ਅੰਮ੍ਰਿਤਸਰ : ਬੀਤੇ ਦਿਨੀਂ ਵਰਕਿੰਗ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਸੀ। ਇਸ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਬੀਤੇ ਦਿਨੀਂ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਸਟੈਂਡ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਕਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਸਟੈਂਡ ਲੈਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਲੈ ਕੇ ਕੋਈ ਢਿੱਲ ਮੱਠ ਨਹੀਂ ਦੇਖਣੀ ਚਾਹੀਦੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਰਕਿੰਗ ਕਮੇਟੀ ਵੱਲੋਂ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਸਾਰਥਕ ਕਦਮ ਚੁੱਕੇ ਗਏ ਹਨ, ਜੋ ਕਿ ਚੰਗੀ ਗੱਲ ਹੈ। ਜਥੇਦਾਰ ਨੇ ਕਿਹਾ ਕਿ 2 ਦਸੰਬਰ ਨੂੰ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦਾ ਮੁੱਖੀ ਪ੍ਰਧਾਨ ਧਾਮੀ ਨੂੰ ਬਣਾਇਆ ਗਿਆ ਸੀ। ਕੱਲ੍ਹ ਮੀਟਿੰਗ ‘ਚ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਵੀ ਸਟੈਂਡ ਕਰਦੀ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਹੋਈ ਅਤੇ ਉਹ ਵੀ ਮੁੱਖ ਭੁਮਿਕਾ ਰੱਖਦੀ ਹੈ।