Breaking News
Home / Punjab / ਲਾਲ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਨਗਦ ਹੱਦ ਕਰਜ਼ੇ ਦੇ ਮਾਮਲੇ ‘ਤੇ ਜੇਤਲੀ ਨਾਲ ਗੱਲਬਾਤ

ਲਾਲ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਨਗਦ ਹੱਦ ਕਰਜ਼ੇ ਦੇ ਮਾਮਲੇ ‘ਤੇ ਜੇਤਲੀ ਨਾਲ ਗੱਲਬਾਤ

ਚੰਡੀਗੜ੍ਹ,1 ਅਪ੍ਰੈਲ (ਪੱਤਰ ਪ੍ਰੇਰਕ) : ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਤੋਂ ਇਲਾਵਾ ਹੋਰ ਕਈ ਸੀਨੀਅਰ ਆਗੂ ਵੀ ਮੌਜੂਦ ਸਨ।
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਬਰਤਾਨਵੀ ਬਸਤੀਵਾਦੀ
ਸ਼ਾਸਨ ਦੇ ਸਮੇਂ ਦੀਆਂ ਜ਼ਲਾਲਤ ਅਤੇ ਅੱਤਿਆਚਾਰ ਦੀਆਂ ਪੈੜਾਂ ਮਿਟਾਉਣ ਲਈ ਸਪੇਨ ਵਰਗਾ ‘ਹਿਸਟੌਰੀਕਲ ਮੈਮਰੀ ਲਾਅ’ ਲਿਆਉਣ ਨੂੰ ਖਾਰਜ ਕਰ ਦਿੱਤਾ।
Î ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਰਤਾਨਵੀ ਹਕੂਮਤ ਦੀ ਰਸਮੀ ਅਲੋਚਨਾ ਕਰਨ ਅਤੇ ਹਕੂਮਤ ਦੀਆਂ ਛੱਡੀਆਂ ਪੈੜਾਂ ਨੂੰ ਖਤਮ ਕਰਨ ਬਾਰੇ ਕਾਨੂੰਨ ਲਿਆਉਣ ਸਬੰਧੀ ਪ੍ਰਸਤਾਵ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜੁਆਬ ਵਿੱਚ ਕੀਤਾ।
ਕੈਪਟਨ ਨੇ ਕਿਹਾ ਕਿ ਇਕ ਇਤਿਹਾਸਕਾਰ ਵਜੋਂ ਉਹ ਇਤਿਹਾਸ ‘ਤੇ ਪੋਚਾ ਮਾਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਗੋਂ ਉਹ ਇਸ ਤੋਂ ਸਿੱਖਣ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਬਰ ਰੋਡ ਦਾ ਨਾਂਅ ਬਦਲਣ ਨਾਲ ਭਾਰਤ ਵਿੱਚ ਅਕਬਰ ਬਾਦਸ਼ਾਹ ਦੀ ਹੋਂਦ ਨੂੰ ਨਹੀਂ ਮਿਟਾਈ ਜਾ ਸਕਦੀ। Îਮੁੱਖ ਮੰਤਰੀ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਪ੍ਰਸਾਵਿਤ ਕਾਨੂੰਨ ਨਾਲ ਉਹ ਸਹਿਮਤ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਨਪ੍ਰੀਤ ਦੀ ਨਿੱਜੀ ਰਾਏ ਹੋ ਸਕਦੀ ਹੈ ਪਰ ਉਹ ਅਜਿਹੇ ਕਾਨੂੰਨ ਨੂੰ ਉਹਦੇ ਹੀ ਘੋਖਣਗੇ, ਜਦੋਂ ਰਸਮੀ ਤੌਰ ‘ਤੇ ਇਸ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਮੌਜੂਦਾ ਸਮੇਂ ਦੌਰਾਨ ਇਸ ਨੂੰ ਸਿਰਫ ਮੀਡੀਆ ਰਿਪੋਰਟਾਂ ਦੱਸਦਿਆਂ ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਨਾ ਹੀ ਤਬਦੀਲ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਮੁੜ ਲਿਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਦਾ ਬੀਤਿਆ ਹੋਇਆ ਸਮਾਂ ਹੈ ਜਿਸ ਤੋਂ ਅਸੀਂ ਪਹਿਲਾਂ ਹੀ ਸਬਕ ਸਿੱਖ ਕੇ ਅੱਗੇ ਵਧ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਤਿਹਾਸ ਨੂੰ ਤੋੜਣ-ਮਰੋੜਣ ਦੇ ਹੱਕ ਵਿੱਚ ਨਹੀਂ ਸਨ, ਭਾਵੇਂ ਕਿ ਇਹ ਚੰਗਾ ਹੋਵੇ ਜਾਂ ਮਾੜਾ ਹੋਵੇ।
ਇਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸੂਬੇ ਲਈ ਲੰਬਿਤ ਪਿਆ ਨਗਦ ਹੱਦ ਕਰਜ਼ਾ ਸੋਮਵਾਰ ਤੱਕ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿੱਚ ਸ਼ੁੱਕਰਵਾਰ ਰਾਤ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਨਿੱਜੀ ਤੌਰ ‘ਤੇ ਗੱਲ ਕਰ ਚੁੱਕੇ ਹਨ। ਸ੍ਰੀ ਜੇਤਲੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਹ ਮੁੱਦਾ ਭਾਰਤੀ ਰਿਜ਼ਰਵ ਬੈਂਕ ਦੇ ਅਧਿਕਾਰੀਆਂ ਕੋਲ ਉਠਾਉਣਗੇ ਅਤੇ ਇਹ ਮੁੱਦਾ ਸੋਮਵਾਰ ਤੱਕ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਫਿਰੋਜ਼ਪੁਰ ਦੀਆਂ ਕੁਝ ਮੰਡੀਆਂ ਵਿੱਚ ਕਣਕ ਆਉਣੀ ਸ਼ੁਰੂ ਹੋ ਗਈ ਹੈ ਪਰ ਇਸ ਦੀ ਮਿਕਦਾਰ ਅਜੇ ਬਹੁਤ ਘੱਟ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਬਿਨਾਂ ਕਿਸੇ ਅੜਚਣ ਤੋਂ ਖਰੀਦਿਆ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਵਿੱਚੋਂ ਚਾਰ ਹਫਤਿਆਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਨਾਲ ਹੀ ਨਸ਼ਿਆਂ ਵਿੱਚ ਗਲਤਾਨ ਬੇਗੁਨਾਹ ਨੌਜਵਾਨਾਂ ਦਾ ਨਸ਼ਾ ਛੁਡਾਉਣ ਦੇ ਨਾਲ-ਨਾਲ ਉਨ੍ਹਾਂ ਦੀ ਮੁੜ ਵਸੇਬਾ ਕੀਤਾ ਜਾਵੇਗਾ ਤਾਂ ਜੋ ਉਹ ਆਤਮ ਸਨਮਾਨ ਵਾਲਾ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਆਈ.ਜੀ. ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਦਾ ਕਾਰਜ ਸੌਂਪਿਆ ਗਿਆ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਵਜੋਂ ਚਾਰਜ ਸੰਭਾਲ ਲਿਆ ਹੈ। ਉਨਾਂ੍ਹ ਕਿਹਾ ਕਿ ਸ੍ਰੀ ਸਿੱਧੂ ਨੂੰ ਨਸ਼ਿਆਂ ਦੇ ਖਾਤਮੇ ਲਈ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੀ ਅਮੀਰ ਤੇ ਸ਼ਾਨਦਾਰ ਵਿਰਾਸਤ ‘ਤੇ ਧੱਬਾ ਲਾਇਆ ਹੈ।
ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਵਧਾਨੀ ਤੇ ਲੋਕਾਂ ਦੇ ਸਹਿਯੋਗ ਨਾਲ ਸੂਬਾ ਛੇਤੀ ਹੀ ਵਿੱਤੀ ਸੰਕਟ ਵਿੱਚੋਂ ਉੱਭਰ ਆਵੇਗਾ। ਲਾਗਤਾਂ ਨੂੰ ਘਟਾਉਣ ਅਤੇ ਮਾਲੀਆ ਜੁਟਾਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਰਥਿਕਤਾ ਨੂੰ ਮੁੜ ਪੱਟੜੀ ‘ਤੇ ਲਿਆਉਣ ਲਈ ਖਾਕਾ ਤਿਆਰ ਕਰ ਰਹੀ ਹੈ ਅਤੇ ਇਹ ਖਾਕਾ ਛੇਤੀ ਹੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੇ ਕਿਸੇ ਵੀ ਮੰਤਰਾਲੇ, ਵਿਭਾਗ ਜਾਂ ਬੋਰਡ ਵਿੱਚ ਹੋਈ ਫੰਡਾਂ ਵਿੱਚ ਹੇਰਾਫੇਰੀ ਅਤੇ ਵਿੱਤੀ ਬੇਨਿਯਮੀਆਂ ਦੇ ਸਾਰੇ ਮਾਮਲਿਆਂ ਦੀ ਜਾਂਚ ਕਰਵਾਉਣ ਦਾ ਵਾਅਦਾ ਕੀਤਾ।
ਇਸ ਤੋਂ ਪਹਿਲਾਂ ਸ੍ਰੀ ਲਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਮੰਡੀ ਬੋਰਡ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਸ੍ਰੀ ਲਾਲ ਸਿੰਘ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਕਣਕ ਦੀ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸ੍ਰੀ ਲਾਲ ਸਿੰਘ ਨੇ ਕਿਹਾ ਕਿ ਮੰਡੀ ਬੋਰਡ ਕਣਕ ਦੀ ਖਰੀਦ ਵਿੱਚ ਲੱਗੀਆਂ ਛੇ ਏਜੰਸੀਆਂ ਵਿੱਚੋਂ ਇਕ ਹੈ ਅਤੇ ਉਹ ਬੋਰਡ ਦੇ ਮੁਖੀ ਹੋਣ ਦੇ ਨਾਤੇ ਕਣਕ ਦੀ ਖਰੀਦ ‘ਤੇ ਨਿੱਜੀ ਤੌਰ ‘ਤੇ ਨਿਗ੍ਹਾ ਰੱਖਣਗੇ।
ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ, ਸ੍ਰੀ ਰਾਜਿੰਦਰ ਸਿੰਘ, ਸ੍ਰੀ ਅਮਰੀਕ ਸਿੰਘ ਢਿੱਲੋਂ, ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸ੍ਰੀ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਸ੍ਰੀ ਮਲਕੀਤ ਸਿੰਘ ਦਾਖਾ ਤੇ ਸ੍ਰੀ ਕੰਵਲਜੀਤ ਸਿੰਘ ਲਾਲੀ ਅਤੇ ਹਾਊਸਫੈਡ ਦੇ ਸਾਬਕਾ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਹਾਜ਼ਰ ਸਨ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *