ਚੰਡੀਗੜ੍ਹ : ਪੰਜਾਬ ‘ਚ ਐਂਬੂਲੈਂਸ ਸੇਵਾਵਾਂ ਨੂੰ ਲੈ ਕੇ ਵੱਡੀ ਖ਼ਬਰ ਹੈ। ਦਰਅਸਲ, ਐਮਰਜੈਂਸੀ ਸੇਵਾਵਾਂ ਪੰਜਾਬ ਯੂਨੀਅਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਏ.ਡੀ.ਸੀ. ਗੌਰਵ ਜੈਨ (Gaurav Jain) ਨੂੰ ਇੱਕ ਮੰਗ ਪੱਤਰ ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਨਾਂ ਸੌਂਪਿਆ ਗਿਆ ਹੈ। ਇਸ ਸਬੰਧੀ ਪ੍ਰਧਾਨ ਜਸਦੀਪ ਸਿੰਘ ਚੀਮਾ ਨੇ ਕਿਹਾ ਕਿ ਯੂਨੀਅਨ ਪਿਛਲੇ ਸਮੇਂ ਵਿੱਚ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ।
ਸਰਕਾਰ ਵੱਲੋਂ ਹਰ ਵਾਰ ਭਰੋਸਾ ਦੇਣ ਦੇ ਬਾਵਜੂਦ ਸਬ-ਕਮੇਟੀ ਜਿਸ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐੱਨ. ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ, ਉਨ੍ਹਾਂ ਨਾਲ ਹੋਈਆਂ ਮੀਟਿੰਗਾਂ ਵੀ ਬੇਸਿੱਟਾ ਰਹੀਆਂ ਹਨ, ਜਿਸ ਕਾਰਨ ਪੰਜਾਬ ਭਰ ਦੇ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਹੈ।
ਇਸ ਦੇ ਵਿਰੋਧ ‘ਚ ਮੁਲਾਜ਼ਮ ਡਿਊਟੀ ‘ਤੇ ਹਾਜ਼ਰ ਰਹਿਣਗੇ ਅਤੇ 22 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰਨਗੇ, ਜਿਸ ਤਹਿਤ ਰੋਜ਼ਾਨਾ ਇਕ ਜ਼ਿਲ੍ਹਾ ਵਧਾਉਣ ਦੀ ਤਜਵੀਜ਼ ਹੈ। ਇਸ ਦੀ ਸ਼ੁਰੂਆਤ ਮੋਹਾਲੀ ਜ਼ਿਲ੍ਹੇ ਤੋਂ ਕੀਤੀ ਜਾਵੇਗੀ। ਇਸ ਮੌਕੇ ਸੂਬਾ ਪ੍ਰਧਾਨ ਜਸਦੀਪ ਸਿੰਘ ਜੱਸੀ, ਪ੍ਰਗਟ ਸਿੰਘ ਅਤੇ 108 ਸਟਾਫ਼ ਮੈਂਬਰ ਹਾਜ਼ਰ ਸਨ।