ਲੁਧਿਆਣਾ : ਸ਼ਹਿਰ ‘ਚ ਮੋਟਰਸਾਈਕਲ, ਸਕੂਟਰ ਅਤੇ ਦੁਕਾਨਾਂ ‘ਚ ਚੋਰੀ ਹੋਣ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ ਪਰ ਫਿਰ ਵੀ ਪੁਲਿਸ ਪ੍ਰਸ਼ਾਸਨ ਹਮੇਸ਼ਾ ਹੀ ਇਨ੍ਹਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰ ਦਿੰਦਾ ਹੈ। ਬੱਸ ਸਟੈਂਡ ਨੇੜੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਨੌਜਵਾਨ ਆਪਣੇ ਮੋਟਰਸਾਈਕਲ ਪਾਰਕ ਕਰਕੇ ਕਿਸੇ ਕੰਮ ਲਈ ਗਏ ਹੋਏ ਸਨ। ਜਦੋਂ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਜਦੋਂ ਸੀ.ਸੀ.ਟੀ.ਵੀ ਫੁਟੇਜ ਦੇਖੀ ਤਾਂ ਉਹ ਵੀ ਹੈਰਾਨ ਰਹਿ ਗਿਆ ਕਿਉਂਕਿ ਸੀ.ਸੀ.ਟੀ.ਵੀ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਇੱਕ ਨੌਜਵਾਨ ਨਿਹੰਗ ਸਿੰਘ ਦੇ ਰੂਪ ਵਿੱਚ ਮੋਟਰਸਾਈਕਲ ’ਤੇ ਬੈਠਾ ਸੀ ਅਤੇ ਫਿਰ ਕਿੱਕ ਮਾਰ ਕੇ ਮੋਟਰਸਾਈਕਲ ਲੈ ਕੇ ਭੱਜ ਗਿਆ। ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ ਪੁਲਿਸ ਚੌਕੀ ਬੱਸ ਸਟੈਂਡ ਵਿਖੇ ਸ਼ਿਕਾਇਤ ਦਰਜ ਕਰਵਾ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਨਿਹੰਗ ਸਿੰਘ ਦੇ ਕੱਪੜੇ ਪਹਿਨੇ ਨੌਜਵਾਨ ਨੇ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਕੀਤਾ।