ਲੁਧਿਆਣਾ : ਪੰਜਾਬ ਵਿਧਾਨ ਸਭਾ (Punjab Vidhan Sabha) ਵੱਲੋਂ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਮੀਟਿੰਗ ਬੀਤੇ ਦਿਨ ਲੁਧਿਆਣਾ (Ludhiana) ਵਿਖੇ ਹੋਈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਲੁਧਿਆਣਾ ਦੇ ਵਿਧਾਇਕ ਅਤੇ ਡੀ.ਸੀ. ਨਗਰ ਨਿਗਮ ਕਮਿਸ਼ਨਰ ਨੇ ਸ਼ਿਰਕਤ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਦੇ ਕਾਰਨਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ ਗਿਆ ਕਿ ਕੀ ਕੰਮ ਸਹੀ ਢੰਗ ਨਾਲ ਚੱਲ ਰਿਹਾ ਹੈ ਜਾਂ ਨਹੀਂ। ਉਸ ਦੀ ਸਟੇਟਸ ਰਿਪੋਰਟ ਵੀ ਹਾਸਲ ਕੀਤੀ ਗਈ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਇਸ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਵਿੱਚ ਕਮੇਟੀ ਨੇ ਫ਼ੈਸਲਾ ਕੀਤਾ ਕਿ ਬੁੱਢੇ ਨਾਲੇ ਦੇ ਨਾਲ 4 ਕਿਲੋਮੀਟਰ ਦਾ ਦੌਰਾ ਕਰਕੇ ਪਤਾ ਲਗਾਇਆ ਜਾਵੇਗਾ ਕਿ ਨਾਲੇ ਵਿੱਚ ਪ੍ਰਦੂਸ਼ਣ ਫੈਲਣ ਦੇ ਕੀ ਕਾਰਨ ਹਨ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ। ਇਹ ਵੀ ਕਿਹਾ ਗਿਆ ਕਿ ਜੇਕਰ ਇਸ ਪ੍ਰਦੂਸ਼ਣ ਲਈ ਉਦਯੋਗ, ਰੰਗਾਈ, ਡੇਅਰੀ ਆਦਿ ਜ਼ਿੰਮੇਵਾਰ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।