਂ ਦੇ ਉਪਰਾਲੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਪਟਨਾ ਸਾਹਿਬ ਦੀ ਪਾਵਨ ਧਰਤੀ ਤੇ ਸਿੱਖਾਂ ਦੇ ਇਲਾਵਾ ਹਿੰਦੂ, ਮੁਸਲਿਮ ਸਭ ਧਰਮਾਂ ਦੇ ਲੋਕ ਸ਼ਰਧਾ-ਪੂਰਨ ਦਰਸ਼ਨਾ ਲਈ ਪੁੱਜੇ ਹਨ ਮੈਂ ਉਨ੍ਹਾਂ ਦਾ ਵੀ ਸਵਾਗਤ ਕਰਦਾ ਹਾਂ
ਇਸ ਮੌਕੇ ਸ੍ਰ: ਸਕੱਤਰ ਸਿੰਘ ਤੇ ਸ੍ਰ: ਜਗਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਦੇ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਹਾਜ਼ਰ ਸੀ। ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰ: ਸ਼ੈਲਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਬੀਬੀ ਕਵਲਜੀਤ ਕੌਰ, ਸ੍ਰ: ਸਰਜਿੰਦਰ ਸਿੰਘ ਜਨਰਲ ਸਕੱਤਰ, ਸ੍ਰ: ਮਹਿੰਦਰ ਸਿੰਘ ਛਾਬੜਾ ਸਕਤਰ, ਸ੍ਰ: ਗੁਰਿੰਦਰਪਾਲ ਸਿੰਘ ਚੇਅਰਮੈਨ ਸ਼ਤਾਬਦੀ ਕਮੇਟੀ, ਸ੍ਰ: ਪ੍ਰਿਤਪਾਲ ਸਿੰਘ ਮੈਂਬਰ ਬੋਰਡ,  ਡਾ: ਗੁਰਮੀਤ ਸਿੰਘ ਤੇ ਸ੍ਰ: ਚਰਨਜੀਤ ਸਿੰਘ ਦੇ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *