ਪੰਜਾਬ : ਪੰਜਾਬ ਸਰਕਾਰ (The Punjab Government) ਜਲਦ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਕਰ ਰਹੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਜਲਦੀ ਤੋਂ ਜਲਦੀ ਕੇਸ ਤਿਆਰ ਕਰਨ ਤਾਂ ਜੋ ਇਸ ਕੇਸ ਨੂੰ ਪ੍ਰਵਾਨਗੀ ਲਈ ਕੈਬਨਿਟ ਕੋਲ ਭੇਜਿਆ ਜਾ ਸਕੇ।
ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੀਟਿੰਗਾਂ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ। ਉਨ੍ਹਾਂ ਵਿਭਾਗੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਡਰਾਈਵਰ-ਕੰਡਕਟਰਾਂ ਦੇ ਕੇਸਾਂ ਨੂੰ ਵੀ ਹਮਦਰਦੀ ਨਾਲ ਵਿਚਾਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ।
ਇਸੇ ਤਰ੍ਹਾਂ ਨਵੇਂ ਡਰਾਈਵਰਾਂ/ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ ਵੀ ਵਿਚਾਰੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਐਸ.ਓ.ਪੀ. ਕੀਤੀ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਤੁਰੰਤ ਰਾਹਤ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਡੀ.ਕੇ. ਤਿਵਾੜੀ, ਐਮ.ਡੀ. ਪਨਬੱਸ ਰਾਜੀਵ ਕੁਮਾਰ ਗੁਪਤਾ, ਐਮ.ਡੀ. ਪੀ.ਆਰ.ਟੀ.ਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਏ.ਡੀ.ਓ. ਪਨਬੱਸ ਰਾਜੀਵ ਦੱਤਾ, ਜੀ.ਐਮ. ਪੀ.ਆਰ.ਟੀ.ਸੀ ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਲਾਲਜੀਤ ਸਿੰਘ ਭੁੱਲਰ ਨੇ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਣ ਵਾਲੇ ਰਾਤਰੀ ਭੱਤੇ ਵਿੱਚ ਵੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਹੁਣ ਉਨ੍ਹਾਂ ਨੂੰ ਸੂਬੇ ਵਿੱਚ ਰਾਤ ਦੇ ਠਹਿਰਨ ਲਈ 50 ਰੁਪਏ ਦੀ ਬਜਾਏ 85 ਰੁਪਏ ਮਿਲਣਗੇ ਅਤੇ ਦੂਜੇ ਰਾਜਾਂ ਵਿੱਚ ਜਾਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਦਾ ਰਾਤ ਦਾ ਠਹਿਰਨ ਭੱਤਾ 60 ਰੁਪਏ ਤੋਂ ਵਧਾ ਕੇ 120 ਰੁਪਏ ਕਰ ਦਿੱਤਾ ਗਿਆ ਹੈ।