ਅੰਮ੍ਰਿਤਸਰ : ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਵਿੱਚੋਂ ਇੱਕ ਕੋਲੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ। ਹਾਲਾਂਕਿ ਮੁਲਜ਼ਮ ਆਪਣੇ ਸਾਥੀ ਦੀ ਕਾਰ ਵਿੱਚ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਪਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਨਾਲ ਭਰੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਪਿੰਡ ਸੁੱਖੇਵਾਲਾ, ਅੰਮ੍ਰਿਤਸਰ ਨੇੜੇ ਦੋ ਸ਼ੱਕੀ ਵਾਹਨਾਂ ਨੂੰ ਰੋਕ ਕੇ 10.4 ਕਿਲੋ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਵਿੱਚੋਂ ਇੱਕ ਸੁਖਰਾਜ ਸਿੰਘ ਵਾਸੀ ਤਰਨਤਾਰਨ ਇੱਕ ਅਣਪਛਾਤੇ ਸਾਥੀ ਸਮੇਤ ਮਹਿੰਦਰਾ ਸਕਾਰਪੀਓ ਵਿੱਚ ਸਵਾਰ ਹੋ ਕੇ ਫਰਾਰ ਹੋ ਗਿਆ, ਜਦੋਂਕਿ ਨਸ਼ੀਲੇ ਪਦਾਰਥਾਂ ਵਾਲੀ ਮਾਰੂਤੀ ਸੁਜ਼ੂਕੀ ਬਲੇਨੋ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ।
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਾਰੇ ਨਾਗਰਿਕਾਂ ਲਈ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਕਾਇਮ ਹੈ।