ਪੰਜਾਬ : ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਜਾਣਕਾਰੀ ਅਨੁਸਾਰ, ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਇਹ ਕਾਰਵਾਈ 2024 ਵਿੱਚ ਦਰਜ ਮਨੀ ਲਾਂਡਰਿੰਗ ਮਾਮਲੇ ਤਹਿਤ ਕੀਤੀ ਗਈ ਹੈ, ਜਿਸ ਵਿੱਚ ਹਰਪ੍ਰੀਤ ਪਿਛਲੇ 4 ਮਹੀਨਿਆਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।
ਅਦਾਲਤ ਨੇ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ ਦੇ ਵੇਰਵੇ ਵੀ ਮੰਗੇ ਹਨ, ਤਾਂ ਜੋ ਜ਼ਾਬਤਾ ਫੌਜਦਾਰੀ ਪ੍ਰਕਿਰਿਆ (ਸੀ.ਆਰ.ਪੀ.ਸੀ.) ਦੀ ਧਾਰਾ 83 ਤਹਿਤ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਅਦਾਲਤ ਅਨੁਸਾਰ, 28 ਮਾਰਚ, 2025 ਨੂੰ ਹਰਪ੍ਰੀਤ ਸਿੰਘ ਵਿਰੁੱਧ ਇੱਕ ਐਲਾਨ ਜਾਰੀ ਕੀਤਾ ਗਿਆ ਸੀ, ਪਰ ਉਹ 30 ਦਿਨਾਂ ਦੀ ਕਾਨੂੰਨੀ ਮਿਆਦ ਦੇ ਅੰਦਰ ਪੇਸ਼ ਨਹੀਂ ਹੋਇਆ। ਇਸ ਆਧਾਰ ‘ਤੇ, ਅਦਾਲਤ ਨੇ ਉਸਨੂੰ ਭਗੌੜਾ ਐਲਾਨ ਦਿੱਤਾ। ਪੁਲਿਸ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਇਸ ਸਬੰਧ ਵਿੱਚ ਸਾਰੀਆਂ ਜ਼ਰੂਰੀ ਕਾਰਵਾਈਆਂ ਕੀਤੀਆ ਜਾਣ।
ਨੋਟਿਸ ਚਿਪਕਾਇਆ ਗਿਆ, ਜਾਇਦਾਦ ਜ਼ਬਤ ਕਰਨ ਦੀ ਤਿਆਰੀ
ਅਦਾਲਤੀ ਹੁਕਮ ਦੀ ਇੱਕ ਕਾਪੀ ਹਰਪ੍ਰੀਤ ਸਿੰਘ ਦੇ ਘਰ, ਵਾਰਡ ਨੰਬਰ 6, ਅੰਨੀ ਰੋਡ, ਅਮਲੋਹ, ਫਤਿਹਗੜ੍ਹ ਸਾਹਿਬ ਵਿਖੇ ਚਿਪਕਾਈ ਗਈ। ਇੱਕ ਕਾਪੀ ਜਨਤਕ ਸਥਾਨ ‘ਤੇ ਅਤੇ ਤੀਜੀ ਕਾਪੀ ਮੋਹਾਲੀ ਅਦਾਲਤ ਦੇ ਨੋਟਿਸ ਬੋਰਡ ‘ਤੇ ਲਗਾਈ ਗਈ। ਅਗਲੀ ਸੁਣਵਾਈ ਦੀ ਮਿਤੀ 19 ਅਗਸਤ, 2025 ਨਿਰਧਾਰਤ ਕੀਤੀ ਗਈ ਹੈ।
ਈ.ਡੀ ਪਹਿਲਾਂ ਹੀ ਕਰ ਚੁੱਕੀ ਹੈ ਪਿਤਾ ਨੂੰ ਗ੍ਰਿਫ਼ਤਾਰ
ਧਿਆਨ ਦੇਣ ਯੋਗ ਹੈ ਕਿ ਹਰਪ੍ਰੀਤ ਸਿੰਘ ਦੇ ਪਿਤਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈ.ਡੀ ਨੇ 16 ਜਨਵਰੀ 2024 ਨੂੰ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਕੇ ਕਰੋੜਾਂ ਦੀ ਜਾਇਦਾਦ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕਰਨ ਦਾ ਦੋਸ਼ ਹੈ। ਇਸ ਵੇਲੇ ਉਹ ਜ਼ਮਾਨਤ ‘ਤੇ ਹਨ।
ਧਰਮਸੋਤ ਸਾਲ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਜੰਗਲਾਤ ਅਤੇ ਸਮਾਜ ਭਲਾਈ ਮੰਤਰੀ ਸਨ। ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਉਨ੍ਹਾਂ ਵਿਰੁੱਧ ਜਾਂਚ ਸ਼ੁਰੂ ਕੀਤੀ। ਜਾਂਚ ਵਿੱਚ ਜੰਗਲਾਤ ਵਿਭਾਗ ਵਿੱਚ ਵੱਡੀਆਂ ਵਿੱਤੀ ਬੇਨਿਯਮੀਆਂ ਦਾ ਖੁਲਾਸਾ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਜੂਨ 2022 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਅਦ ਵਿੱਚ ਇਹ ਐਫ.ਆਈ.ਆਰ. ਈ.ਡੀ ਦੀ ਜਾਂਚ ਦਾ ਆਧਾਰ ਬਣ ਗਈ।
