ਸ੍ਰੀ ਮੁਕਤਸਰ ਸਾਹਿਬ : ਤਖ਼ਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ (Balwant Singh Nandgarh) ਦਾ ਅੱਜ ਦੇਹਾਂਤ ਹੋ ਗਿਆ ਹੈ। ਕਰੀਬ 80 ਸਾਲਾ ਜਥੇਦਾਰ ਨੰਦਗੜ੍ਹ ਨੇ ਮੁਕਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਕੁਝ ਸਮੇਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਡਾਗੁਜਰ ਜੇਲ੍ਹ ਰੋਡ ਨੇੜੇ ਸਥਿਤ ਉਨ੍ਹਾਂ ਦੇ ਫਾਰਮ ਹਾਊਸ ‘ਚ ਹੋਵੇਗਾ।
ਦੱਸ ਦੇਈਏ ਕਿ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਸਨ। ਇਸ ਤੋਂ ਪਹਿਲਾਂ ਉਹ 1996 ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਚੁਣੇ ਗਏ ਸਨ। ਉਹ ਆਪਣੀ ਸਪਸ਼ਟ ਬੋਲਣ ਸ਼ੈਲੀ ਲਈ ਜਾਣੇ ਜਾਂਦੇ ਸਨ । ਵਰਨਣਯੋਗ ਹੈ ਕਿ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨਦੰਗੜ੍ਹ ਉਨ੍ਹਾਂ ਦੇ ਪੁੱਤਰ ਹਨ , ਜੋ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਉਨ੍ਹਾਂ ਦੀ ਦੇਖਭਾਲ ਕਰ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਲੇਖਾਕਾਰ ਕੁਲਵੰਤ ਸਿੰਘ, ਸਰੂਪ ਸਿੰਘ ਨੰਦਗੜ੍ਹ, ਅਵਤਾਰ ਸਿੰਘ ਵਣਵਾਲਾ, ਗੁਰਪਾਲ ਸਿੰਘ ਗੋਰਾ, ਹੀਰਾ ਸਿੰਘ ਚੜੇਵਾਨ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਕਾਕਾ ਉੜੰਗ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|