ਜਲੰਧਰ: ਕਿਸਾਨਾਂ ਨੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਇਸ ਵਾਰ ਕਿਸਾਨਾਂ ਨੇ ਸੂਬੇ ਵਿੱਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ। ਬੇਸਹਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਪਿਛਲੇ ਸੋਮਵਾਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 10 ਦਿਨਾਂ ਦੇ ਅੰਦਰ ਬੇਸਹਾਰਾ ਪਸ਼ੂਆਂ ਦੀ ਸੰਭਾਲ ਨਾ ਕੀਤੀ ਗਈ ਤਾਂ ਉਹ ਸਾਰੇ ਪਸ਼ੂਆਂ ਨੂੰ ਟਰਾਲੀਆਂ ਵਿੱਚ ਪਾ ਕੇ ਡੀਸੀ ਦਫ਼ਤਰ ਵਿੱਚ ਛੱਡ ਦੇਣਗੇ। ਇੰਨਾ ਹੀ ਨਹੀਂ ਕਿਸਾਨਾਂ ਨੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ।
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜਲੰਧਰ ਇਕਾਈ ਨੇ ਉਕਤ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਬੇਸਹਾਰਾ ਪਸ਼ੂ ਕਿਸਾਨਾਂ ਦੇ ਖੇਤਾਂ ਵਿੱਚ ਵੜ ਕੇ ਉਨ੍ਹਾਂ ਦਾ ਕਾਫੀ ਨੁਕਸਾਨ ਕਰ ਰਹੇ ਹਨ। ਇਸ ਦੇ ਨਾਲ ਹੀ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਕਈ ਵੱਡੇ ਹਾਦਸੇ ਵਾਪਰ ਰਹੇ ਹਨ।