ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal president Sukhbir Singh Badal) ਵੱਲੋਂ ਪਾਰਟੀ ਦੇ ਪੁਰਾਣੇ ਆਗੂਆਂ ਅਤੇ ਰਵਾਇਤੀ ਅਕਾਲੀਆਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਅਪੀਲ ਦੇ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ (Former Minister Of Punjab Sucha Singh Langah) ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਮੁੜ ਅਕਾਲੀ ਦਲ ‘ਚ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ।
ਲੰਗਾਹ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਨਿਭਾਈਆਂ ਅਣਥੱਕ ਸੇਵਾਵਾਂ ਦਾ ਹਵਾਲਾ ਦੇਣ ਦੇ ਨਾਲ-ਨਾਲ ਸਿਆਸੀ ਰੰਜਿਸ਼ ਤਹਿਤ ਪਾਏ ਝੂਠੇ ਕੇਸ ਵਿਚੋਂ ਬਰੀ ਹੋਣ ਦਾ ਹਵਾਲਾ ਦਿੱਤਾ ਹੈ।ਉਨ੍ਹਾਂ ਕਿਹਾ ਕਿ 1987 ‘ਚ ਉਨ੍ਹਾਂ ਨੇ ਪਾਰਟੀ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਪਾਰਟੀ ਨੂੰ ਕਦੇ ਪਿੱਠ ਨਹੀਂ ਦਿਖਾਈ। ਉਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ ਤੇ 30 ਸਾਲ ਜ਼ਿਲ੍ਹਾ ਪ੍ਰਧਾਨ ਵਜੋਂ ਅਕਾਲੀ ਦਲ ਦੀ ਸੇਵਾ ਕੀਤੀ।
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ’ਤੇ ਝੂਠਾ ਕੇਸ ਬਣਾਇਆ ਗਿਆ ਤਾਂ ਉਨ੍ਹਾਂ ਨੇ ਪਾਰਟੀ ਦਾ ਸਿਆਸੀ ਨੁਕਸਾਨ ਹੋਣ ਤੋਂ ਬਚਾਉਣ ਲਈ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਉਹ ਇਕ ਵਰਕਰ ਬਣ ਕੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ ਹਨ।ਹੁਣ ਜਦੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸਾਰੇ ਪੰਥਕ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ ਤਾਂ ਉਹ ਵੀ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਕਰ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਮੌਕਾ ਦਿੱਤਾ ਜਾਵੇ।