ਪੰਜਾਬ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰਾ ਕਰਕੇ ਸੁਸਾਇਟੀ ਦੇ ਮੁਲਾਜ਼ਮਾਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਦਿੱਤੀ ਜਾਵੇਗੀ।
ਉਨ੍ਹਾਂ ਇਹ ਭਰੋਸਾ ਅੱਜ ਆਪਣੇ ਦਫ਼ਤਰ ਵਿੱਚ ਪੰਜਾਬ ਸਟੇਟ ਇੰਪਲਾਈਜ਼ ਟੀਮ, ਕੰਪਿਊਟਰ ਟੀਚਰਜ਼ ਯੂਨੀਅਨ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਹੋਈ ਮੀਟਿੰਗ ਦੌਰਾਨ ਦਿੱਤਾ। ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਡੈਲੀਗੇਟਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹੋਰ ਮੰਗਾਂ ਵੀ ਮੰਨੀਆਂ ਜਾਣਗੀਆਂ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਣ ਨੂੰ ਰੋਕਣ ਲਈ ਆਪਣੀ 4 ਵਚਨਬੱਧਤਾ ਦੀ ਪੁਸ਼ਟੀ ਕੀਤੀ।
ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਕਿਸੇ ਵੀ ਪ੍ਰੋਗਰਾਮ ਨੂੰ ਸਮਰਪਿਤ ਭਾਵਨਾ ਨਾਲ ਪੂਰਾ ਕਰਨ ਦਾ ਵਾਅਦਾ ਵੀ ਕੀਤਾ। ਇਸ ਤੋਂ ਪਹਿਲਾਂ ਪੰਜਾਬ ਰਾਜ ਮੁਲਾਜ਼ਮ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਹਨਾਂ ਵੱਲੋਂ ਪੇਸ਼ ਕੀਤੇ ਗਏ ਮੰਗ ਪੱਤਰ ’ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।