ਚੰਡੀਗੜ੍ਹ : ਪੰਜਾਬ ਦੇ ਰਾਸ਼ਨ ਡਿਪੂ ਹੋਲਡਰਾਂ ਲਈ ਵੱਡੀ ਖ਼ਬਰ ਹੈ। ਦਰਅਸਲ, ਪੰਜਾਬ ਸਰਕਾਰ ਨੇ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 8 ਸਾਲਾਂ ਬਾਅਦ ਕਣਕ ਦੀ ਵੰਡ ‘ਤੇ ਡਿਪੂ ਹੋਲਡਰਾਂ ਦੀ ਮਾਰਜਨ ਮਨੀ ਦੁੱਗਣੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2016 ਵਿੱਚ ਇਹ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਇਹ ਵਾਧਾ ਅਪ੍ਰੈਲ, 2024 ਤੋਂ ਲਾਗੂ ਕੀਤਾ ਗਿਆ ਹੈ। ਇਸ ਤਹਿਤ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਦੇ 14,400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਡਿਪੂ ਹੋਲਡਰ ਦੇ 200 ਰਾਸ਼ਨ ਕਾਰਡ/800 ਲਾਭਪਾਤਰੀ ਜੁੜੇ ਹੋਏ ਹਨ ਅਤੇ ਹਰੇਕ ਲਾਭਪਾਤਰੀ ਨੂੰ ਪ੍ਰਤੀ ਮਹੀਨਾ 5 ਕਿਲੋ ਕਣਕ ਦਿੱਤੀ ਜਾਂਦੀ ਹੈ ਤਾਂ ਪਹਿਲਾਂ ਉਸ ਨੂੰ ਕਰੀਬ 2,000 ਰੁਪਏ ਦੀ ਮਾਰਜਨ ਮਨੀ ਮਿਲਦੀ ਸੀ, ਪਰ ਹੁਣ ਵਾਧੇ ਤੋਂ ਬਾਅਦ, ਇਸ ਨਾਲ ਤੁਹਾਨੂੰ ਪ੍ਰਤੀ ਮਹੀਨਾ 3,600 ਰੁਪਏ ਤੱਕ ਦੀ ਮਾਰਜਨ ਮਨੀ ਮਿਲੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਵੇਂ ਰਾਸ਼ਨ ਡਿਪੂ ਖੋਲ੍ਹਣ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ 9,792 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾਣੇ ਹਨ। ਇਨ੍ਹਾਂ ਵਿੱਚੋਂ 8,040 ਪੇਂਡੂ ਖੇਤਰਾਂ ਵਿੱਚ ਅਤੇ 1,742 ਸ਼ਹਿਰੀ ਖੇਤਰਾਂ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਡਿਪੂ ਲਈ ਬਿਨੈ ਕਰਨ ਦੀ ਆਖਰੀ ਮਿਤੀ 5 ਦਸੰਬਰ 2024 ਹੈ।