ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਾਲ ਦਿਵਸ ਦੇ ਮੌਕੇ ‘ਤੇ ਬੀਤੇ ਦਿਨ ਇੱਕ ਨਵੀਂ ਵਿਦਿਅਕ ਪਹਿਲਕਦਮੀ ‘ਆਰੰਭ’ ਸ਼ੁਰੂ ਕੀਤੀ, ਜਿਸਦਾ ਉਦੇਸ਼ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਅਤੇ ਮੁਢਲੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣਾ ਹੈ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਬੁਲਾਈ ਗਈ ਸਕੂਲ ਆਫ ਐਮੀਨੈਂਸ ਫੇਜ਼-11 ਮੁਹਾਲੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਚਰਨਪ੍ਰੀਤ ਕੌਰ ਨੂੰ ਸੰਬੋਧਨ ਕੀਤਾ। ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ ਮੌਜੂਦਾ 3.5 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਦੇ ਮੱਦੇਨਜ਼ਰ ਮੁਢਲੀ ਸਿੱਖਿਆ ਦਾ ਮਹੱਤਵ ਬੇਹੱਦ ਜ਼ਰੂਰੀ ਹੈ। 85 ਫੀਸਦੀ ਤੋਂ ਵੱਧ ਦਿਮਾਗੀ ਵਿਕਾਸ 6 ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ ਹੈ, ਇਸ ਗੱਲ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਰੰਭ’ ਪਹਿਲਕਦਮੀ ਦੀ ਸ਼ੁਰੂਆਤ ਬੱਚਿਆਂ ਦੇ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਵਿੱਚ ਮਾਪਿਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਏਗੀ ਜਿਸ ਨਾਲ 3.8 ਲੱਖ ਘੱਟ ਆਮਦਨੀ ਵਾਲੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਲਾਭ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਵਿਕਾਸ ਕਮਿਸ਼ਨ ਅਤੇ ਰਾਕੇਟ ਲਰਨਿੰਗ ਐਨ.ਜੀ.ਓ. ਦੇ ਸਹਿਯੋਗ ਨਾਲ ਸ਼ੁਰੂ ਵਿੱਚ 8 ਜ਼ਿਲ੍ਹਿਆਂ ਲੁਧਿਆਣਾ, ਮੁਹਾਲੀ, ਪਟਿਆਲਾ, ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਜਾਵੇਗਾ। ਪ੍ਰੋਗਰਾਮ ਦੀ ਖਾਸ ਗੱਲ ਇਹ ਸੀ ਕਿ ਫਿਨਲੈਂਡ ਵਿੱਚ ਸਿਖਲਾਈ ਪ੍ਰਾਪਤ 4 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਮਨੋਰੰਜਨ-ਅਧਾਰਿਤ ਅਤੇ ਸੰਪੂਰਨ ਵਿਕਾਸ ਪਹੁੰਚਾਂ ਨੂੰ ਲਾਗੂ ਕਰਨ ਵਿੱਚ ਆਪਣੀ ਮੁਹਾਰਤ ਸਾਂਝੀ ਕੀਤੀ।