ਚੰਡੀਗੜ੍ਹ : ਜਿਸ ਤਰ੍ਹਾਂ ਪੰਜਾਬ ਸਰਕਾਰ ‘ਸਰਕਾਰ ਆਪਕੇ ਦੁਆਰ’ ਪ੍ਰੋਗਰਾਮ ਚਲਾ ਰਹੀ ਹੈ। ਇਸ ਤਹਿਤ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਇਸੇ ਤਰ੍ਹਾਂ ਹੁਣ ਵਿਧਾਇਕ ਵੀ ਲੋਕਾਂ ਦੇ ਬੂਹੇ ’ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ‘ਚ ‘ਆਪਕਾ ਵਿਧਾਇਕ ਆਪਕੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਵਿਧਾਇਕ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕਰਨਗੇ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ‘ਤੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਵਿਚਾਰ ਕੀਤਾ। ਉਨ੍ਹਾਂ ਸਮੂਹ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਵਿਧਾਇਕਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਪੰਜਾਬ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕੇਂਦਰ ਵੱਲੋਂ ਨੈਸ਼ਨਲ ਹਾਈਵੇ ‘ਤੇ ਚਲਾਏ ਜਾ ਰਹੇ ਪ੍ਰੋਜੈਕਟ ਸਬੰਧੀ ਜਲੰਧਰ ਅਤੇ ਲੁਧਿਆਣਾ ‘ਚ ਦਰਜ ਐਫ.ਆਈ.ਆਰਜ਼ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪੰਚਾਇਤੀ ਚੋਣਾਂ ਸਬੰਧੀ ਵੀ ਚਰਚਾ ਹੋਈ। ਇਸ ਮੀਟਿੰਗ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਾਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ। ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਤੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਕੰਮਾਂ ਬਾਰੇ ਫੀਡਬੈਕ ਲਿਆ ਅਤੇ ਭਵਿੱਖ ਲਈ ਦਿਸ਼ਾ-ਨਿਰਦੇਸ਼ ਦਿੱਤੇ।