ਜਲੰਧਰ : ਦਿਨ ਭਰ ਦੀ ਧੁੱਪ ਤੋਂ ਬਾਅਦ ਠੰਡ ਨੇ ਫਿਰ ਜ਼ੋਰ ਫੜ ਲਿਆ ਹੈ, ਜਿਸ ਕਾਰਨ ਲੋਕ ਘਰਾਂ ਵਿਚ ਲੁਕਣ ਲਈ ਮਜ਼ਬੂਰ ਹੋ ਗਏ ਹਨ। ਮੌਸਮ ਵਿਭਾਗ (Department of Meteorology) ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਕਪੂਰਥਲਾ, ਪਟਿਆਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਸਾਰਾ ਦਿਨ ਧੁੱਪ ਨਾ ਨਿਕਲਣ ਕਾਰਨ ਠੰਢ ਵਿੱਚ ਵਾਧਾ ਹੋਇਆ। ਨਵੇਂ ਸਾਲ ‘ਤੇ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਨਵੇਂ ਸਾਲ ਦਾ ਜਸ਼ਨ ਮਨਾਉਣ ਵਾਲੇ ਲੋਕਾਂ ਨੂੰ ਪਹਿਲਾਂ ਤੋਂ ਹੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਮਹਾਨਗਰ ਜਲੰਧਰ ਰੈੱਡ ਜ਼ੋਨ ਵਿੱਚ ਆ ਰਿਹਾ ਹੈ।
ਅਗਲੇ 2 ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਵਧੇਗੀ ਅਤੇ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋਵੇਗੀ। ਇਸ ਭਵਿੱਖਬਾਣੀ ‘ਚ 2 ਜਨਵਰੀ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਅਗਲੇ ਦੋ ਦਿਨਾਂ ਤੱਕ ਅਲਰਟ ‘ਤੇ ਰਹਿਣ ਤੋਂ ਬਾਅਦ ਮਹਾਂਨਗਰ ਰੈੱਡ ਜ਼ੋਨ ਤੋਂ ਬਾਹਰ ਆ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।