ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ‘ਤੇ ਮਰਨ ਵਰਤ ਜਾਰੀ ਹੈ। ਬੀਤੀ ਦੇਰ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ 88/52 ਤੱਕ ਪਹੁੰਚ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਡਾ: ਅਵਤਾਰ ਸਿੰਘ ਵਾਸੀ ਡੱਲੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਇੰਨੀ ਖ਼ਰਾਬ ਹੋ ਗਈ ਸੀ ਕਿ ਮਾਨੀਟਰ ‘ਚ ਵੀ ਉਨ੍ਹਾਂ ਦਾ ਬੀ. ਪੀ. ਨੋਟ ਨਹੀਂ ਕੀਤਾ ਜਾ ਰਿਹਾ ਸੀ, ਇੰਨਾ ਜ਼ਿਆਦਾ ਬੀ.ਪੀ. ਥੱਲੇ ਸੀ।
ਉਨ੍ਹਾਂ ਦਾ ਸਰੀਰ ਬਰਫ਼ ਵਾਂਗ ਠੰਡਾ ਹੋ ਗਿਆ ਅਤੇ ਅੱਖਾਂ ਅੱਗੇ ਹਨੇਰਾ ਆ ਗਿਆ। ਡੱਲੇਵਾਲ ਨੇ 30-40 ਮਿੰਟ ਤੱਕ ਕੋਈ ਜਵਾਬ ਨਹੀਂ ਦਿੱਤਾ। ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਦੇ ਕਈ ਹਿੱਸਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਇਸ ਸਮੇਂ ਡੱਲੇਵਾਲ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਰੱਖਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਪੂਰਾ ਇਲਾਜ ਕੀਤਾ ਜਾਣਾ ਚਾਹੀਦਾ ਹੈ ਪਰ ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਡਾਕਟਰ ਨੇ ਦੱਸਿਆ ਕਿ ਡੱਲੇਵਾਲ ਬੇਹੱਦ ਖਤਰੇ ਵਿੱਚ ਹਨ ਅਤੇ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਦੱਸ ਦੇਈਏ ਕਿ ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਨਾਇਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ। ਕਮੇਟੀ ਨੇ ਡੱਲੇਵਾਲ ਦਾ ਮੈਡੀਕਲ ਕਰਵਾਉਣ ਦੀ ਅਪੀਲ ਕੀਤੀ ਸੀ।








