ਪੰਜਾਬ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਝਿੰਜਰ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰਾਂ ਅਤੇ ਸੀਨੀਅਰ ਲੀਡਰਸ਼ਿਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਤੁਸੀਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲੈਂਦੇ ਹੋ ਤਾਂ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੇਰਾ ਅਸਤੀਫ਼ਾ ਵੀ ਅੱਜ ਹੀ ਪ੍ਰਵਾਨ ਕਰ ਲੈਣਾ ਚਾਹੀਦਾ ਹੈ।’
ਝਿੰਜਰ ਨੇ ਦੱਸਿਆ ਕਿ ਅੱਜ ਦੁਪਹਿਰ 12 ਵਜੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕਮੇਟੀ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰਕੇ ਅਗਲੀ ਕਾਰਵਾਈ ਦਾ ਫ਼ੈਸਲਾ ਕਰੇਗੀ। ਉਨ੍ਹਾਂ ਦੱਸਿਆ ਕਿ ਜੇਕਰ ਸੁਖਬੀਰ ਬਾਦਲ ਦਾ ਅਸਤੀਫ਼ਾ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਉਹ ਉਸੇ ਸਮੇਂ ਆਪਣਾ ਅਸਤੀਫ਼ਾ ਵਰਕਿੰਗ ਕਮੇਟੀ ਨੂੰ ਸੌਂਪ ਦੇਣਗੇ।
ਵਰਨਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੀਆਂ ਚੋਣਾਂ 14 ਦਸੰਬਰ 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਵਰਕਿੰਗ ਕਮੇਟੀ ਦਾ ਪੰਜ ਸਾਲਾਂ ਦਾ ਕਾਰਜਕਾਲ ਖਤਮ ਹੋ ਜਾਵੇਗਾ। ਵਰਕਿੰਗ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਹੋ ਸਕੇ।