ਨਵੀਂ ਦਿੱਲੀ : ਸੁਪਰੀਮ ਕੋਰਟ (The Supreme Court) ਨੇ NEET UG ਪੇਪਰ ਲੀਕ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਭੈ ਐਸ ਓਕਾ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ‘ਤੇ ਪਹਿਲਾਂ ਹੀ 8 ਜੁਲਾਈ ਨੂੰ ਸੁਣਵਾਈ ਹੋਣੀ ਤੈਅ ਹੈ। ਲੰਬਿਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਅਪਰਾਧ ਸਿਰਫ਼ ਆਈ.ਪੀ.ਸੀ ਤੱਕ ਸੀਮਤ ਨਹੀਂ ਹੈ ਅਤੇ ਦੋਸ਼ੀ ਨੂੰ ਪੀ.ਐਮ.ਐਲ.ਏ 2002 ਦੀਆਂ ਸਖ਼ਤ ਧਾਰਾਵਾਂ ਤਹਿਤ ਲਿਆਂਦਾ ਜਾਣਾ ਚਾਹੀਦਾ ਹੈ।
ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਾਖ਼ਲਾ ਕਾਊਂਸਲਿੰਗ ਪ੍ਰਕਿਰਿਆ ਨੂੰ ਰੋਕਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਉਹ ਕਾਉਂਸਲਿੰਗ ਪ੍ਰਕਿਰਿਆ ਨੂੰ ਰੋਕਣ ਲਈ ਕੋਈ ਅੰਤਰਿਮ ਨਿਰਦੇਸ਼ ਪਾਸ ਨਹੀਂ ਕਰੇਗੀ। ਇਸ ਦੌਰਾਨ, ਕੇਂਦਰ ਨੇ ਸ਼ਨੀਵਾਰ ਨੂੰ ਇਸ ਸਾਲ 5 ਮਈ ਨੂੰ ਔਫਲਾਈਨ OMR ਮੋਡ ਵਿੱਚ ਆਯੋਜਿਤ NEET UG 2024 ਪ੍ਰੀਖਿਆ ਦੇ ਸੰਚਾਲਨ ਵਿੱਚ ਪੇਪਰ ਲੀਕ ਅਤੇ ਹੋਰ ਬੇਨਿਯਮੀਆਂ ਦੇ ਦੋਸ਼ਾਂ ਦੀ ਸੀ.ਬੀ.ਆਈ ਜਾਂਚ ਦੇ ਆਦੇਸ਼ ਦਿੱਤੇ।