ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ (postponed) ਕਰ ਦਿੱਤੀਆਂ ਗਈਆਂ ਹਨ। ਵਟਸਐਪ ਰਾਹੀਂ ਕੌਂਸਲਰਾਂ ਨੂੰ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਕਰਨ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸ ਨੇਤਾਵਾਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਨੂੰ ਲੈ ਕੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ‘ਚ ‘ਆਪ’,ਕਾਂਗਰਸ ਦੇ ਗੱਠਜੋੜ ਅਤੇ ਭਾਜਪਾ ‘ਚ ਟੱਕਰ ਦਾ ਮੁਕਾਬਲਾ ਹੋਣਾ ਸੀ। ਅੱਜ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਚੰਡੀਗੜ੍ਹ ਪੁਲਿਸ ਨੇ ਨਿਗਮ ਦਫ਼ਤਰ ਦੀ ਸੁਰੱਖਿਆ ਲਈ 1000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਸਨ, ਜਿਨ੍ਹਾਂ ਨੂੰ ਸਵੇਰੇ 6 ਵਜੇ ਤੋਂ ਹੀ ਤਾਇਨਾਤ ਕਰ ਦਿੱਤਾ ਗਿਆ ਸੀ।