ਚੰਡੀਗੜ੍ਹ : ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਾਜ਼ੁਕ ਹਾਲਤ ਦਰਮਿਆਨ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਇਸ ਨੇ ਕੇਂਦਰ ਸਰਕਾਰ ਨੂੰ ਵੀ ਇੱਕ ਪੱਤਰ ਭੇਜਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਨੇ ਸਪੱਸ਼ਟ ਤੌਰ ‘ਤੇ ਲਿ ਖਿਆ ਹੈ ਕਿ ਇਹ ਕੇਂਦਰੀ ਬਜਟ 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਵਾਦਤ ਉਪਬੰਧਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੈ। ਕੇਂਦਰ ਨੂੰ ਕਿਹਾ ਗਿਆ ਹੈ ਕਿ ਉਹ ਅਜਿਹੀ ਕੋਈ ਨੀਤੀ ਨਾ ਲਿਆਵੇ ਅਤੇ ਰਾਜਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਮੁੱਦਾ ਪੰਜਾਬ ਸਰਕਾਰ ’ਤੇ ਛੱਡੇ।
ਪੰਜਾਬ ਸਰਕਾਰ ਨੇ ਪੱਤਰ ਵਿੱਚ ਸਵਾਲ ਉਠਾਇਆ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਸਭ ਤੋਂ ਅਹਿਮ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਖਰੜੇ ਵਿੱਚ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ। ਖਰੜੇ ਵਿੱਚ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਨੂੰ ਅਪ੍ਰਸੰਗਿਕ ਬਣਾਉਣ ਲਈ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ, ਜੋ ਸੂਬੇ ਨੂੰ ਮਨਜ਼ੂਰ ਨਹੀਂ ਹੈ। ਪੰਜਾਬ ਦੀ ਆਪਣੀ ਮੰਡੀ ਪ੍ਰਣਾਲੀ ਹੈ। ਡਰਾਫਟ ਵਿੱਚ ਮੰਡੀ ਫੀਸਾਂ ‘ਤੇ ਇੱਕ ਸੀਮਾ ਲਗਾਈ ਗਈ ਹੈ, ਜਿਸ ਨਾਲ ਪੰਜਾਬ ਵਿੱਚ ਮੰਡੀ ਨੈੱਟਵਰਕ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਨੁਕਸਾਨ ਹੋਵੇਗਾ।
ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 46ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਦੀ ਹੈ ਤਾਂ ਉਹ ਆਪਣਾ ਮਰਨ ਵਰਤ ਖ਼ਤਮ ਕਰ ਦੇਣਗੇ। ਦੂਜੇ ਪਾਸੇ ਕਿਸਾਨਾਂ ਨੇ ਅੱਜ 10 ਜਨਵਰੀ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ।