ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਹਾਈ ਕੋਰਟ ਨੇ ਬੀਤੇ ਦਿਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਲਗਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਾਰਜਕਾਲ ਖ਼ਤਮ ਹੋਣ ਦੇ ਬਾਵਜੂਦ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ।
ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ ‘ਤੇ ਸਰਕਾਰ ਅਦਾਲਤ ਨੂੰ ਦੱਸੇ ਕਿ ਚੋਣਾਂ ‘ਚ ਦੇਰੀ ਕਿਉਂ ਹੋਈ ਅਤੇ ਚੋਣਾਂ ਕਦੋਂ ਹੋਣਗੀਆਂ। ਅਦਾਲਤ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਸਬੰਧੀ 23 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ ਵਿੱਚ ਦੱਸਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖਤਮ ਹੋ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਜਿਸ ਕਾਰਨ ਇੱਥੇ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ।
ਪਟੀਸ਼ਨਰ ਨੇ ਚੋਣਾਂ ਕਰਵਾਉਣ ਲਈ 5 ਜੁਲਾਈ ਨੂੰ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਉਸ ਨੂੰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਇਸ ਲਈ ਹੁਣ ਉਹ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਹਦਾਇਤਾਂ ਦੀ ਮੰਗ ਕਰਨ ਲਈ ਮਜ਼ਬੂਰ ਹੈ।