ਜਲੰਧਰ : ਜਲੰਧਰ-ਪਠਾਨਕੋਟ ਰੋਡ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਘਟਨਾ ਵਾਲੀ ਥਾਂ ‘ਤੇ ਭਾਰੀ ਹੰਗਾਮਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਬੱਸ ਨੇ ਇੱਕ ਬਾਈਕ, ਇੱਕ ਰੇਹੜੀ ਵਾਲੇ ਅਤੇ ਇੱਕ ਹੋਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ 40 ਸਾਲਾ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਥਾਣਾ ਮਕਸੂਦਾਂ ਦੇ ਏ.ਐਸ.ਆਈ ਨਰਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਬਾਈਕ ਅਤੇ ਸਟਰੀਟ ਵੈਂਡਰ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਬਾਈਕ ਸਵਾਰ ਦੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਪਠਾਨਕੋਟ ਤੋਂ ਆ ਰਹੀ ਸੀ। ਘਟਨਾ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿੱਚੋਂ ਉਤਾਰ ਕੇ ਦੂਜੀ ਬੱਸ ਵਿੱਚ ਭੇਜ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।
ਇਸ ਦੌਰਾਨ ਲੋਕਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਇੱਕ ਹੋਰ ਵਿਅਕਤੀ ਦੀ ਵੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਵਿਅਕਤੀ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਘਟਨਾ ਵਿੱਚ ਬੱਸ ਦੀ ਲਪੇਟ ਵਿੱਚ ਆ ਕੇ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ। ਲੋਕਾਂ ਦਾ ਦੋਸ਼ ਹੈ ਕਿ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।