ਬਠਿੰਡਾ : ਬਠਿੰਡਾ ਦੇ ਰਾਮਪੁਰਾ ਫੂਲ ਨੇੜਲੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਬਦਿਆਲਾ ਤੋਂ ਚਾਉਕੇ ਰੋਡ ‘ਤੇ ਖੇਤਾਂ ‘ਚ ਰਹਿੰਦਾ ਸੀ। ਮ੍ਰਿਤਕਾਂ ਦੀ ਪਛਾਣ ਗਿਆਸ ਸਿੰਘ (66), ਪਤਨੀ ਅਮਰਜੀਤ ਕੌਰ (62) ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪਤੀ-ਪਤਨੀ ਦੇ ਲੜਕੇ ਨੇ ਨਵੀਂ ਦਿੱਲੀ ਤੋਂ ਵਾਰ-ਵਾਰ ਫੋਨ ਕੀਤੇ ਪਰ ਫੋਨ ਨਹੀਂ ਚੁੱਕਿਆ। ਫਿਰ ਉਸ ਨੇ ਪਿੰਡ ਵਾਲਿਆਂ ਨੂੰ ਫੋਨ ਕੀਤਾ ਅਤੇ ਜਦੋਂ ਲੋਕ ਉਨ੍ਹਾਂ ਦੇ ਘਰ ਪਹੁੰਚੇ ਤਾਂ ਦੇਖਿਆ ਕਿ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਮੌਕੇ ‘ਤੇ ਥਾਣਾ ਰਾਮਪੁਰਾ ਅਤੇ ਸੀ.ਆਈ.ਏ. ਸਟਾਫ਼ ਦੀਆਂ ਟੀਮਾਂ ਪਹੁੰਚ ਗਈਆਂ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਹਾਰਾ ਜਨ ਸੇਵਾ ਰਾਮਪੁਰਾ ਫੂਲ ਦੇ ਪ੍ਰਧਾਨ ਸੰਦੀਪ ਵਰਮਾ ਨੇ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।