ਕਰਨਾਟਕ: ਕਰਨਾਟਕ (Karnataka) ਦੇ ਮੁੱਖ ਮੰਤਰੀ ਸਿੱਧਰਮਈਆ (CM Siddaramaiah) ਨੇ ਸ਼ੁੱਕਰਵਾਰ ਨੂੰ ਸੂਬੇ ‘ਚ ਹਿਜਾਬ ‘ਤੇ ਲੱਗੀ ਪਾਬੰਦੀ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸੂਬੇ ‘ਚ ਹਿਜਾਬ ‘ਤੇ ਕੋਈ ਪਾਬੰਦੀ ਨਹੀਂ ਹੈ। ਸਿੱਧਰਮਈਆ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪਿਛਲੀ ਭਾਜਪਾ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲਵੇਗੀ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਫਰਵਰੀ ਮਹੀਨੇ ਵਿੱਚ ਤਤਕਾਲੀ ਭਾਜਪਾ ਸਰਕਾਰ ਨੇ ਕਰਨਾਟਕ ਵਿੱਚ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥਣਾਂ ਦੇ ਹਿਜਾਬ ਪਹਿਨਣ ਉੱਤੇ ਪਾਬੰਦੀ ਲਗਾ ਦਿੱਤੀ ਸੀ। ਸਰਕਾਰ ਨੇ ਦਲੀਲ ਦਿੱਤੀ ਸੀ ਕਿ ਸਮਾਨਤਾ ਅਤੇ ਅਖੰਡਤਾ ਨੂੰ ਭੰਗ ਕਰਨ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਕਰਨਾਟਕ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਹਿਜਾਬ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਹ ਮਾਮਲਾ ਹਾਈ ਕੋਰਟ ਤੱਕ ਵੀ ਪਹੁੰਚਿਆ। ਹੁਣ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਇਹ ਪਾਬੰਦੀ ਹਟਾਈ ਜਾ ਰਹੀ ਹੈ। ਭਾਜਪਾ ਦੀ ਬਸਵਰਾਜ ਬੋਮਈ ਦੀ ਅਗਵਾਈ ਵਾਲੀ ਸਰਕਾਰ ਨੇ 2022 ਵਿਚ ਵਿਦਿਅਕ ਸੰਸਥਾਵਾਂ ਵਿਚ ਹਿਜਾਬ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਰਾਜ ਵਿਚ ਇਕ ਮਹੀਨਾ ਲੰਬਾ ਵਿਵਾਦ ਰਿਹਾ। ਹੁਕਮਾਂ ਵਿਰੁੱਧ ਪਟੀਸ਼ਨਾਂ ਦਾਇਰ ਹੋਣ ਤੋਂ ਬਾਅਦ ਕਰਨਾਟਕ ਹਾਈ ਕੋਰਟ ਨੇ ਵੀ ਭਾਜਪਾ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ।