ਲੁਧਿਆਣਾ : ਪੰਜਾਬ ਦੇ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਨੂੰ ਲੈ ਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦਾ, ਉਦੋਂ ਤੱਕ ਟੋਲ ਪਲਾਜ਼ਾ ਨਹੀਂ ਚੱਲਣ ਦਿੱਤਾ ਜਾਵੇਗਾ।
ਉਨ੍ਹਾਂ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੀਟਿੰਗ ਲਈ ਸਮਾਂ ਦਿੱਤਾ ਸੀ ਪਰ ਸਵੇਰੇ ਉਨ੍ਹਾਂ ਨੂੰ ਐਸ.ਡੀ.ਐਮ. ਦੀਪਕ ਭਾਟੀਆ ਦਾ ਫੋਨ ਆਇਆ ਕਿ ਅੱਜ ਜ਼ਿਲ੍ਹਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਚੰਡੀਗੜ੍ਹ ਮੀਟਿੰਗ ਲਈ ਜਾਣਾ ਹੈ। ਜਿਸ ਲਈ ਉਨ੍ਹਾਂ ਨੂੰ ਕੁਝ ਦਿਨਾਂ ਬਾਅਦ ਅਗਲੀ ਮੀਟਿੰਗ ਦਾ ਸਮਾਂ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ 15 ਦਿਨਾਂ ਦਾ ਸਮਾਂ ਮੰਗਿਆ ਹੈ ਕਿ ਟੋਲ ਸ਼ੁਰੂ ਕਰਨ ਤੋਂ ਬਾਅਦ ਉਹ 15 ਦਿਨਾਂ ਦੇ ਅੰਦਰ-ਅੰਦਰ ਨੈਸ਼ਨਲ ਹਾਈਵੇਅ ਅਥਾਰਟੀ ਅੱਗੇ ਆਪਣੀਆਂ ਮੰਗਾਂ ਰੱਖ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾਉਣਗੇ। ਪ੍ਰਧਾਨ ਗਿੱਲ ਤੇ ਕਾਦੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ’ਤੇ ਟੋਲ ਪਲਾਜ਼ਾ ਚਾਲੂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਟੋਲ ਪਲਾਜ਼ਾ ਕਿਸੇ ਵੀ ਹਾਲਤ ਵਿੱਚ ਨਹੀਂ ਖੋਲ੍ਹਣ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਅਥਾਰਟੀ ਦੀਆਂ ਟੀਮਾਂ ਨੇ ਲਾਡੋਵਾਲ ਟੋਲ ਪਲਾਜ਼ਾ ਦਾ ਵੀ ਦੌਰਾ ਕੀਤਾ ਜਿਸ ਵਿੱਚ ਉਨ੍ਹਾਂ ਨੇ ਸਿਕਸ ਲਾਈਨ ਪ੍ਰੋਜੈਕਟ ਦੀਆਂ ਕਮੀਆਂ ਵੀ ਦੇਖੀਆਂ। ਉਨ੍ਹਾਂ ਦੱਸਿਆ ਕਿ ਸ਼ੰਭੂ ਬੈਰੀਅਰ ਤੋਂ ਲੁਧਿਆਣਾ ਆਉਣ ਵਾਲੇ ਡਰਾਈਵਰ ਨੂੰ ਕੋਈ ਟੋਲ ਟੈਕਸ ਨਹੀਂ ਦੇਣਾ ਪੈਂਦਾ, ਪਰ ਲੁਧਿਆਣਾ ਤੋਂ ਫਿਲੌਰ ਜਾਣ ਵਾਲੇ ਡਰਾਈਵਰ ਨੂੰ 300 ਰੁਪਏ ਤੋਂ ਵੱਧ ਦੀ ਪਰਚੀ ਲੈਣੀ ਪੈਂਦੀ ਹੈ। 30 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਟੋਲ ਪਲਾਜ਼ਾ ‘ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਨਾਲ ਗੱਲਬਾਤ ਕੀਤੀ ਜਾਵੇਗੀ ਪਰ ਅੱਜ 11 ਦਿਨ ਬੀਤ ਜਾਣ ‘ਤੇ ਵੀ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ। ਨੈਸ਼ਨਲ ਹਾਈਵੇਅ ਅਥਾਰਟੀ ਤੋਂ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਟੋਲ ਦਰਾਂ ਵਿੱਚ ਵਾਧਾ, 24 ਘੰਟੇ ਦੀ ਪਰਚੀ ਅਤੇ ਰਾਹਗੀਰਾਂ ਲਈ ਪਾਸ ਵਾਪਸ ਨਾ ਲਿਆ ਗਿਆ ਤਾਂ ਉਹ ਮੁੜ ਤੋਂ ਆਪਣਾ ਅੰਦੋਲਨ ਸ਼ੁਰੂ ਕਰ ਦੇਣਗੇ।