Breaking News
Home / Politics / ਨੌਜਵਾਨ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੇ ਕਾਲੇ ਇਤਿਹਾਸ ਨੂੰ ਯਾਦ ਰੱਖਣ : ਬਾਦਲ

ਨੌਜਵਾਨ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੇ ਕਾਲੇ ਇਤਿਹਾਸ ਨੂੰ ਯਾਦ ਰੱਖਣ : ਬਾਦਲ

ਬਿਜਲੀਵਾਲ/ਬਟਾਲਾ, 9 ਜੂਨ (ਚ.ਨ.ਸ.) : ਸਾਕਾ ਨੀਲਾ ਤਾਰਾ ਦੇ ਕਾਲੇ ਇਤਿਹਾਸ ਨੂੰ ਯਾਦ ਕਰਾਉਂਦਿਆਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਨੌਜਵਾਨਾਂ ਨੂੰ ਕਿਹਾ ਹੈ ਕਿ ਅਜੋਕੀ ਪੀੜ੍ਹੀ ਨੂੰ ਕਾਂਗਰਸ ਸਰਕਾਰ ਵੱਲੋਂ ਪਾਵਨ ਗੁਰਧਾਮ ਸ੍ਰੀ ਦਰਬਾਰ ਸਾਹਿਬ ਉੱਪਰ ਕੀਤੇ ਗਏ ਫੌਜੀ ਹਮਲੇ ਨੂੰ ਕਦੀ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਦੇ ਨਾ ਭੁੱਲਣਯੋਗ ਘਟਨਾ ਹੈ ਅਤੇ ਇਸਦੀ ਜਿੰਮੇਵਾਰ ਕਾਂਗਰਸ ਪਾਰਟੀ ਨੂੰ ਕਦੀ ਵੀ ਮੁਆਫ ਨਹੀਂ ਕੀਤਾ ਜਾ ਸਕਦਾ। ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਬਿਜਲੀਵਾਲ ਵਿਖੇ ਸੰਗਤ ਦਰਸ਼ਨ ਤੋਂ ਪਹਿਲਾਂ 4 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ 66 ਕੇ.ਵੀ. ਬਿਜਲੀਘਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਸੰਨ 1984 ‘ਚ ਪ੍ਰਧਾਨ ਮੰਤਰੀ ਇੰਦਰਾਗਾਂਧੀ ਦੀ ਮੌਤ ਤੋਂ ਬਾਅਦ ਦਿੱਲੀ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦਾ ਦਰਦ ਅਤੇ ਜ਼ਖਮ ਸਿੱਖ ਕੌਮ ਅੱਜ ਵੀ ਸਹਿ ਰਹੀ ਹੈ ਅਤੇ ਨੌਜਵਾਨਾਂ ਨੂੰ ਉਸ ਦਰਦ ਨੂੰ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਤਿਹਾਸ ਦੇ ਇਨਾਂ ਸਾਰੇ ਪੰਨਿਆਂ ਤੋਂ ਵਾਕਫ ਹੋ ਕੇ ਪੰਜਾਬ ਅਤੇ ਕੌਮ ਦੇ ਦੋਸਤਾਂ ਤੇ ਦੁਸ਼ਮਣਾਂ ‘ਚ ਫਰਕ ਸਮਝਣਾ ਚਾਹੀਦਾ ਹੈ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਮੁੱਢ ਤੋਂ ਹੀ ਪੰਜਾਬ ਅਤੇ ਕੌਮ ਦੇ ਹੱਕਾਂ ਤੇ ਹਿੱਤਾਂ ਦੀ ਲੜ੍ਹਾਈ ਲੜ੍ਹੀ ਹੈ ਅਤੇ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਲਈ ਵੱਡੀ ਤੋਂ ਵੱਡੀ ਕੁਰਬਾਨੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਦੇ ਮੁਕਾਬਲੇ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਪੰਜਾਬ ਦਾ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪੱਖ ਤੋਂ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਧਰਮ ਨਿਰਪੱਖ ਪਾਰਟੀ ਦੱਸਣ ਵਾਲੀ ਕਾਂਗਰਸ ਨੇ ਹਮੇਸ਼ਾਂ ਹੀ ਸਿੱਖਾਂ ਦੇ ਧਾਰਮਿਕ ਮਸਲਿਆਂ ‘ਚ ਦਖਲ ਅੰਦਾਜ਼ੀ ਕਰਨ ਦਾ ਕੋਈ ਮੌਕਾ ਨਹੀਂ ਖੁੰਝਣ ਦਿੱਤਾ। ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸੂਬਾ ਵਾਸੀਆਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਹੱਥਾਂ ‘ਚ ਪੰਜਾਬ ਦੇ ਪਾਣੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਕਨਵੀਨਰ ਅਰਵਿੰਦ ਕੇਜਰੀਵਾਲ ਹਰਿਆਣੇ ਦਾ ਜੰਮਿਆ ਪਲਿਆ ‘ਹਰਿਆਣਵੀ’ ਹੈ ਅਤੇ ਉਸ ਕੋਲੋਂ ਪੰਜਾਬ ਦੇ ਭਲੇ ਅਤੇ ਹਿੱਤਾਂ ਦੀ ਰਾਖੀ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ, ਇਸ ਲਈ ਚਾਹੇ ਕਿੰਨੀ ਵੱਡੀ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਉਨ੍ਹਾਂ ਕਿਹਾ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਰਵ ਉੱਚ ਅਦਾਲਤ ‘ਚ ਇਹ ਹਲਫਨਾਮਾਂ ਦਾਇਰ ਕੀਤਾ ਹੈ ਕਿ ਜੇਕਰ ਪੰਜਾਬ ਦਾ ਪਾਣੀ ਹਰਿਆਣੇ ਨੂੰ ਨਹੀਂ ਮਿਲਦਾ ਤਾਂ ਦੇਸ਼ ਟੁਕੜਿਆਂ ‘ਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦਾ ਇਹ ਹਲਫਨਾਮਾ ਪਾਣੀਆਂ ਦੇ ਮੁੱਦੇ ‘ਤੇ ਉਸਦੇ ਦੋਗਲੇ ਸਟੈਂਡ ਨੂੰ ਸਪੱਸ਼ਟ ਕਰਦਾ ਹੈ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਵਿੱਚ ਇੰਨੀ ਬਿਜਲੀ ਪੈਦਾ ਕਰ ਦਿੱਤੀ ਹੈ ਕਿ ਪੰਜਾਬ ਪੂਰੇ ਦੇਸ਼ ‘ਚ ਸਰਪਲੱਸ ਬਿਜਲੀ ਪੈਦਾ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਨੰਬਰਦਾਰਾਂ ਦੇ ਮਾਣ ਭੱਤੇ ਤੇ ਬੁਢਾਪਾ ਤੇ ਆਸ਼ਰਿਤ ਪੈਨਸ਼ਨਾਂ ਦੁੱਗਣੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸ ਨੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਦਾ ਵਿਆਜ਼ ਮੁਕਤ ਕਰਜਾ ਦੇਣ ਦਾ ਫੈਸਲਾ ਕੀਤਾ ਹੈ ਅਤੇ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਨੀਲਾ ਕਾਰਡ ਧਾਰਕਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਦਾ ਬੀਮਾ ਤੇ 50 ਹਜ਼ਾਰ ਰੁਪਏ ਤੱਕ ਮੁਫਤ ਇਲਾਜ ਸਹੂਲਤ ਪ੍ਰਦਾਨ ਕੀਤੀ ਹੈ।
ਪੱਤਰਕਾਰਾਂ ਦੇ ਪੁੱਛੇ ਇੱਕ ਸੁਆਲ ਦਾ ਜੁਆਬ ਦਿੰਦਿਆਂ ਸ. ਬਾਦਲ ਨੇ ਕਾਂਗਰਸ ਪਾਰਟੀ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਨੂੰ ‘ਰਾਜਨੀਤਿਕ ਡਰਾਮਾ’ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੀ ਸ਼ਕਤੀ ਅਜਾਈਂ ਗੁਆਉਣ ਦੀ ਬਜਾਏ ਸੂਬੇ ਦੇ ਵਿਕਾਸ ਅਤੇ ਬਿਹਤਰੀ ਲਈ ਹਾਂ-ਪੱਖੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਭਰਤੀ, ਅਮਨ ਅਤੇ ਕਾਨੂੰਨ ਸਬੰਧੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ।
“ਉੱੜਤਾ ਪੰਜਾਬ” ਫਿਲਮ ‘ਤੇ ਸੈਂਸਰ ਬੋਰਡ ਵੱਲੋਂ ਉਠਾਏ ਗਏ ਇਤਰਾਜ਼ ਬਾਰੇ ਸੁਆਲ ਦਾ ਜੁਆਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀ.ਬੀ.ਐਫ.ਸੀ.) ਭਾਰਤ ਸਰਕਾਰ ਦੇ ਅਧੀਨ ਹੈ ਅਤੇ ਇਸ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪਿੰਡ ਬਿਜਲੀਵਾਲ, ਭਾਗੋਵਾਲ ਅਤੇ ਓਠੀਆਂ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਗ੍ਰਾਂਟ ਤਕਸੀਮ ਕੀਤੀ।
ਇਸ ਮੌਕੇ ਸਾਬਕਾ ਸਪੀਕਰ ਅਤੇ ਮੰਤਰੀ ਸ. ਨਿਰਮਲ ਸਿੰਘ ਕਾਹਲੋਂ, ਚੇਅਰਮੈਨ ਪੰਜਾਬ ਰਾਜ ਟਿਊਬਵੈੱਲ ਕਾਰਪੋਰੇਸ਼ਨ ਸ. ਰਵੀਕਰਨ ਸਿੰਘ ਕਾਹਲੋਂ, ਮੁੱਖ ਮੰਤਰੀ ਦੇ ਸੰਯੁਕਤ ਤੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਸ੍ਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਐੱਸ.ਐੱਸ.ਪੀ. ਬਟਾਲਾ ਦਿਲਜਿੰਦਰ ਸਿੰਘ ਢਿੱਲੋਂ, ਏ.ਡੀ.ਸੀ. (ਜ) ਸ. ਜਗਵਿੰਦਰਜੀਤ ਸਿੰਘ ਗਰੇਵਾਲ, ਏ.ਡੀ.ਸੀ. (ਵ) ਪ੍ਰੋ. ਰਾਕੇਸ਼ ਕੁਮਾਰ, ਐਸ.ਡੀ.ਐਮ. ਸੌਰਬ ਅਰੋੜਾ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *