ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh) ਨੇ ਵਿੱਤੀ ਸਾਲ 2024-25 ਲਈ ਹਰਿਆਣਾ ਵਿੱਚ 976 ਖੇਡ ਨਰਸਰੀਆਂ (Sports Nurseries) ਨੂੰ ਮਨਜ਼ੂਰੀ ਦਿੱਤੀ ਹੈ। ਉਪਰੋਕਤ ਨਰਸਰੀਆਂ ਵਿੱਚੋਂ 196 ਖੇਡ ਨਰਸਰੀਆਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ 115 ਖੇਡ ਨਰਸਰੀਆਂ ਗ੍ਰਾਮ ਪੰਚਾਇਤਾਂ ਨੂੰ, 278 ਖੇਡ ਨਰਸਰੀਆਂ ਪ੍ਰਾਈਵੇਟ ਸੰਸਥਾਵਾਂ ਨੂੰ ਅਤੇ 387 ਖੇਡ ਨਰਸਰੀਆਂ ਪ੍ਰਾਈਵੇਟ ਸਕੂਲਾਂ ਨੂੰ ਅਲਾਟ ਕੀਤੀਆਂ ਗਈਆਂ ਹਨ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਹ ਨਰਸਰੀਆਂ ਅਲਾਟ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 28 ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਨਿਪੁੰਨ ਬਣਾਇਆ ਜਾਵੇਗਾ।
ਹਰਿਆਣਾ ਦੇ ਖੇਡ ਰਾਜ ਮੰਤਰੀ ਸੰਜੇ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਤਹਿਤ ਸੂਬੇ ਵਿੱਚ ਖੇਡ ਨਰਸਰੀਆਂ ਖੋਲ੍ਹ ਕੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਕੂਲਾ ਵਿੱਚ ਖੇਲੋ ਇੰਡੀਆ-ਯੁਵਾ ਖੇਡਾਂ ਦੇ ਸਫਲ ਆਯੋਜਨ ਤੋਂ ਬਾਅਦ ਹਰਿਆਣਾ ਵਿੱਚ ਨਵਾਂ ਖੇਡ ਸੱਭਿਆਚਾਰ ਉਭਰਿਆ ਹੈ। ਖੇਡ ਵਿਭਾਗ ਵੱਲੋਂ ਜਿੱਥੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਖੇਡ ਨਰਸਰੀਆਂ ਨੂੰ ਪ੍ਰਵਾਨਗੀ ਦਿੱਤੀ ਜਾ ਰਹੀ ਹੈ, ਉੱਥੇ ਹੁਣ ਨਿੱਜੀ ਅਦਾਰੇ ਅਤੇ ਉਦਯੋਗਿਕ ਘਰਾਣੇ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆ ਰਹੇ ਹਨ।