ਚੰਡੀਗੜ੍ਹ: ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ (The By-Elections) ਕਾਰਨ 20 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ (Punjab Government) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।
ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
3 ਦਿਨਾਂ ਲਈ ਬੰਦ ਰਹਿਣਗੇ ਸਕੂਲ ਅਤੇ ਕਾਲਜ
ਤੁਹਾਨੂੰ ਦੱਸ ਦੇਈਏ ਕਿ ਭਲਕੇ ਤੋਂ ਸੂਬੇ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ 3 ਦਿਨਾਂ ਲਈ ਬੰਦ ਰਹਿਣਗੇ। ਦਰਅਸਲ, 15 ਤੋਂ 17 ਨਵੰਬਰ ਤੱਕ ਸਰਕਾਰੀ ਛੁੱਟੀਆਂ ਹੋਣਗੀਆਂ। ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਇਸ ਦਿਨ ਪੰਜਾਬ, ਚੰਡੀਗੜ੍ਹ ਅਤੇ ਹੋਰ ਕਈ ਰਾਜਾਂ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਸੂਬਾ ਸਰਕਾਰ ਨੇ 16 ਨਵੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਐਲਾਨੀ ਹੈ। ਇਸ ਦੌਰਾਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।