ਜਲੰਧਰ : ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ (Punjab DGP Gaurav Yadav) ਨੇ ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਸਖ਼ਤ ਨਜ਼ਰ ਰੱਖਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਸਿਸਟਮ ਵਿੱਚ ਵੱਡਾ ਫੇਰਬਦਲ ਕਰਦਿਆਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਅਤੇ 7 ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਦੇ ਤਬਾਦਲੇ ਕਰ ਦਿੱਤੇ ਹਨ।
ਕਈ ਅਧਿਕਾਰੀਆਂ ਦੇ ਤਬਾਦਲੇ ਵੀ ਕਰ ਦਿੱਤੇ ਗਏ ਕਿਉਂਕਿ ਉਨ੍ਹਾਂ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਨਾ ਰੱਖਣ ਦਾ ਦੋਸ਼ ਸੀ। ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਰਿਪੋਰਟ ਤੋਂ ਬਾਅਦ ਪੁਲਿਸ ਤੰਤਰ ਦੇ ਫੇਰਬਦਲ ਦਾ ਫ਼ੈਸਲਾ ਲਿਆ ਹੈ। ਪੰਜਾਬ ਵਿੱਚ ਸੂਬਾ ਪੁਲਿਸ ਵੱਲੋਂ ਹੁਣ ਤੱਕ 1100 ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪਰਾਲੀ ਸਾੜ ਕੇ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਸਨ। ਪੰਜਾਬ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡੀ.ਜੀ.ਪੀ. ਯਾਦਵ ਹੁਣ ਰੇਂਜ ਅਫਸਰਾਂ, ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਰੋਜ਼ਾਨਾ ਆਨਲਾਈਨ ਮੀਟਿੰਗਾਂ ਕਰ ਰਹੇ ਹਨ। ਅੱਜ ਵੀ ਚਾਰਜ ਸੰਭਾਲਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ ਨੇ ਇਹ ਕਿਹਾ ਕਿ ਉਹ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ ਫਲਾਇੰਗ ਸਕੁਐਡ ਨੂੰ ਫੀਲਡ ਵਿੱਚ ਭੇਜਣ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।
ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਕਮੀ ਆਈ ਹੈ। ਹੁਣ 30 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਖੇਤਾਂ ਵਿੱਚ ਪਰਾਲੀ ਸਾੜਨ ਨਾਲ ਵਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ। ਪੰਜਾਬ ਪੁਲਿਸ ਨੇ ਸਪੈਸ਼ਲ ਡੀ.ਜੀ.ਪੀ. ਅਰਪਤ ਸ਼ੁਕਲਾ ਨੂੰ ਇਨ੍ਹਾਂ ਸਾਰੇ ਘਟਨਾਕ੍ਰਮ ‘ਤੇ ਨਜ਼ਰ ਰੱਖਣ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ 340 ਤੋਂ ਵੱਧ ਕਿਸਾਨਾਂ ਦੇ ਰੈਵੇਨਿਊ ਰਿਕਾਰਡ ਵਿੱਚ ਰੈੱਡ ਐਂਟਰੀਆਂ ਵੀ ਦਰਜ ਕੀਤੀਆਂ ਹਨ। ਵਰਨਣਯੋਗ ਹੈ ਕਿ ਸਪੈਸ਼ਲ ਡੀ.ਜੀ.ਪੀ. ਹੁਸ਼ਿਆਰਪੁਰ, ਜਗਰਾਉਂ, ਐੱਸ.ਬੀ.ਐੱਸ. ਨਗਰ ਸਮੇਤ ਕਈ ਇਲਾਕਿਆਂ ਵਿੱਚ ਖੇਤਾਂ ਵਿੱਚ ਜਾ ਕੇ ਅਧਿਕਾਰੀਆਂ ਤੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਹਨ।