Home ਪੰਜਾਬ ਹਿੰਦੂ ਸੰਗਠਨਾਂ ਨੇ ਅੱਜ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਹਿੰਦੂ ਸੰਗਠਨਾਂ ਨੇ ਅੱਜ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

0

ਚੰਡੀਗੜ੍ਹ : ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾਉਣ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਇਸ ਮਾਮਲੇ ਨੂੰ ਰਿਕਾਰਡ ਤੋੜ ਸਮੇਂ ਵਿੱਚ ਹੱਲ ਕਰ ਲਿਆ ਹੈ। ਹਿੰਦੂ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿੱਚ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਕਿਸੇ ਹੋਰ ਸੂਬੇ ਵਿੱਚ ਕਾਬੂ ਕਰ ਲਿਆ ਹੈ। ਇਸ ਨਾਲ ਹਿੰਦੂਆਂ ਵਿੱਚ ਉਤਸ਼ਾਹ ਵਧਿਆ ਹੈ ਅਤੇ ਲੋਕਾਂ ਨੂੰ ਭਰੋਸਾ ਹੋ ਗਿਆ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੇ ਮੰਦਰ ਅਤੇ ਗੁਰਦੁਆਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿੱਚ ਹੋਈ ਚੋਰੀ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਦੇਖ ਕੇ ਤਸੱਲੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਭਵਿੱਖ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਗਈ ਹੈ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੁੱਖ ਮੰਤਰੀ ਸਿਰਫ਼ ਪਲੇਟਫਾਰਮਾਂ ‘ਤੇ ਹੀ ਬੋਲਦੇ ਨਹੀਂ ਹਨ, ਅੱਜ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਵਿੱਚ ਵਿਸ਼ਵਾਸ ਹੋਰ ਵਧ ਗਿਆ ਹੈ।

ਖੰਨਾ ਪੁਲਿਸ ਨੇ 15 ਅਗਸਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਰ ਵਿੱਚ ਵਾਪਰੀ ਚੋਰੀ ਅਤੇ ਬੇਅਦਬੀ ਦੀ ਘਟਨਾ ਨੂੰ 5 ਦਿਨਾਂ ਦੇ ਅੰਦਰ ਸੁਲਝਾ ਕੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਸ਼ਿਵ ਮੰਦਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਤਾਮਿਲਨਾਡੂ ਅਤੇ ਤੇਲੰਗਾਨਾ ‘ਚ ਮੰਦਰਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਇਹ ਆਪਰੇਸ਼ਨ ਚੰਡੀਗੜ੍ਹ ਪੁਲਿਸ, ਬਟਾਲਾ ਪੁਲਿਸ, ਊਧਮ ਸਿੰਘ ਨਗਰ ਪੁਲਿਸ, ਉਤਰਾਖੰਡ ਅਤੇ ਲਖਨਊ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਰਿੰਕੂ ਵਾਸੀ ਸਿੰਧੀ ਝਾਲਾ ਜ਼ਿਲ੍ਹਾ ਊਧਮ ਸਿੰਘ ਨਗਰ ਉੱਤਰਾਖੰਡ, ਰਵੀ ਕੁਮਾਰ ਵਾਸੀ ਮਹਿੰਦਪੁਰ ਰੋਪੜ, ਹਨੀ ਵਾਸੀ ਮਹਿੰਦਪੁਰ ਰੋਪੜ ਅਤੇ ਰਾਜੀਵ ਕੁਮਾਰ ਉਰਫ਼ ਸੋਨੀ ਵਾਸੀ ਕੁਮਾਰਪੁਰਮ ਲਖਨਊ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version