ਚੰਡੀਗੜ੍ਹ : ਸੂਬੇ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਮੋਹਾਲੀ ਵਿੱਚ ਆਧੁਨਿਕ ਕੰਮਕਾਜੀ ਔਰਤਾਂ ਦੇ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਸਸਤੀ ਅਤੇ ਸੁਰੱਖਿਅਤ ਰਿਹਾਇਸ਼ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਹੋਸਟਲ ਮੋਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਭਯਾ ਫੰਡ ਤਹਿਤ 12.57 ਕਰੋੜ ਰੁਪਏ ਮਿਲੇ ਹਨ। ਇਸ ਪ੍ਰਸਤਾਵ ਨੂੰ ਸਕੀਮ ਤਹਿਤ ਗਠਿਤ ਅਧਿਕਾਰਤ ਕਮੇਟੀ ਵੱਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖਾਸ ਕਰਕੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵਧੇਰੇ ਕੰਮਕਾਜੀ ਮਹਿਲਾ ਹੋਸਟਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਔਰਤਾਂ ਨੂੰ ਆਪਣਾ ਕਰੀਅਰ ਬਣਾਉਣ ਲਈ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ।