ਬਰਨਾਲਾ : ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister in Punjab Government Gurmeet Singh Meet Hair) ਨੇ ਆਪਣੇ ਕੈਬਨਿਟ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਵੀ ਸਵੀਕਾਰ ਕਰ ਲਿਆ ਗਿਆ ਹੈ। ਮੀਤ ਹੇਅਰ ਕੋਲ ਖੇਡ ਅਤੇ ਯੁਵਕ ਭਲਾਈ ਵਿਭਾਗ ਸੀ, ਜਿਸ ਦੀ ਅਗਵਾਈ ਹੁਣ ਖੁਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ 3 ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ।
ਮੀਤ ਹੇਅਰ ਦੇ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ ਅਤੇ ਚੋਣ ਕਮਿਸ਼ਨ ਜਲਦੀ ਹੀ ਇਸ ਸੀਟ ‘ਤੇ ਉਪ ਚੋਣਾਂ ਕਰਵਾਉਣ ਵਾਲਾ ਹੈ। ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ‘ਚ ਦਾਖ਼ਲ ਹੋਣ ਤੋਂ ਬਾਅਦ ਇਨ੍ਹਾਂ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ, ਜਦਕਿ ਜਲੰਧਰ ‘ਚ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਤੋਂ ਬਾਅਦ ਅਗਲੇ ਮਹੀਨੇ ਚੋਣਾਂ ਹੋ ਰਹੀਆਂ ਹਨ।
2017 ਵਿੱਚ ਪਹਿਲੀ ਵਾਰ ਚੋਣ ਜਿੱਤੀ
ਗੁਰਮੀਤ ਸਿੰਘ ਮੀਤ ਹੇਅਰ ਦਾ ਜਨਮ 1989 ਵਿੱਚ ਹੋਇਆ ਸੀ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਪਹਿਲੀ ਵਾਰ 2017 ‘ਚ ਚੋਣ ਲੜੀ ਸੀ। ਉਸ ਸਮੇਂ ਉਹ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ। ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਬਰਨਾਲਾ ਹਲਕੇ ਤੋਂ 50 ਫੀਸਦੀ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ। ਇਸ ਨਾਲ ਉਨ੍ਹਾਂ ਨੂੰ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਇਆ ਗਿਆ।