ਸਪੋਰਟਸ ਡੈਸਕ : ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਸਨਮਾਨਿਤ ਕੀਤਾ ਗਿਆ। ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ (Hockey Team) ਦੇ ਅੱਠ ਖਿਡਾਰੀਆਂ ਨੂੰ 1-1 ਕਰੋੜ ਰੁਪਏ ਅਤੇ ਓਲੰਪਿਕ ਵਿੱਚ ਭਾਗ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ ਗਏ।
ਪੈਰਿਸ ਓਲੰਪਿਕ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਚੰਡੀਗੜ੍ਹ ਵਿੱਚ ਸਨਮਾਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਸੂਬੇ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਇਸ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਉਲੰਪਿਕ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਲਾਘਾ ਦੇ ਪਾਤਰ ਹੈ। ਇਹ ਸੂਬੇ ਲਈ ਮਾਣ ਵਾਲੀ ਗੱਲ ਹੈ। ਉਲੰਪਿਕ ਖਿਡਾਰੀਆਂ ਨੇ ਤਗਮੇ ਜਿੱਤ ਕੇ ਪੰਜਾਬੀਆਂ ਦੇ ਖੂਨ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਇਸ ਸੂਬੇ ਦੇ ਨੌਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਮਿਲੀ ਹੈ। ਇਨ੍ਹਾਂ ਖਿਡਾਰੀਆਂ ਨੂੰ ਨਸ਼ਾ ਵਿਰੋਧੀ ਬ੍ਰਾਂਡ ਅੰਬੈਸਡਰ ਵੀ ਬਣਾਇਆ ਜਾਵੇਗਾ।
ਇਨ੍ਹਾਂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਤੁਹਾਨੂੰ ਦੱਸ ਦੇਈਏ ਕਿ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਸ਼ਾਮਲ ਹਨ, ਜਿਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਸੁਖਜੀਤ ਸਿੰਘ, ਕਿਸ਼ਨ ਬਹਾਦਰ ਪਾਠਕ ਅਤੇ ਜੁਗਰਾਜ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਓਲੰਪਿਕ ਵਿੱਚ ਪੰਜਾਬ ਦੇ ਛੇ ਖਿਡਾਰੀਆਂ ਨੇ ਸ਼ੂਟਿੰਗ, ਇੱਕ-ਇੱਕ ਸ਼ਾਟ ਪੁਟ, ਅਥਲੈਟਿਕਸ ਅਤੇ ਗੋਲਫ ਵਿੱਚ ਭਾਗ ਲਿਆ ਸੀ, ਉਨ੍ਹਾਂ ਨੂੰ ਵੀ 15-15 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।