ਲੁਧਿਆਣਾ : ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਵਿਖੇ ਅੱਜ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ (Toll Plaza Workers Union Punjab) ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ।
ਇਸ ਮੀਟਿੰਗ ਦੀ ਅਗਵਾਈ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਇਸ ਦੌਰਾਨ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ , ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ ਅੱਜ ਯਾਨੀ 27 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ ਅਤੇ ਕਿਸੇ ਵੀ ਵਾਹਨ ਚਾਲਕ ਨੂੰ ਟੋਲ ਵਸੂਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਪ੍ਰਾਵੀਡੈਂਟ ਫੰਡ ਦੀ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਟੋਲ ਵਰਕਰਾਂ ਨੂੰ ਕੋਈ ਵੀ ਈ.ਐਸ.ਡੀ ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦੇ ਰਹੀ ਹੈ ਇਸ ਦੇ ਵਿਰੋਧ ਵਿੱਚ ਟੋਲ ਮੁਲਾਜ਼ਮਾਂ ਵੱਲੋਂ ਉਕਰੋਕਤ ਕਦਮ ਚੁੱਕਿਆ ਜਾਵੇਗਾ। ਇਸ ਮੀਟਿੰਗ ਦੌਰਾਨ ਲਾਡੋਵਾਲ ਟੋਲ ਹੈੱਡ ਬਚਿੱਤਰ ਸਿੰਘ, ਪੰਕਜ ਕੁਮਾਰ, ਭਾਗਵਤ ਸਿੰਘ, ਕੁਲਜੀਤ ਸਿੰਘ, ਸਿਮਰਨਪ੍ਰੀਤ ਕੌਰ, ਰਣਵੀਰ ਸਿੰਘ, ਸੰਗੀਤਾ ਰਾਣੀ, ਵਿਕਰਮ ਕੁਮਾਰ, ਮਨਮੀਤ ਸਿੰਘ ਆਦਿ ਟੋਲ ਪਲਾਜ਼ਾ ਯੂਨੀਅਨ ਦੇ ਮੁਲਾਜ਼ਮ ਹਾਜ਼ਰ ਸਨ।