ਫਿਲੌਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਵੱਲੋਂ ਦਲ-ਬਦਲੀ ਅਤੇ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਇਸ ਦੇ ਚੱਲਦਿਆਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਇੱਕ ਵਿਧਾਇਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਲੰਧਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਚੌਧਰੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ’ਚ ਵਿੱਚ ਇਸ ਕਾਂਗਰਸੀ ਆਗੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਆਪਣਾ ਅਸਤੀਫ਼ਾ ਪ੍ਰਤਾਪ ਬਾਜਵਾ ਨੂੰ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਵਿਕਰਮਜੀਤ ਚੌਧਰੀ ਜਲੰਧਰ ਦੇ ਫਿਲੌਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ। ਦਰਅਸਲ ਵਿਕਰਮਜੀਤ ਜਲੰਧਰ ਲੋਕ ਸਭਾ ਸੀਟਾਂ ਨੂੰ ਲੈ ਕੇ ਪਾਰਟੀ ਤੋਂ ਕਾਫੀ ਜਿਆਦਾ ਨਾਰਾਜ਼ ਹਨ। ਜਿਸ ਕਾਰਨ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਚੌਧਰੀ ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਉਣ ਦੇ ਵਿਚਾਰ ਦੇ ਵਿਰੋਧ ਵਿੱਚ ਸਨ, ਜਿਸ ਕਾਰਨ ਉਨ੍ਹਾਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਹਾਲ ਹੀ ‘ਚ ਚੰਨੀ ਦੀ ਪੰਜਾਬ ਦੀ ਕਿਸੇ ਵੀ ਸੀਟ ਤੋਂ ਚੋਣ ਲੜਨ ਦੀ ਯੋਗਤਾ ‘ਤੇ ਸਵਾਲ ਉਠਾਏ ਸਨ ਕਿਉਂਕਿ ਉਹ ਚਮਕੌਰ ਸਾਹਿਬ ਅਤੇ ਭਦੌੜ ਖੇਤਰਾਂ ਤੋਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ।