ਲੁਧਿਆਣਾ : ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ 14 ਤਰੀਕ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਰ ਹੁਣ ਇਸੇ ਦੌਰਾਨ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਦੇ ਅਧਿਆਪਕ ਵੀ ਸਕੂਲ ਨਹੀਂ ਆਉਣਗੇ।
ਜਾਰੀ ਹੁਕਮਾਂ ਅਨੁਸਾਰ 8ਵੀਂ ਤੋਂ 10ਵੀਂ ਤੱਕ ਸਾਰੇ ਵਿਸ਼ਿਆਂ ਲਈ ਆਨਲਾਈਨ ਕਲਾਸਾਂ ਲਾਜ਼ਮੀ ਹੋਣਗੀਆਂ, ਸਬੰਧਤ ਸਕੂਲ ਮੁਖੀ ਅਤੇ ਜ਼ਿਲ੍ਹਾ ਅਧਿਕਾਰੀ ਇਨ੍ਹਾਂ ਕਲਾਸਾਂ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ ਸਕੂਲ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਅਧਿਆਪਕਾਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ ਜਦਕਿ ਬਾਕੀ ਸਟਾਫ਼ ਛੁੱਟੀ ‘ਤੇ ਰਹੇਗਾ। ਹਾਲਾਂਕਿ ਕਈ ਸਕੂਲ ਅਜਿਹੇ ਹਨ ਜਿੱਥੇ ਅਧਿਆਪਕਾਂ ਨੂੰ ਛੁੱਟੀਆਂ ਤੋਂ ਬਾਅਦ ਸਕੂਲ ਬੁਲਾਇਆ ਗਿਆ ਹੈ, ਅਜਿਹੇ ‘ਚ ਸਿੱਖਿਆ ਵਿਭਾਗ ਨੇ ਡੀਈਓ ਦੀ ਡਿਊਟੀ ਲਗਾ ਦਿੱਤੀ ਹੈ ਕਿ ਅਜਿਹੇ ਸਕੂਲਾਂ ਦੀ ਜਾਂਚ ਕੀਤੀ ਜਾਵੇ, ਜਿੱਥੇ ਅਧਿਆਪਕ ਬੁਲਾਏ ਜਾ ਰਹੇ ਹਨ ਅਤੇ ਉਨ੍ਹਾਂ ਸਕੂਲਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਠੰਡ ਅਤੇ ਧੁੰਦ ਨੇ ਜ਼ੋਰ ਫੜ ਲਿਆ ਹੈ, ਜਿਸ ਕਾਰਨ ਬੱਚਿਆਂ ਨੂੰ ਸਕੂਲ ਜਾਣ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ‘ਚ ਵਧਦੀ ਠੰਡ ਕਾਰਨ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ, ਤਾਂ ਜੋ ਬੱਚਿਆਂ ਅਤੇ ਅਧਿਆਪਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲ ਸਕੇ। ਪੰਜਾਬ ਸਰਕਾਰ ਵੱਲੋਂ ਕੱਲ੍ਹ ਛੁੱਟੀਆਂ ਦੇ ਐਲਾਨ ਨਾਲ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ। ਭਾਵੇਂ ਇੱਕ ਦਿਨ ਪਹਿਲਾਂ ਸਿੱਖਿਆ ਮੰਤਰੀ ਦੇ ਇਸ ਬਿਆਨ ਨੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਸਨ ਕਿ ਸਕੂਲਾਂ ਵਿੱਚ ਛੁੱਟੀਆਂ ਨਹੀਂ ਕੀਤੀਆਂ ਜਾ ਸਕਦੀਆਂ ਪਰ ਹੁਣ ਛੁੱਟੀਆਂ ਦੇ ਐਲਾਨ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।