ਚੰਡੀਗੜ੍ਹ: ਪੰਜਾਬ ਸਰਕਾਰ (The Punjab Government) ਨੇ ਸੁਪਰੀਮ ਕੋਰਟ (The Supreme Court) ਦੇ ਹੁਕਮਾਂ ਦੇ ਬਾਵਜੂਦ 3 ਨਗਰ ਕੌਂਸਲਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਹਾਈਕੋਰਟ ਨੇ ਇਸ ਲਈ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਬੀਤੇ ਦਿਨ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ।
ਪਟੀਸ਼ਨਰ ਦੀ ਤਰਫੋਂ ਐਡਵੋਕੇਟ ਭੀਸ਼ਮ ਕਿੰਗਰ ਨੇ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਤਰਨਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਲਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਮੰਗਲਵਾਰ ਨੂੰ ਸੁਣਵਾਈ ਦੌਰਾਨ ਰਾਜ ਚੋਣ ਕਮਿਸ਼ਨ ਨੇ ਵੀ ਇਸ ਸਬੰਧੀ ਜਵਾਬ ਦੇਣ ਲਈ ਸਮਾਂ ਮੰਗਿਆ ਸੀ। ਇਨ੍ਹਾਂ 3 ਵਿੱਚੋਂ 2 ਨਗਰ ਕੌਂਸਲਾਂ ਦੀਆਂ ਚੋਣਾਂ 2020 ਤੋਂ ਪਹਿਲਾਂ ਹੋਣੀਆਂ ਚਾਹੀਦੀਆਂ ਸਨ ਪਰ ਸਰਕਾਰ ਨੇ 4 ਸਾਲਾਂ ਤੋਂ ਚੋਣਾਂ ਨਹੀਂ ਕਰਵਾਈਆਂ।