ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀ ਖ਼ਬਰ ਨੇ ਸੂਬੇ ਦੀ ਸਿਆਸਤ ਵਿੱਚ ਖਲਬਲੀ ਮਚਾ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਸੁਨੀਲ ਜਾਖੜ ਦਾ ਆਪਣਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਭਾਜਪਾ ਦੇ ਸੀਨੀਅਰ ਆਗੂਆਂ ਅਨਿਲ ਸਰੀਨ ਅਤੇ ਹਰਜੀਤ ਗਰੇਵਾਲ ਨੇ ਜਾਖੜ ਦੇ ਅਸਤੀਫ਼ੇ ਦੀ ਖ਼ਬਰ ਨੂੰ ਅਫਵਾਹ ਕਰਾਰ ਦਿੱਤਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਬੁਲਾਈ ਹੈ।
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਾਰੇ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸੁਨੀਲ ਜਾਖੜ ਇਸ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਜਾਂ ਨਹੀਂ। ਕਿਉਂਕਿ ਵਿਜੇ ਰੂਪਾਨੀ ਨੇ ਜ਼ਿਮਨੀ ਚੋਣਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਬਠਿੰਡਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਸੀ ਪਰ ਸੂਬਾ ਪ੍ਰਧਾਨ ਇਸ ਤੋਂ ਗੈਰਹਾਜ਼ਰ ਰਹੇ। ਦੂਜੇ ਪਾਸੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਸੁਨੀਲ ਜਾਖੜ ਵਿਚਾਲੇ ਹਾਲ ਹੀ ‘ਚ ਮੀਟਿੰਗ ਵੀ ਹੋਈ ਹੈ।
ਇੱਥੇ ਦੱਸ ਦੇਈਏ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਦੀ ਚਰਚਾ ਨੂੰ ਲੈ ਕੇ ਉਨ੍ਹਾਂ ਦੇ ਵਿਰੋਧੀ ਵੀ ਉਨ੍ਹਾਂ ‘ਤੇ ਨਿਸ਼ਾਨਾ ਸਾਧ ਰਹੇ ਹਨ, ਜਿਸ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਜਾਖੜ ਦੇ ਅਸਤੀਫ਼ੇ ਦੀ ਖਬਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਵੜਿੰਗ ਨੇ ਉਨ੍ਹਾਂ ਨੂੰ ਪੁੱਛਿਆ ਸੀ ਕਿ ਉਹ ਅੱਗੇ ਕਿੱਥੇ ਜਾ ਰਹੇ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਪਾਰਟੀ ਨੂੰ ਜਦੋਂ ਵੀ ਸੁਨੀਲ ਜਾਖੜ ਦੀ ਲੋੜ ਹੁੰਦੀ ਹੈ, ਉਹ ਦੌੜਦੇ ਹਨ। ਉਨ੍ਹਾਂ ਕਾਂਗਰਸ ਨਾਲ ਵੀ ਅਜਿਹਾ ਹੀ ਕੀਤਾ ਅਤੇ ਹੁਣ ਉਹ ਭਾਜਪਾ ਨਾਲ ਵੀ ਅਜਿਹਾ ਹੀ ਕਰ ਰਹੇ ਹਨ। ਇਸ ‘ਤੇ ਪੰਜਾਬ ਭਾਜਪਾ ਨੇ ਵੜਿੰਗ ਨੂੰ ਆਪਣੀ ਪ੍ਰਧਾਨਗੀ ਬਚਾਉਣ ਦੀ ਸਲਾਹ ਦਿੱਤੀ।